- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਦੇ ਨਸ਼ਿਆਂ ਵਿਰੁੱਧ

ਸਟਾਫ ਰਿਪੋਰਟਰ ਪੰਜਾਬੀ ਜਾਗਰਣ ਮੋਗਾ : ਪੰਜਾਬ ਸਰਕਾਰ ਦੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਦਾਅਵੇ ਜ਼ਮੀਨੀ ਹਕੀਕਤ ਸਾਹਮਣੇ ਬੇਅਸਰ ਸਾਬਤ ਹੋ ਰਹੇ ਹਨ ਅਤੇ ਸਰਕਾਰ ਜਵਾਬ ਦੇਵੇ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਸਲ ਵਿਚ ਕੀ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਕੈਨੇਡਾ ਵੈਸਟ ਦੇ ਸੀਨੀਅਰ ਆਗੂਆਂ ਪਵਨ ਗਰੋਵਰ ਅਜੀਤਵਾਲ, ਕਮਲਜੀਤ ਸਿੰਘ ਮੋਗਾ ਅਤੇ ਜਗਰਾਜ ਸਿੰਘ ਜੱਗਾ ਮੋਗਾ ਨੇ ਜਾਰੀ ਪ੍ਰੈਸ ਬਿਆਨ ਰਾਹਂ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਇਹ ਘਟਨਾ ਬੇਹੱਦ ਦੁਖਦਾਈ ਹੈ ਅਤੇ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਵਿਰੁੱਧ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੇ ਨਾਮ ’ਤੇ ਵੱਡੇ-ਵੱਡੇ ਐਲਾਨ ਅਤੇ ਪ੍ਰਚਾਰ ਕੀਤਾ ਜਾਂਦਾ ਹੈ ਜੋ ਕਿ ਅਸਲੀਅਤ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਖਰਚੇ ਜਾ ਰਹੇ ਜਨਤਕ ਪੈਸੇ ਅਤੇ ਕੀਤੇ ਜਾ ਰਹੇ ਦਾਅਵਿਆਂ ਦਾ ਪਾਰਦਰਸ਼ੀ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਣਾ ਚਾਹੀਦਾ ਹੈ। ਪੰਜਾਬ ਦੇ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਉੱਕਤ ਆਗੂਆਂ ਨੇ ਕਿਹਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਿਰਫ਼ ਸਰਕਾਰੀ ਇਸ਼ਤਿਹਾਰਾਂ ਅਤੇ ਭਾਸ਼ਣਾਂ ਨਾਲ ਸੰਭਵ ਨਹੀਂ, ਇਸ ਲਈ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ 'ਚ ਹੋ ਰਹੇ ਕਤਲੋਗਾਰ ਅਤੇ ਹਿੰਸਕ ਘਟਨਾਵਾਂ ਜਿੱਥੇ ਸਰਕਾਰ ਦੀ ਜਵਾਬਦੇਹੀ ਮੰਗਦੀਆਂ ਹਨ ਉੱਥੇ 'ਪਰਵਿੰਦਰ ਝੋਟਾ' ਦਾ ਕਤਲ ਸਰਕਾਰ ਦੇ ਕਫ਼ਨ 'ਚ ਆਖ਼ਰੀ ਕਿੱਲ ਸਾਬਤ ਹੋਵੇਗਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਲੋਕਾਂ ਨੂੰ ਸਿਰਫ਼ ਨਾਅਰੇ ਅਤੇ ਵਾਅਦੇ ਨਹੀਂ, ਸਗੋਂ ਸੁਰੱਖਿਆ, ਜਵਾਬਦੇਹੀ ਅਤੇ ਨਤੀਜੇ ਚਾਹੀਦੇ ਹਨ। ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਮੁਲਜ਼ਮਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ।