- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਮਹੇਸਰੀ ਦੀ ਕੋਆਪਰੇਟਿਵ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪਿੰਡ ਮਹੇਸਰੀ ਦੀ ਕੋਆਪਰੇਟਿਵ ਸੁਸਾਇਟੀ ਵਿਚ ਕਥਿਤ ਬੇਨਿਯਮੀਆਂ ਅਤੇ ਪੁਰਾਣੇ ਕਰਜ਼ਿਆਂ ਦੀ ਮੁੜ ਵਸੂਲੀ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਸੁਸਾਇਟੀ ਦੇ ਹਿੱਸੇਦਾਰ ਕਿਸਾਨਾਂ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ’ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਵੱਲੋਂ ਕਈ ਸਾਲ ਪਹਿਲਾਂ ਅਦਾ ਕੀਤੇ ਜਾ ਚੁੱਕੇ ਕਰਜ਼ਿਆਂ ਦੀ ਦੁਬਾਰਾ ਵਸੂਲੀ ਕਰਨ ਲਈ ਨੋਟਿਸ ਭੇਜੇ ਜਾ ਰਹੇ ਹਨ, ਜਿਸ ਕਾਰਨ ਕਿਸਾਨਾਂ ਨੂੰ ਬੇਲੋੜੀ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਅੱਜ ਕਿਸਾਨਾਂ ਵੱਲੋਂ ਡਿਪਟੀ ਰਜਿਸਟਰਾਰ ਕੋਆਪਰੇਟਿਵ ਸੁਸਾਇਟੀ ਨੂੰ ਲਿਖਤੀ ਦਰਖ਼ਾਸਤ ਦੇ ਕੇ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ। ਦਰਖ਼ਾਸਤ ਦੇਣ ਉਪਰੰਤ ਗੱਲਬਾਤ ਕਰਦਿਆਂ ਕਿਸਾਨ ਆਗੂ ਬਲਦੇਵ ਸਿੰਘ ਬੱਬੀ, ਪਰਮਜੀਤ ਸਿੰਘ ਪੰਮਾ, ਤੇਜ ਸਿੰਘ ਅਤੇ ਸੁਖਜਿੰਦਰ ਮਹੇਸਰੀ ਨੇ ਕਿਹਾ ਕਿ ਕਿਸਾਨਾਂ ਵੱਲੋਂ ਦਸ, ਵੀਹ, ਤੀਹ ਜਾਂ ਇਸ ਤੋਂ ਵੀ ਵੱਧ ਸਾਲ ਪਹਿਲਾਂ ਮੋੜੇ ਜਾ ਚੁੱਕੇ ਕਰਜ਼ਿਆਂ ਦੀ ਮੁੜ ਵਸੂਲੀ ਲਈ ਨੋਟਿਸ ਭੇਜਣਾ ਬੇਹੱਦ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਆਪਣੀ ਬਣਦੀ ਰਕਮ ਪਹਿਲਾਂ ਹੀ ਜਮ੍ਹਾਂ ਕਰਵਾ ਚੁੱਕੇ ਹਨ, ਉਨ੍ਹਾਂ ਨੂੰ ਮੁੜ ਕਰਜ਼ਦਾਰ ਦਿਖਾ ਕੇ ਪ੍ਰੇਸ਼ਾਨ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸੁਸਾਇਟੀ ਵਿੱਚ ਕਥਿਤ ਤੌਰ ’ਤੇ ਵੱਡੇ ਪੱਧਰ ’ਤੇ ਵਿੱਤੀ ਬੇਨਿਯਮੀਆਂ ਹੋਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸੁਸਾਇਟੀ ਦੇ ਪਿਛਲੇ ਕਈ ਸਾਲਾਂ ਦੇ ਰਿਕਾਰਡ, ਕਰਜ਼ਿਆਂ ਦੀ ਵਸੂਲੀ, ਜਮ੍ਹਾਂ ਹੋਈਆਂ ਰਕਮਾਂ ਅਤੇ ਆਡਿਟ ਰਿਪੋਰਟਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਕਿਸਾਨਾਂ ਨੇ ਇਹ ਵੀ ਕਿਹਾ ਕਿ ਜੇਕਰ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਤਾਂ ਸੁਸਾਇਟੀ ਨੂੰ ਹੋਏ ਨੁਕਸਾਨ ਸਬੰਧੀ ਕਈ ਅਹਿਮ ਤੱਥ ਸਾਹਮਣੇ ਆ ਸਕਦੇ ਹਨ। ਕਿਸਾਨ ਆਗੂਆਂ ਨੇ ਸਰਕਾਰ ਅਤੇ ਸਹਿਕਾਰਤਾ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਿਨ੍ਹਾਂ ਕਿਸੇ ਦੇਰੀ ਦੇ ਜਾਂਚ ਸ਼ੁਰੂ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਸ਼ਿਕਾਇਤਾਂ ਵੱਲ ਧਿਆਨ ਦੇਣ ਦੀ ਬਜਾਏ ਉਨ੍ਹਾਂ ਨੂੰ ਇਸੇ ਤਰ੍ਹਾਂ ਜਲੀਲ ਅਤੇ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਜਾ ਸਕਦਾ ਹੈ। ਉਨ੍ਹਾਂ ਰੋਸ ਪ੍ਰਗਟਾਉਣ ਲਈ ਕਥਿਤ ਭ੍ਰਿਸ਼ਟ ਅਧਿਕਾਰੀਆਂ ਨੂੰ