- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ ਅਤੇ ਹਰਮਨਪ੍ਰੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਿਸਾਨ ਮੇਲੇ ਦੌਰਾਨ ਕਿਸਾਨ ਜਥੇਬੰਦੀਆਂ ਨੂੰ ਧਰਨਿਆਂ ਦੀ ਬਜਾਏ ਸਿੱਧੀ ਗੱਲਬਾਤ ਕਰਨ ਦੀ ਕੀਤੀ ਅਪੀਲ ’ਤੇ ਪ੍ਰਤੀਕਿਰਿਆ ਦਿੱਤੀ ਹੈ। ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਕਿਹਾ ਸੀ ਕਿ ਕਿਸੇ ਵੀ ਮਸਲੇ ਸਬੰਧੀ ਪਹਿਲਾਂ ਸਰਕਾਰ ਨਾਲ ਸਿੱਧੀ ਮੀਟਿੰਗ ਕੀਤੀ ਜਾਵੇ ਅਤੇ ਧਰਨਿਆਂ ਦਾ ਰਾਹ ਨਾ ਅਪਣਾਇਆ ਜਾਵੇ। ਇਸੇ ਦੌਰਾਨ ਉਨ੍ਹਾਂ ਨੇ ਹਲਕੇ-ਫੁਲਕੇ ਅੰਦਾਜ਼ ਵਿੱਚ ਆਪਣੇ ਆਪ ਨੂੰ ਕਿਸਾਨਾਂ ਦਾ ‘ਮਿੱਤਰ ਕੀੜਾ’ ਦੱਸਿਆ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਧਰਨੇ ਲਾਉਣ ਦਾ ਕੋਈ ਸ਼ੌਕ ਨਹੀਂ ਹੁੰਦਾ। ਕਿਸਾਨ ਆਪਣਾ ਕੀਮਤੀ ਸਮਾਂ, ਖੇਤੀਬਾੜੀ ਦਾ ਕੰਮ ਅਤੇ ਪਰਿਵਾਰਕ ਜ਼ਿੰਮੇਵਾਰੀਆਂ ਛੱਡ ਕੇ ਸੜਕਾਂ ’ਤੇ ਤਾਂ ਹੀ ਉਤਰਦਾ ਹੈ ਜਦੋਂ ਉਸ ਦੀਆਂ ਹੱਕੀ ਮੰਗਾਂ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਨਾ ਸੁਣਿਆ ਜਾਵੇ ਜਾਂ ਵਾਰ-ਵਾਰ ਗੱਲਬਾਤ ਦੇ ਬਾਵਜੂਦ ਮਸਲਿਆਂ ਦਾ ਹੱਲ ਨਾ ਨਿਕਲੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਨਾਲ ਸਿੱਧੇ ਸੰਵਾਦ ਨੂੰ ਤਰਜੀਹ ਦੇਵੇਗੀ ਤਾਂ ਕਿਸਾਨ ਜਥੇਬੰਦੀਆਂ ਵੀ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੇ ਰਸਤੇ ਨੂੰ ਮਹੱਤਵ ਦੇਣਗੀਆਂ। ਭੁਪਿੰਦਰ ਸਿੰਘ ਦੌਲਤਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ‘ਮਿੱਤਰ ਕੀੜਾ’ ਕਹਿਣ ਦੀ ਗੱਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਾਕਈ ਕਿਸਾਨਾਂ ਨੂੰ ਆਪਣਾ ਸਾਥੀ ਅਤੇ ਮਿੱਤਰ ਮੰਨਦੀ ਹੈ ਤਾਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਵੀ ਉਸੇ ਭਾਵਨਾ ਨਾਲ ਸੁਣਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਫਾਰਮਰ ਹੈ ਤਾਂ ਫੂਡ ਹੈ’ ਅਤੇ ਕਿਸਾਨੀ ਸਿਰਫ਼ ਕਿਸਾਨਾਂ ਤੱਕ ਸੀਮਤ ਮਸਲਾ ਨਹੀਂ ਹੈ। ਖੇਤੀਬਾੜੀ ਨਾਲ ਪੰਜਾਬ ਦੇ ਵਪਾਰੀ, ਆੜ੍ਹਤੀਏ, ਦੁਕਾਨਦਾਰ, ਮਜ਼ਦੂਰ, ਖੇਤੀ ਸੰਦਾਂ ਨਾਲ ਜੁੜੇ ਕਾਰੋਬਾਰੀ ਅਤੇ ਹੋਰ ਕਈ ਵਰਗਾਂ ਦੀ ਆਰਥਿਕਤਾ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੁੜੀ ਹੋਈ ਹੈ। ਇਸ ਲਈ ਸਰਕਾਰ ਨੂੰ ਕਿਸਾਨਾਂ ਅਤੇ ਸਮਾਜ ਦੇ ਹੋਰ ਵਰਗਾਂ ਵਿਚਕਾਰ ਭਰੋਸਾ ਮਜ਼ਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਸੰਯੁਕਤ ਕਿਸਾਨ ਮੋਰਚੇ ਅਤੇ ਹੋਰ ਕਿਸਾਨ ਜਥੇਬੰਦੀਆਂ ਨਾਲ ਨਿਯਮਤ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਧਰਨੇ ਅਤੇ ਸੰਘਰਸ਼ ਕਿਸਾਨਾਂ ਦੀ ਪਹਿਲੀ ਪਸੰਦ ਨਹੀਂ ਹੁੰਦੇ, ਪਰ ਜਦੋਂ ਗੱਲਬਾਤ ਦੇ ਦਰਵਾਜ਼ੇ ਬੰਦ ਹੋਣ ਜਾਂ ਮੰਗਾਂ ਨੂੰ ਅਣਗੌਲਿਆ ਕੀਤਾ ਜਾਵੇ ਤਾਂ ਕਿਸਾਨਾਂ ਕੋਲ ਸੰਘਰਸ਼ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਰਹਿੰਦਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਨਮਾਨਜਨਕ ਅਤੇ ਖੁੱਲ੍ਹੇ ਮਨ ਨਾਲ ਕਿਸਾਨਾਂ ਨਾਲ ਗੱਲਬਾਤ ਕਰੇਗੀ ਤਾਂ ਮਸਲਿਆਂ ਦੇ ਹੱਲ ਲਈ ਸਕਾਰਾਤਮਕ ਮਾਹੌਲ ਬਣਾਇਆ ਜਾ ਸਕਦਾ ਹੈ।