ਕਿਸਾਨ ਯੂਨੀਅਨ ਨੇ ਧਰਨੇ ਦੀ ਤਿਆਰੀ ਸਬੰਧੀ ਕੀਤੀ ਲਾਮਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ
Publish Date: Fri, 17 Jul 2026 04:12 PM (IST)
Updated Date: Fri, 17 Jul 2026 04:16 PM (IST)
22 ਜੁਲਾਈ ਨੂੰ ਟੋਲ ਪਲਾਜ਼ੇ ਮੁਫ਼ਤ ਕਰ ਕੇ ਕੀਤਾ ਜਾਵੇਗੀ ਪ੍ਰਦਰਸ਼ਨ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਮੋਗਾ ਇਕਾਈ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ 22 ਜੁਲਾਈ ਨੂੰ ਟੋਲ ਪਲਾਜ਼ਿਆਂ ਨੂੰ ਮੁਫ਼ਤ ਕਰਵਾਉਣ ਦੇ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਵਿਸਥਾਰ ਨਾਲ ਰਣਨੀਤੀ ਤਿਆਰ ਕੀਤੀ ਗਈ। ਆਗੂਆਂ ਨੇ ਕਿਹਾ ਕਿ ਇਸ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ ਅਤੇ ਆਮ ਲੋਕ ਸ਼ਮੂਲੀਅਤ ਕਰਨਗੇ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੋਵੇਂ ਹੀ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਦਮਨਕਾਰੀ ਨੀਤੀਆਂ ਅਪਣਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ 22 ਜੁਲਾਈ ਨੂੰ ਟੋਲ ਪਲਾਜ਼ੇ ਮੁਫ਼ਤ ਕਰਕੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਸੰਘਰਸ਼ ਭਾਰਤ–ਅਮਰੀਕਾ ਵਪਾਰ ਸਮਝੌਤੇ, ਵਧ ਰਹੀ ਮਹਿੰਗਾਈ ਅਤੇ ਆਮ ਲੋਕਾਂ ਉੱਤੇ ਪੈ ਰਹੇ ਆਰਥਿਕ ਬੋਝ ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਭਾਰਤ–ਅਮਰੀਕਾ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਤੁਰੰਤ ਵਾਪਸ ਲਈਆਂ ਜਾਣ, ਮਹਿੰਗਾਈ ਵਧਾਉਣ ਵਾਲੇ ਕਦਮ ਰੋਕੇ ਜਾਣ, ਆਮ ਲੋਕਾਂ ਉੱਤੇ ਟੈਕਸਾਂ ਦਾ ਬੋਝ ਘਟਾਇਆ ਜਾਵੇ ਅਤੇ ਵੱਡੀਆਂ ਬਹੁਕੌਮੀ ਕੰਪਨੀਆਂ, ਕਾਰਪੋਰੇਟ ਘਰਾਣਿਆਂ ਅਤੇ ਵੱਡੇ ਜ਼ਮੀਨਦਾਰਾਂ ਤੋਂ ਯੋਗ ਟੈਕਸ ਵਸੂਲ ਕਰਕੇ ਸਰਕਾਰੀ ਖ਼ਜ਼ਾਨਾ ਮਜ਼ਬੂਤ ਕੀਤਾ ਜਾਵੇ ਤਾਂ ਜੋ ਲੋਕ ਭਲਾਈ ਦੇ ਕੰਮਾਂ ਤੇ ਖ਼ਰਚ ਕੀਤਾ ਜਾ ਸਕੇ। ਪੰਜਾਬ ਸਰਕਾਰ ਦੀ ਪ੍ਰਸਤਾਵਿਤ ਲੈਂਡ ਪੂਲਿੰਗ ਨੀਤੀ ਬਾਰੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਇਹ ਨੀਤੀ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦਾ ਰਾਹ ਪੱਧਰਾ ਕਰੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਹ ਨੀਤੀ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਸੂਬਾ ਪੱਧਰ ਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਖੰਨਾ ਵਿਖੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਨੇੜੇ ਆਪਣੀਆਂ ਮੰਗਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਨਰੇਗਾ ਕਰਮਚਾਰੀਆਂ ਤੇ ਹੋਏ ਲਾਠੀਚਾਰਜ ਦੀ ਵੀ ਸਖ਼ਤ ਨਿੰਦਾ ਕੀਤੀ। ਜਥੇਬੰਦੀ ਨੇ ਮੰਗ ਕੀਤੀ ਕਿ ਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਮੀਟਿੰਗ ਵਿਚ ਗੁਰਮੀਤ ਸਿੰਘ ਕਿਸ਼ਨਪੁਰਾ, ਬਲੌਰ ਸਿੰਘ ਘੱਲਕਲਾਂ, ਗੁਰਦੇਵ ਸਿੰਘ ਕਿਸ਼ਨਪੁਰਾ, ਜਸਵਿੰਦਰ ਸਿੰਘ ਘੱਲਕਲਾਂ, ਗੁਰਚਰਨ ਸਿੰਘ ਰਾਮਾ, ਕੇਵਲ ਕ੍ਰਿਸ਼ਨ ਬੱਧਨੀ, ਬਲਜੀਤ ਸਿੰਘ ਸੁਖਾਨੰਦ, ਗੁਰਦੇਵ ਸਿੰਘ ਵਰੇ, ਜੰਗੀਰ ਸਿੰਘ ਹਿੰਮਤਪੁਰਾ, ਸੁਖਜੀਤ ਸਿੰਘ ਲੰਡੇ ਕੇ, ਅਮਰੀਕ ਸਿੰਘ ਘੋਲੀਆ, ਨਛੱਤਰ ਸਿੰਘ ਝੰਡੇਵਾਲਾ, ਇਕਬਾਲ ਸਿੰਘ ਸਿੰਘਾਂਵਾਲਾ, ਜਗਦੇਵ ਸਿੰਘ ਸਿੰਘਾਂਵਾਲਾ, ਬੂਟਾ ਸਿੰਘ ਭਾਗੀਕੇ, ਕੁਲਦੀਪ ਕੌਰ ਕੁੱਸਾ, ਕਰਮਜੀਤ ਕੌਰ ਹਿੰਮਤਪੁਰਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।