ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਦੀ ਰੋਕਥਾਮ ਲਈ ਵਿਭਾਗੀ ਕਾਰਵਾਈਆਂ ਹੋਰ ਤੇਜ਼ ਕਰਨ ਦੇ ਨਿਰਦੇਸ਼: ਜਸਪਿੰਦਰ ਸਿੰਘ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ
Publish Date: Wed, 30 Sep 2026 03:46 PM (IST)
Updated Date: Wed, 30 Sep 2026 03:48 PM (IST)
ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਪ੍ਰਸ਼ਾਸਨ ਮੁਸਤੈਦ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਮੋਗਾ ਜਸਪਿੰਦਰ ਸਿੰਘ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਇੰਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਚੱਲ ਰਹੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਨਿਰੰਤਰ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਨਗਰ ਨਿਗਮ, ਐੱਸਡੀਐੱਮ ਦਫ਼ਤਰ, ਜਲ ਸਪਲਾਈ ਤੇ ਸੀਵਰੇਜ ਬੋਰਡ, ਪੰਚਾਇਤੀ ਰਾਜ, ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਦੇ ਨੁਮਾਇੰਦਿਆਂ ਵੱਲੋਂ ਆਪੋ-ਆਪਣੇ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੀ ਰੋਕਥਾਮ ਲਈ ਸਾਰੇ ਸਬੰਧਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਨਾਲ ਕੰਮ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੱਛਰਾਂ ਦੀ ਬ੍ਰੀਡਿੰਗ ਨੂੰ ਰੋਕਣ ਦੇ ਨਾਲ-ਨਾਲ ਲੋਕਾਂ ਨੂੰ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨਾ ਵੀ ਲਗਾਤਾਰ ਜਾਰੀ ਰੱਖਿਆ ਜਾਵੇ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਸਿਹਤ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਬੁਖਾਰ ਵਾਲੇ ਮਰੀਜ਼ਾਂ ਦੀ ਮੁਫ਼ਤ ਜਾਂਚ ਲਈ ਖੂਨ ਦੇ ਨਮੂਨੇ ਲਏ ਜਾਂਦੇ ਹਨ। ਮਲੇਰੀਆ ਦੀ ਰਿਪੋਰਟ ਪਾਜ਼ੀਟਿਵ ਆਉਣ ’ਤੇ ਮਰੀਜ਼ ਨੂੰ ਮੁਫ਼ਤ ਅਤੇ ਪੂਰਾ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਜਸਪਿੰਦਰ ਸਿੰਘ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਛੱਪੜਾਂ ਵਿਚ ਮੱਛਰਾਂ ਦਾ ਲਾਰਵਾ ਖਾਣ ਵਾਲੀਆਂ ਗੰਬੂਜੀਆ ਮੱਛੀਆਂ ਛੱਡਣ ਦੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਏਡੀਜ਼ ਮੱਛਰ ਦੀ ਬ੍ਰੀਡਿੰਗ ਨੂੰ ਰੋਕਣ ਲਈ ਹਰ ਸ਼ੁੱਕਰਵਾਰ ਨੂੰ ‘ਡ੍ਰਾਈ ਡੇ’ ਵਜੋਂ ਮਨਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਇਸੇ ਤਰ੍ਹਾਂ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਸਬੰਧੀ ਹਰ ਐਤਵਾਰ ‘ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਅਤੇ ਕੰਟੇਨਰਾਂ ਨੂੰ ਢੱਕ ਕੇ ਰੱਖਿਆ ਜਾਵੇ ਅਤੇ ਘਰਾਂ ਵਿਚ ਪਏ ਖਾਲੀ ਕੰਟੇਨਰਾਂ, ਗਮਲਿਆਂ, ਪੁਰਾਣੇ ਟਾਇਰਾਂ, ਕੂਲਰਾਂ ਅਤੇ ਫਰਿੱਜਾਂ ਦੀਆਂ ਡਿਸਪੋਜ਼ਲ ਟ੍ਰੇਆਂ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੱਛਰਾਂ ਦੀ ਬ੍ਰੀਡਿੰਗ ਨੂੰ ਰੋਕਣਾ ਹੀ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਉਨ੍ਹਾਂ ਸਮੂਹ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਦੀ ਰੋਕਥਾਮ ਸਬੰਧੀ ਗਤੀਵਿਧੀਆਂ ਅਤੇ ਜਾਗਰੂਕਤਾ ਮੁਹਿੰਮ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਮੀਟਿੰਗ ਦੌਰਾਨ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ।