
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰੋਜ਼ਗਾਰ ਉਤ ਪੱਤੀ, ਹੁਨਰ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮੋਗਾ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਵੈ-ਰੋਜ਼ਗਾਰ ਲਈ ਪ੍ਰੇਰਿਤ ਕਰਕੇ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਉਦੇਸ਼ ਤਹਿਤ ਏਡੀਸੀ ਜਸਪਿੰਦਰ ਸਿੰਘ ਦੀ ਅਗਵਾਈ ਹੇਠ ਸਵੈ-ਰੋਜ਼ਗਾਰ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਤਹਿਤ ਨੌਜਵਾਨਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਕਰਜ਼ਿਆਂ ਅਤੇ ਹੋਰ ਸਹਾਇਤਾ ਸਬੰਧੀ ਪ੍ਰਗਤੀ ਦੀ ਸਮੀਖਿਆ ਕਰਨਾ ਅਤੇ ਇਸ ਸਬੰਧੀ ਰਿਪੋਰਟਿੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਸੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਸਵੈ-ਰੋਜ਼ਗਾਰ ਸਕੀਮਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਕਰਜ਼ੇ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਵੈ-ਰੋਜ਼ਗਾਰ ਨਾਲ ਸਬੰਧਤ ਆਪਣੀ ਕਾਰਗੁਜ਼ਾਰੀ ਦੀ ਰਿਪੋਰਟ ਨਿਰਧਾਰਤ ਸਮੇਂ ਅੰਦਰ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਮੋਗਾ ਨੂੰ ਭੇਜੀ ਜਾਵੇ ਤਾਂ ਜੋ ਸਾਰੇ ਵਿਭਾਗਾਂ ਦੇ ਅੰਕੜਿਆਂ ਨੂੰ ਇਕੱਠਾ ਕਰਕੇ ਸਮੇਂ ਸਿਰ ਸਬੰਧਤ ਸਰਕਾਰੀ ਪੋਰਟਲ ’ਤੇ ਦਰਜ ਕੀਤਾ ਜਾ ਸਕੇ। ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਜੀਵਨਦੀਪ ਸਿੰਘ ਨੇ ਸਮੂਹ ਵਿਭਾਗਾਂ ਨੂੰ ਅਪੀਲ ਕੀਤੀ ਕਿ ਦਫ਼ਤਰ ਵੱਲੋਂ ਤਿਆਰ ਕੀਤੇ ਗਏ ਨਿਰਧਾਰਤ ਨਮੂਨੇ ਅਨੁਸਾਰ ਸਵੈ-ਰੋਜ਼ਗਾਰ ਨਾਲ ਸਬੰਧਤ ਜਾਣਕਾਰੀ ਅਤੇ ਪ੍ਰਗਤੀ ਰਿਪੋਰਟ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਜ਼ਿਲ੍ਹੇ ਦਾ ਸਵੈ-ਰੋਜ਼ਗਾਰ ਸਬੰਧੀ ਡਾਟਾ ਇਕੱਠਾ ਕਰਕੇ ਸਮੇਂ ਸਿਰ ਪੀਜੀਆਰ ਕਾਮ ਪੋਰਟਲ ’ਤੇ ਦਰਜ ਕੀਤਾ ਜਾ ਸਕੇਗਾ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਸਹੀ ਪ੍ਰਗਤੀ ਸਾਹਮਣੇ ਆਵੇਗੀ। ਮੀਟਿੰਗ ਦੌਰਾਨ ਏਡੀਸੀ ਨੇ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਸਮੂਹ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਤਹਿਸੀਲ ਅਤੇ ਬਲਾਕ ਪੱਧਰ ’ਤੇ ਸਵੈ-ਰੋਜ਼ਗਾਰ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿਰਫ਼ ਨੌਕਰੀ ਲੱਭਣ ਵਾਲੇ ਬਣਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਸਵੈ-ਰੋਜ਼ਗਾਰ ਅਤੇ ਉਦਮਤਾ ਦੇ ਮੌਕੇ ਪ੍ਰਦਾਨ ਕਰਕੇ ਰੋਜ਼ਗਾਰ ਪੈਦਾ ਕਰਨ ਵਾਲੇ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਅਤੇ ਬੈਂਕਿੰਗ ਸੰਸਥਾਵਾਂ ਵਿਚਕਾਰ ਬਿਹਤਰ ਤਾਲਮੇਲ ਰਾਹੀਂ ਵੱਧ ਤੋਂ ਵੱਧ ਯੋਗ ਨੌਜਵਾਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿਵਾਇਆ ਜਾਵੇ। ਮੀਟਿੰਗ ਵਿਚ ਲੀਡ ਬੈਂਕ, ਜ਼ਿਲ੍ਹਾ ਉਦਯੋਗ ਕੇਂਦਰ, ਮੁੱਖ ਖੇਤੀਬਾੜੀ ਅਫ਼ਸਰ, ਪੰਜਾਬ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ, ਪੰਜਾਬ ਪੱਛੜੀਆਂ ਸ਼੍ਰੇਣੀਆਂ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ, ਬਾਗਬਾਨੀ ਵਿਭਾਗ, ਡੇਅਰੀ ਵਿਭਾਗ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ ਅਤੇ ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਸੰਸਥਾ ਮੋਗਾ ਦੇ ਨੁਮਾਇੰਦਿਆਂ ਵੱਲੋਂ ਸ਼ਮੂਲੀਅਤ ਕੀਤੀ ਗਈ।