- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੀਟਿੰਗ ਦੌਰਾਨ ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025, ਜਨਤਕ ਖੇਤਰ ਦੇ ਨਿੱਜੀਕਰਨ, ਚਾਰ ਲੇਬਰ ਕੋਡ ਅਤੇ ਮਗਨਰੇਗਾ ਨਾਲ ਜੁੜੇ ਮਸਲਿਆਂ ’ਤੇ ਗੰਭੀਰ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖੁਰਦ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਜਸਮੇਲ ਸਿੰਘ ਰਾਜਿਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ 2025 ਨੂੰ ਤੁਰੰਤ ਵਾਪਸ ਕਰਵਾਉਣ ਲਈ ਵੱਡੇ ਪੱਧਰ ’ਤੇ ਜਨਤਕ ਲਾਮਬੰਦੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਨਤਕ ਅਦਾਰਿਆਂ ਦੇ ਨਿੱਜੀਕਰਨ ਅਤੇ ਸਰਕਾਰੀ ਜ਼ਮੀਨਾਂ ਵੇਚਣ ਦੀ ਨੀਤੀ ਆਮ ਲੋਕਾਂ ਦੇ ਹੱਕਾਂ ’ਤੇ ਸਿੱਧਾ ਹਮਲਾ ਹੈ, ਜਿਸਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਕਿਹਾ ਕਿ ਬਿਜਲੀ ਵਰਗੀ ਅਹਿਮ ਜਨਤਕ ਸੇਵਾ ਨੂੰ ਮੰਡੀ ਦੀ ਵਸਤੂ ਬਣਾਉਣ ਦੀ ਕੋਸ਼ਿਸ਼ ਮੋਦੀ ਸਰਕਾਰ ਦੀ ਕਾਰਪੋਰੇਟ ਪੱਖੀ ਨੀਤੀ ਦਾ ਨਤੀਜਾ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ 2025 ’ਤੇ ਧਾਰੀ ਚੁੱਪ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਚੁੱਪ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਅਪਰੋਖ ਹਮਾਇਤ ਦੇਣ ਦੇ ਬਰਾਬਰ ਹੈ। ਕੌਮੀ ਇਨਸਾਫ਼ ਮੋਰਚੇ ਦੀ ਹਮਾਇਤ ਕਰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਜਸਪਾਲ ਸਿੰਘ ਪੁਰਾਣੇਵਾਲਾ ਨੇ ਦੱਸਿਆ ਕਿ ਮੋਰਚੇ ਦੇ ਸੱਦੇ ’ਤੇ 12 ਜਨਵਰੀ ਨੂੰ ਟੋਲ ਪਲਾਜੇ ਫਰੀ ਕਰਵਾਏ ਜਾਣਗੇ ਅਤੇ 26 ਜਨਵਰੀ ਨੂੰ ਬੀਜੇਪੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ, ਜਿਸ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗੀ। ਮੀਟਿੰਗ ਦੌਰਾਨ ਚੋਣਾਂ ਸਮੇਂ ਡਿਊਟੀ ਦੌਰਾਨ ਸ਼ਹੀਦ ਹੋਏ ਦੋ ਅਧਿਆਪਕਾਂ ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਬੱਚਿਆਂ ਦੀ ਮੁਫ਼ਤ ਪੜ੍ਹਾਈ ਦੀ ਮੰਗ ਲਈ ਡੈਮੋਕ੍ਰੇਟਿਕ ਟੀਚਰ ਫਰੰਟ ਦੇ ਸੰਘਰਸ਼ ਦੀ ਹਮਾਇਤ ਵੀ ਕੀਤੀ ਗਈ। ਇਸ ਦੇ ਨਾਲ ਹੀ ਕੁਝ ਪੱਤਰਕਾਰਾਂ ’ਤੇ ਪਰਚੇ ਦਰਜ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ। ਇਸੇ ਦੌਰਾਨ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਮੁਕੇਸ਼ ਮਲੌਦ ਦੀ ਗਿਰਫ਼ਤਾਰੀ ਦੀ ਸਖ਼ਤ ਨਿਖੇਧੀ ਕਰਦਿਆਂ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ ਅਤੇ ਕਮੇਟੀ ਨਾਲ ਪੂਰੀ ਹਮਾਇਤ ਜਤਾਈ ਗਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜ਼ਿਲ੍ਹਾ ਮੀਤ ਪ੍ਰਧਾਨ ਜਸਪਾਲ ਸਿੰਘ ਪੁਰਾਣੇਵਾਲਾ, ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇਖੁਰਦ, ਜ਼ਿਲ੍ਹਾ ਪ੍ਰੈਸ ਸਕੱਤਰ ਜਸਮੇਲ ਸਿੰਘ ਰਾਜਿਆਣਾ, ਔਰਤ ਵਿੰਗ ਦੀ ਜ਼ਿਲ੍ਹਾ ਕਨਵੀਨਰ ਛਿੰਦਰਪਾਲ ਕੌਰ ਰੋਡੇ ਖੁਰਦ ਸਮੇਤ ਕਈ ਕਿਸਾਨ ਆਗੂ ਹਾਜ਼ਰ ਰਹੇ।