ਇਕਬਾਲ ਸਿੰਘ ਸਿੰਘਾਂਵਾਲਾ ਭਾਕਿਯੂ ਏਕਤਾ ਉਗਰਾਹਾਂ ਦੇ ਪ੍ਰਧਾਨ ਨਿਯੁਕਤ ਅੱਠ ਸਾਲਾਂ ਦੀ ਕਾਰਗੁਜ਼ਾਰੀ ਰਿਪੋਰਟ
Publish Date: Wed, 18 Nov 2026 05:18 PM (IST)
Updated Date: Thu, 19 Nov 2026 04:04 AM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਅੱਠ ਸਾਲਾਂ ਦੀ ਕਾਰਗੁਜ਼ਾਰੀ ਰਿਪੋਰਟ ਤੇ ਹਿਸਾਬ-ਕਿਤਾਬ ਦੀ ਰਿਪੋਰਟ ਡੈਲੀਗੇਟ ਇਜਲਾਸ ’ਚ ਸਰਬਸੰਮਤੀ ਨਾਲ ਪਾਸ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮੋਗਾ ਦਾ ਡੈਲੀਗੇਟ ਇਜਲਾਸ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੇਦੋ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਮੌਕੇ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਰੂਪ ਸਿੰਘ ਛੰਨਾ ਅਤੇ ਸਿੰਗਾਰਾ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਚੋਣ ਨਿਗਰਾਨ ਵਜੋਂ ਸ਼ਾਮਲ ਹੋਏ। ਇਜਲਾਸ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਪੱਧਰੀ ਆਗੂ ਸਦਾਗਰ ਸਿੰਘ ਖਾਈ, ਜਗਜੀਤ ਸਿੰਘ ਮਧੋਕੇ, ਸਾਬਕਾ ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ਹਿੰਮਤਪੁਰਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਅਜੀਤ ਸਿੰਘ ਡੇਮਰੂ ਅਤੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਜ਼ਿਲ੍ਹੇ ਦੇ ਆਗੂਆਂ ਤੇ ਵਰਕਰਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਉਪਰੰਤ ਡੈਲੀਗੇਟ ਇਜਲਾਸ ਦੀ ਕਾਰਵਾਈ ਸ਼ੁਰੂ ਹੋਈ। ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਨੇ ਪਿਛਲੇ ਅੱਠ ਸਾਲਾਂ ਦੌਰਾਨ ਜਥੇਬੰਦੀ ਵੱਲੋਂ ਕੀਤੇ ਗਏ ਕੰਮਾਂ ਅਤੇ ਸੰਘਰਸ਼ਾਂ ਸਬੰਧੀ ਵਿਸਥਾਰਪੂਰਵਕ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ। ਇਸੇ ਤਰ੍ਹਾਂ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਪਿਛਲੇ ਸਮੇਂ ਦੇ ਆਮਦਨ ਅਤੇ ਖਰਚੇ ਦਾ ਹਿਸਾਬ-ਕਿਤਾਬ ਡੈਲੀਗੇਟਾਂ ਸਾਹਮਣੇ ਰੱਖਿਆ। ਦੋਵਾਂ ਰਿਪੋਰਟਾਂ ਉੱਤੇ ਵਿਸਥਾਰ ਨਾਲ ਵਿਚਾਰ-ਚਰਚਾ ਹੋਣ ਤੋਂ ਬਾਅਦ ਹਾਜ਼ਰ ਡੈਲੀਗੇਟਾਂ ਨੇ ਹੱਥ ਖੜ੍ਹੇ ਕਰਕੇ ਸਰਬਸੰਮਤੀ ਨਾਲ ਇਨ੍ਹਾਂ ਨੂੰ ਪਾਸ ਕਰ ਦਿੱਤਾ। ਇਸ ਮੌਕੇ ਸਰਕਲ ਪ੍ਰਧਾਨਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਨੇ ਪੁਰਾਣੀ ਜ਼ਿਲ੍ਹਾ ਕਮੇਟੀ ਭੰਗ ਕਰ ਦਿੱਤੀ ਅਤੇ ਨਵੀਂ ਕਮੇਟੀ ਦੀ ਚੋਣ ਕਰਵਾਉਣ ਦੀ ਜ਼ਿੰਮੇਵਾਰੀ ਸੂਬੇ ਤੋਂ ਪਹੁੰਚੇ ਚੋਣ ਨਿਗਰਾਨਾਂ ਨੂੰ ਸੌਂਪ ਦਿੱਤੀ। ਸਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਈ ਗਈ ਚੋਣ ਦੌਰਾਨ ਇਕਬਾਲ ਸਿੰਘ ਸਿੰਘਾਂਵਾਲਾ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮੋਗਾ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਨਵੀਂ ਚੁਣੀ ਗਈ ਜ਼ਿਲ੍ਹਾ ਕਮੇਟੀ ਵਿਚ ਅਮਰਜੀਤ ਸਿੰਘ ਸੇਦੋਕੇ ਅਤੇ ਕੁਲਦੀਪ ਕੌਰ ਕੁੱਸਾ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਦੇਵ ਸਿੰਘ ਕਿਸ਼ਨਪੁਰਾ ਅਤੇ ਕਰਮਜੀਤ ਕੌਰ ਹਿੰਮਤਪੁਰਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਬੂਟਾ ਸਿੰਘ ਭਾਗੀਕੇ ਨੂੰ ਜ਼ਿਲ੍ਹਾ ਜਨਰਲ ਸਕੱਤਰ, ਗੁਰਮੀਤ ਸਿੰਘ ਕਿਸ਼ਨਪੁਰਾ ਅਤੇ ਬਚਿੱਤਰ ਕੌਰ ਤਲਵੰਡੀ ਮੱਲੀਆਂ ਨੂੰ ਜਥੇਬੰਦੀ ਸਕੱਤਰ, ਜਸਵਿੰਦਰ ਸਿੰਘ ਘੱਲ ਕਲਾਂ ਅਤੇ ਹਰਜੀਤ ਕੌਰ ਸੁਖਾਨੰਦ ਨੂੰ ਪ੍ਰਚਾਰ ਸਕੱਤਰ ਅਤੇ ਬਲੌਰ ਸਿੰਘ ਘੱਲ ਕਲਾਂ ਨੂੰ ਵਿੱਤ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਤੋਂ ਇਲਾਵਾ ਸੁਖਦੇਵ ਸਿੰਘ ਕੋਕਰੀ ਕਲਾਂ, ਜੰਗੀਰ ਸਿੰਘ ਹਿੰਮਤਪੁਰਾ, ਭਾਨ ਸਿੰਘ ਸੁਖਾਨੰਦ, ਜਗਦੇਵ ਸਿੰਘ ਸਿੰਘਾਂਵਾਲਾ, ਗੁਰਮੁਖ ਸਿੰਘ ਹਿੰਮਤਪੁਰਾ, ਸੁਖਜਿੰਦਰ ਸਿੰਘ, ਗੁਰਚਰਨ ਸਿੰਘ ਰਾਮਾ, ਕੇਵਲ ਕ੍ਰਿਸ਼ਨ ਬੱਧਣੀ ਕਲਾਂ, ਜਗਜੀਤ ਸਿੰਘ ਕੋਕਰੀ ਕਲਾਂ, ਹਰਬੰਸ ਕੌਰ ਚੜਿਕ ਅਤੇ ਗੁਰਨਾਮ ਸਿੰਘ ਮਾਛੀਕੇ ਨੂੰ ਜ਼ਿਲ੍ਹਾ ਕਮੇਟੀ ਮੈਂਬਰ ਚੁਣਿਆ ਗਿਆ। ਇਜਲਾਸ ਦੌਰਾਨ ਨਵੀਂ ਚੁਣੀ ਗਈ ਜ਼ਿਲ੍ਹਾ ਕਮੇਟੀ ਨੂੰ ਜਥੇਬੰਦੀ ਦੀ ਮਜ਼ਬੂਤੀ, ਕਿਸਾਨੀ ਮਸਲਿਆਂ ਅਤੇ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਨੂੰ ਹੋਰ ਅੱਗੇ ਵਧਾਉਣ ਦਾ ਸੱਦਾ ਦਿੱਤਾ ਗਿਆ।