ਪਾਵਰਕਾਮ, ਟਰਾਂਸਕੋ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਚੇਤਨਾ ਕਨਵੈਨਸ਼ਨ ਪੀਐੱਸਈਬੀ ਇੰਪਲਾਈਜ਼ ਜੁਆਇੰਟ ਪੀਐੱਸਈਬੀ ਇੰਪਲਾਈਜ਼ ਜੁਆਇੰਟ
Publish Date: Tue, 10 Nov 2026 04:01 PM (IST)
Updated Date: Wed, 11 Nov 2026 04:00 AM (IST)
ਵਕੀਲ ਮਹਿਰੋ, ਪੰਜਾਬੀ ਜਾਗਰਣ, ਮੋਗਾ : ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਪੰਜਾਬ ਸਮੇਤ ਸਹਿਯੋਗੀ ਜਥੇਬੰਦੀਆਂ ਦੇ ਸਾਂਝੇ ਸੱਦੇ ’ਤੇ ਚੱਲ ਰਹੇ ਸੰਘਰਸ਼ ਦੀ ਲੜੀ ਤਹਿਤ ਅੱਜ ਸਤੀਸ਼ ਲੂੰਬਾ ਹਾਲ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਨੇੜੇ ਬੱਸ ਸਟੈਂਡ ਮੋਗਾ ਵਿਖੇ ਸਰਕਲ ਫਰੀਦਕੋਟ ਦੀ ਚੇਤਨਾ ਕਨਵੈਨਸ਼ਨ ਕਰਵਾਈ ਗਈ। ਇਸ ਵਿਚ ਪੰਜਾਬ ਦੀਆਂ ਵੱਖ-ਵੱਖ ਬਿਜਲੀ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਤੇ ਟਰਾਂਸਕੋ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਅਤੇ ਪਹਿਲਾਂ ਹੀ ਮੰਨੀਆਂ ਜਾ ਚੁੱਕੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਦੇ ਪੱਤਰ ਨੰਬਰ 15/1/15 ਮਿਤੀ 17-7-2020 ਨੂੰ ਰੱਦ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬੰਦ ਕੀਤੇ ਗਏ 37 ਭੱਤੇ ਮੁੜ ਚਾਲੂ ਕਰਨ ਅਤੇ ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਗੁਣਾਂਕ ਨਾਲ ਸੋਧਣ ਸਮੇਤ ਹੋਰ ਅਹਿਮ ਮੰਗਾਂ ਉਠਾਈਆਂ। ਆਗੂਆਂ ਨੇ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਨਾਲ ਜਥੇਬੰਦੀਆਂ ਦੀਆਂ ਕਈ ਮੰਗਾਂ ਸਬੰਧੀ ਸਹਿਮਤੀ ਬਣ ਚੁੱਕੀ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਇਸ ਦੇ ਬਾਵਜੂਦ ਇਨ੍ਹਾਂ ਮੰਗਾਂ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਜਾ ਰਿਹਾ। ਇਸ ਕਾਰਨ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਬੁਲਾਰਿਆਂ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰਕਾਮ ਤੇ ਟਰਾਂਸਕੋ ਦੀ ਮੈਨੇਜਮੈਂਟ ਨੇ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਨਾ ਕਰਨ ’ਤੇ ਅੱਜ ਤੋਂ ਜੁਆਇੰਟ ਫੋਰਮ ਤੇ ਏਕਤਾ ਮੰਚ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਚਾਹੁੰਦੀਆਂ ਹਨ ਪਰ ਜੇਕਰ ਮੈਨੇਜਮੈਂਟ ਨੇ ਟੇਬਲ ਟਾਕ ਰਾਹੀਂ ਮਸਲੇ ਹੱਲ ਕਰਨ ਲਈ ਪਹਿਲ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵਿਸ਼ਾਲ ਅਤੇ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜਸਵਿੰਦਰ ਸਿੰਘ ਬਰਗਾੜੀ ਸਟੇਟ ਆਗੂ, ਦਰਸ਼ਨ ਲਾਲ ਸ਼ਰਮਾ ਸਾਬਕਾ ਸਟੇਟ ਆਗੂ, ਸਰਬਜੀਤ ਸਿੰਘ ਭਾਣਾ ਸਟੇਟ ਆਗੂ, ਸੇਵਕ ਸਿੰਘ ਸਟੇਟ ਆਗੂ, ਗੁਰਮੇਲ ਸਿੰਘ ਨਾਹਰ ਸਟੇਟ ਪੈਨਸ਼ਨਰ ਯੂਨੀਅਨ ਆਗੂ, ਗੁਰਮੀਤ ਸਿੰਘ ਧਾਲੀਵਾਲ, ਜਸਵੀਰ ਸਿੰਘ ਬਾਘਾ ਪੁਰਾਣਾ, ਜਗਤਾਰ ਸਿੰਘ ਸੇਖਵਾਂ, ਪਲਵਿੰਦਰ ਸਿੰਘ ਸਿੱਧੂ, ਮਨਜੋਤ ਸਿੰਘ ਬਰਾੜ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਉੱਭੀ, ਨਿਰਮਲ ਸਿੰਘ ਮਾਹਲਾ, ਗੁਰਦੀਪ ਸਿੰਘ, ਜਗਰੂਪ ਸਿੰਘ ਐੱਸਡੀਓ ਅਤੇ ਰਵੀਕਿਰਨ ਫਰੀਦਕੋਟ ਸਮੇਤ ਹੋਰ ਆਗੂ ਹਾਜ਼ਰ ਸਨ। ਅੰਤ ਵਿਚ ਕਨਵੈਨਸ਼ਨ ਨੇ ਇਕਮਤ ਹੋ ਕੇ ਐਲਾਨ ਕੀਤਾ ਕਿ ਜਦੋਂ ਤੱਕ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਲਾਗੂ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਸਪੱਸ਼ਟ ਕੀਤਾ ਕਿ ਮੈਨੇਜਮੈਂਟ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਨਾ ਕਰਨ ਦੀ ਸੂਰਤ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।