ਦਿ ਕੋਆਪ੍ਰੇਟਿਵ ਸੁਸਾਇਟੀ ਵਿਚ ਕਥਿਤ ਗਬਨ ਦਾ ਮਾਮਲਾ ਭਖਿਆ ਪਿੰਡ ਮਹੇਸਰੀ ਦੀ ਕੋਆਪ੍ਰੇਟਿਵ ਸੁਸਾਇਟੀ
Publish Date: Tue, 10 Nov 2026 05:45 PM (IST)
Updated Date: Wed, 11 Nov 2026 04:00 AM (IST)
ਕਿਸਾਨਾਂ ਨੇ ਕੀਤੀ ਉੱਚ ਪੱਧਰੀ ਜਾਂਚ ਦੀ ਮੰਗ, 15 ਤੋਂ 30 ਸਾਲ ਪਹਿਲਾਂ ਮੋੜੇ ਕਰਜ਼ਿਆਂ ਦੀ ਮੁੜ ਵਸੂਲੀ ਲਈ ਕਿਸਾਨਾਂ ਨੂੰ ਭੇਜੇ ਜਾ ਰਹੇ ਹਨ ਨੋਟਿਸ : ਕਿਸਾਨ ਸੁਸਾਇਟੀ ਦੇ ਪਿਛਲੇ 30 ਸਾਲਾਂ ਦੇ ਰਿਕਾਰਡ ਦੀ ਜਾਂਚ ਕਰਕੇ ਜ਼ਿੰਮੇਵਾਰ ਅਧਿਕਾਰੀਆਂ ਤੋਂ ਕੀਤੀ ਜਾਵੇ ਵਸੂਲੀ ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਪਿੰਡ ਮਹੇਸਰੀ ਦੀ ਕੋਆਪ੍ਰੇਟਿਵ ਸੁਸਾਇਟੀ ਵਿਚ ਕਥਿਤ ਤੌਰ ’ਤੇ ਹੋਈਆਂ ਵਿੱਤੀ ਬੇਨਿਯਮੀਆਂ ਅਤੇ ਗਬਨ ਦੇ ਦੋਸ਼ਾਂ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਪਿੰਡ ਦੇ ਕਿਸਾਨਾਂ ਨੇ ਸੁਸਾਇਟੀ ਦੇ ਅਧਿਕਾਰੀਆਂ ਦੇ ਕੰਮਕਾਜ ਅਤੇ ਲੈਣ-ਦੇਣ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਅੱਜ ਸੁਸਾਇਟੀ ਵਿਖੇ ਇਕੱਠੇ ਹੋਏ ਕਿਸਾਨਾਂ ਨੇ ਦੋਸ਼ ਲਾਇਆ ਕਿ ਪਿੰਡ ਦੇ ਵੱਡੀ ਗਿਣਤੀ ਕਿਸਾਨਾਂ ਨੂੰ 15, 20 ਅਤੇ ਇੱਥੋਂ ਤੱਕ ਕਿ 30 ਸਾਲ ਪਹਿਲਾਂ ਵਾਪਸ ਕੀਤੇ ਜਾ ਚੁੱਕੇ ਕਰਜ਼ਿਆਂ ਦੀ ਮੁੜ ਵਸੂਲੀ ਕਰਨ ਲਈ ਨੋਟਿਸ ਭੇਜੇ ਜਾ ਰਹੇ ਹਨ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਕਿਸਾਨ ਤੇਜਾ ਸਿੰਘ, ਬਲਦੇਵ ਸਿੰਘ, ਪਰਮਜੀਤ ਸਿੰਘ ਪੰਮਾ ਅਤੇ ਸੁਖਜਿੰਦਰ ਮਹੇਸਰੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੁਸਾਇਟੀ ਦੇ ਹਿਸਾਬ-ਕਿਤਾਬ ਵਿੱਚ ਵੱਡੇ ਪੱਧਰ ’ਤੇ ਗੜਬੜੀ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਕਈ ਸਾਲ ਪਹਿਲਾਂ ਆਪਣੇ ਕਰਜ਼ੇ ਦੀ ਪੂਰੀ ਅਦਾਇਗੀ ਕਰ ਦਿੱਤੀ ਸੀ, ਹੁਣ ਉਨ੍ਹਾਂ ਨੂੰ ਦੁਬਾਰਾ ਕਰਜ਼ਦਾਰ ਦੱਸ ਕੇ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਕਿਸਾਨਾਂ ਅਨੁਸਾਰ ਇਹ ਮਾਮਲਾ ਸਿਰਫ਼ ਕੁਝ ਕਿਸਾਨਾਂ ਤੱਕ ਸੀਮਤ ਨਹੀਂ, ਸਗੋਂ ਪਿੰਡ ਦੇ ਕਈ ਪਰਿਵਾਰ ਇਸ ਸਮੱਸਿਆ ਤੋਂ ਪੀੜਤ ਹਨ। ਕਿਸਾਨਾਂ ਨੇ ਦੱਸਿਆ ਕਿ ਇਸ ਗੰਭੀਰ ਮਾਮਲੇ ਸਬੰਧੀ ਉਹ ਡਿਪਟੀ ਰਜਿਸਟਰਾਰ ਨੂੰ ਲਿਖਤੀ ਦਰਖ਼ਾਸਤ ਦੇ ਕੇ ਸੁਸਾਇਟੀ ਦੇ ਪੁਰਾਣੇ ਰਿਕਾਰਡ ਅਤੇ ਲੈਣ-ਦੇਣ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕਰ ਚੁੱਕੇ ਹਨ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਹੁੰਦੀ ਦਿਖਾਈ ਨਹੀਂ ਦੇ ਰਹੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪਿਛਲੇ 30 ਸਾਲਾਂ ਦੇ ਰਿਕਾਰਡ ਦੀ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇ ਤਾਂ ਸੁਸਾਇਟੀ ਦੇ ਹਿਸਾਬ-ਕਿਤਾਬ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਅਤੇ ਵਿੱਤੀ ਗੜਬੜੀਆਂ ਸਾਹਮਣੇ ਆ ਸਕਦੀਆਂ ਹਨ। ਕਿਸਾਨਾਂ ਨੇ ਦੋਸ਼ ਲਾਇਆ ਕਿ ਜਿਨ੍ਹਾਂ ਅਧਿਕਾਰੀਆਂ ਦੀ ਜ਼ਿੰਮੇਵਾਰੀ ਸੁਸਾਇਟੀ ਦੇ ਪੈਸੇ ਅਤੇ ਰਿਕਾਰਡ ਦੀ ਸਾਂਭ-ਸੰਭਾਲ ਕਰਨਾ ਸੀ, ਉਨ੍ਹਾਂ ਦੀ ਜਵਾਬਦੇਹੀ ਤੈਅ ਕਰਨ ਦੀ ਬਜਾਏ ਕਿਸਾਨਾਂ ਨੂੰ ਹੀ ਨੋਟਿਸ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਮੰਗ ਕੀਤੀ ਕਿ ਪਿਛਲੇ 30 ਸਾਲਾਂ ਦੌਰਾਨ ਸੁਸਾਇਟੀ ਨਾਲ ਜੁੜੇ ਰਹੇ ਅਧਿਕਾਰੀਆਂ ਦੇ ਕੰਮਕਾਜ ਦੀ ਜਾਂਚ ਕੀਤੀ ਜਾਵੇ ਅਤੇ ਜਾਂਚ ਦੌਰਾਨ ਜੇਕਰ ਕਿਸੇ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਜਾਇਦਾਦ ਕਾਨੂੰਨ ਅਨੁਸਾਰ ਸੀਜ਼ ਕਰਕੇ ਬਣਦੀ ਵਸੂਲੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਸਹਿਕਾਰੀ ਅਦਾਰਿਆਂ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਹੋਣੀ ਬਹੁਤ ਜ਼ਰੂਰੀ ਹੈ ਤਾਂ ਜੋ ਕਿਸਾਨਾਂ ਦੀ ਮਿਹਨਤ ਦੀ ਕਮਾਈ ਨਾਲ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਨਾ ਹੋ ਸਕੇ। ਇਕੱਠੇ ਹੋਏ ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ਵਿਚ ਜਲਦ ਨਿਰਪੱਖ ਜਾਂਚ ਸ਼ੁਰੂ ਕਰਕੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣੇ ਰੋਸ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਤਿੱਖੇ ਸ਼ਬਦਾਂ ਵਿਚ ਕਿਹਾ ਕਿ ਜੇਕਰ ਕਥਿਤ ਗਬਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਉਹ ਅਜਿਹੇ ਅਧਿਕਾਰੀਆਂ ਨੂੰ ਪਿੰਡ ਵਿਚ ਸਨਮਾਨਿਤ ਕਰਕੇ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵਿਅੰਗਮਈ ਢੰਗ ਨਾਲ ਸਵਾਲ ਉਠਾਉਣਗੇ। ਕਿਸਾਨਾਂ ਨੇ ਕਿਹਾ ਕਿ ਸਹਿਕਾਰੀ ਅਦਾਰਿਆਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਜਵਾਬਦੇਹ ਬਣਾਉਣ ਦੀ ਬਜਾਏ ਜੇਕਰ ਉਨ੍ਹਾਂ ਨੂੰ ਬਚਾਇਆ ਜਾਂਦਾ ਹੈ ਤਾਂ ਇਹ ਕਿਸਾਨਾਂ ਨਾਲ ਵੱਡੀ ਬੇਇਨਸਾਫ਼ੀ ਹੋਵੇਗੀ। ਉਨ੍ਹਾਂ ਸਰਕਾਰ ਅਤੇ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਜਾਂਚ ਕਰਵਾਈ ਜਾਵੇ, ਕਿਸਾਨਾਂ ਨੂੰ ਭੇਜੇ ਗਏ ਨੋਟਿਸਾਂ ਦੀ ਸੱਚਾਈ ਦੀ ਪੜਤਾਲ ਕੀਤੀ ਜਾਵੇ ਅਤੇ ਜੇਕਰ ਕਿਸੇ ਵੀ ਪੱਧਰ ’ਤੇ ਗੜਬੜੀ ਸਾਹਮਣੇ ਆਉਂਦੀ ਹੈ ਤਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਕੇਵਲ ਸਿੰਘ ਖ਼ਾਲਸਾ, ਗੁਰਦੌਰ ਸਿੰਘ, ਗੁਰਵਿੰਦਰ ਸਿੰਘ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਬਲਜੀਤ ਸਿੰਘ ਸਮੇਤ ਹੋਰ ਕਈ ਕਿਸਾਨ ਹਾਜ਼ਰ ਸਨ।