- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਹੁਜਨ ਸਮਾਜ ਪਾਰਟੀ ਵੱਲੋਂ

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਮੋਗਾ: ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਨੂੰ ਬਚਾਉਣ ਅਤੇ ਲੋਕ ਹਿੱਤਾਂ ਦੇ ਮੁੱਦਿਆਂ ਨੂੰ ਉਭਾਰਨ ਲਈ ਚਲਾਈ ਜਾ ਰਹੀ ‘ਪੰਜਾਬ ਸੰਭਾਲੋ ਮੁਹਿੰਮ’ ਤਹਿਤ 26 ਨਵੰਬਰ ਨੂੰ ਫਿਲੌਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਮਹਾਂਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਮਹਾਂਰੈਲੀ ਨੂੰ ਕਾਮਯਾਬ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿਚ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਸੂਬਾ ਸਕੱਤਰ ਸੰਤ ਰਾਮ ਮੱਲੀਆ, ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਸਹੋਤਾ, ਜ਼ਿਲ੍ਹਾ ਲੇਡੀਜ਼ ਵਿੰਗ ਕਨਵੀਨਰ ਸੁਨੀਤਾ ਰਾਣੀ, ਹਲਕਾ ਪ੍ਰਧਾਨ ਬਲਵਿੰਦਰ ਸਿੰਘ ਅਤੇ ਹਲਕਾ ਸਕੱਤਰ ਕਰਮ ਚੰਦ ਢੋਲੇਵਾਲ ਵੀ ਮੌਜੂਦ ਰਹੇ। ਇਸ ਮੌਕੇ ਆਗੂਆਂ ਨੇ ਕਿਹਾ ਕਿ 26 ਨਵੰਬਰ ਨੂੰ ਫਿਲੌਰ ਵਿਖੇ ਹੋਣ ਵਾਲੀ ਮਹਾਂਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਪੂਰੀ ਤਨਦੇਹੀ ਨਾਲ ਜ਼ਿੰਮੇਵਾਰੀਆਂ ਨਿਭਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ‘ਪੰਜਾਬ ਸੰਭਾਲੋ ਮੁਹਿੰਮ’ ਦਾ ਮਕਸਦ ਲੋਕਾਂ ਨੂੰ ਆਪਣੇ ਹੱਕਾਂ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਅਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਾ ਹੈ। ਮੀਟਿੰਗ ਦੌਰਾਨ ਫਿਲੌਰ ਮਹਾਂਰੈਲੀ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪਾਰਟੀ ਪੱਧਰ ’ਤੇ ਲਾਮਬੰਦੀ ਕਰਨ ਅਤੇ ਪਿੰਡਾਂ ਵਿਚ ਵਰਕਰਾਂ ਨਾਲ ਸੰਪਰਕ ਤੇਜ਼ ਕਰਨ ਬਾਰੇ ਵੀ ਵਿਚਾਰਾਂ ਕੀਤੀਆਂ ਗਈਆਂ। ਆਗੂਆਂ ਨੇ ਸਮੂਹ ਪਾਰਟੀ ਵਰਕਰਾਂ ਨੂੰ ਮਹਾਂਰੈਲੀ ਵਿਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।