- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਮੋਗਾ ਦੀਆਂ ਅਨਾਜ ਮੰਡੀਆਂ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਜ਼ਿਲ੍ਹਾ ਮੋਗਾ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 1,97,270 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 1,71,600 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਖਰੀਦੀ ਗਈ ਫ਼ਸਲ ਦੇ ਬਦਲੇ 324 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਸਹੂਲਤ ਨੂੰ ਤਰਜੀਹ ਦਿੰਦਿਆਂ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਾਲ-ਨਾਲ ਖਰੀਦੀ ਗਈ ਫ਼ਸਲ ਦੀ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਉਣ ਲਈ ਸਬੰਧਤ ਖਰੀਦ ਏਜੰਸੀਆਂ ਅਤੇ ਵਿਭਾਗਾਂ ਨਾਲ ਲਗਾਤਾਰ ਤਾਲਮੇਲ ਰੱਖਿਆ ਜਾ ਰਿਹਾ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਦੇ ਵੇਰਵੇ ਸਾਂਝੇ ਕਰਦਿਆਂ ਡੀਸੀ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 82,412 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 45,251 ਮੀਟ੍ਰਿਕ ਟਨ, ਪਨਸਪ ਵੱਲੋਂ 27,894 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 16,043 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਲਈ ਬੁਨਿਆਦੀ ਸਹੂਲਤਾਂ ਅਤੇ ਖਰੀਦ ਪ੍ਰਕਿਰਿਆ ਨਾਲ ਸਬੰਧਤ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਰੀਦ, ਲਿਫਟਿੰਗ ਅਤੇ ਅਦਾਇਗੀ ਦੇ ਕੰਮ ਨੂੰ ਸੁਚਾਰੂ ਰੱਖਣ ਲਈ ਸਬੰਧਤ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਗਈ ਹੈ। ਡੀਸੀ ਸਾਗਰ ਸੇਤੀਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਖਰੀਦ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਕਿਹਾ ਕਿ ਝੋਨੇ ਵਿਚ ਵੱਧ ਨਮੀ ਹੋਣ ਕਾਰਨ ਖਰੀਦ ਪ੍ਰਕਿਰਿਆ ਪ੍ਰਭਾਵਿਤ ਹੋ ਸਕਦੀ ਹੈ, ਇਸ ਲਈ ਕਿਸਾਨ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾਉਣ ਉਪਰੰਤ ਹੀ ਮੰਡੀ ਵਿਚ ਲਿਆਉਣ ਨੂੰ ਤਰਜੀਹ ਦੇਣ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਨਿਰਧਾਰਤ ਸਮੇਂ ਅਨੁਸਾਰ ਦਿਨ ਵੇਲੇ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸਵੇਰ ਵੇਲੇ ਤਰੇਲ ਅਤੇ ਸ਼ਾਮ ਸਮੇਂ ਵਧਦੀ ਨਮੀ ਕਾਰਨ ਝੋਨੇ ਦੀ ਗੁਣਵੱਤਾ ਪ੍ਰਭਾਵਿਤ ਹੋ ਸਕਦੀ ਹੈ, ਜਿਸ ਨਾਲ ਮੰਡੀਆਂ ਵਿੱਚ ਖਰੀਦ ਸਮੇਂ ਮੁਸ਼ਕਲਾਂ ਪੈਦਾ ਹੋਣ ਦੀ ਸੰਭਾਵਨਾ ਰਹਿੰਦੀ ਹੈ। ਡੀਸੀ ਨੇ ਕਿਹਾ ਕਿ ਕਿਸਾਨਾਂ, ਖਰੀਦ ਏਜੰਸੀਆਂ ਅਤੇ ਸਬੰਧਤ ਵਿਭਾਗਾਂ ਦੇ ਆਪਸੀ ਸਹਿਯੋਗ ਨਾਲ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਮੰਡੀਆਂ ਵਿਚ ਲਿਆਉਣ ਦੀ ਅਪੀਲ ਕੀਤੀ।