ਕਿਰਾਏਦਾਰਾਂ ਦੀ ਸੂਚਨਾ ਥਾਣੇ ’ਚ ਦਿੱਤੀ ਜਾਵੇ : ਡੀਸੀ
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀਕਿਰਾਏਦਾਰਾਂ ਦੀ ਸੂਚਨਾ ਥਾਣੇ ’ਚ ਦਿੱਤੀ ਜਾਵੇ : ਡੀਸੀ
Publish Date: Sat, 07 Mar 2026 05:16 PM (IST)
Updated Date: Sun, 08 Mar 2026 04:07 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ-163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ’ਤੇ ਰੂੜੀਆਂ ਆਦਿ ਦੇ ਢੇਰ ਲਗਾਉਣ ਅਤੇ ਸੜਕਾਂ ਦੇ ਇਰਦ-ਗਿਰਦ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਪੁੱਟਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਡੀਸੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਉੱਪਰ ਰੂੜੀਆਂ ਆਦਿ ਦੇ ਢੇਰ ਲਗਾ ਕੇ ਅਤੇ ਹੋਰ ਤਰੀਕਿਆਂ ਨਾਲ ਆਮ ਲੋਕਾਂ ਵੱਲੋਂ ਨਜਾਇਜ਼ ਕਬਜ਼ੇ ਕੀਤੇ ਹੋਏ ਹਨ, ਜਿਸ ਨਾਲ ਕਈ ਦੋ ਪਹੀਆਂ ਵਾਹਨ ਤਿਲਕ ਜਾਂਦੇ ਹਨ, ਜਿੱਥੇ ਦੁਰਘਟਨਾ ਵਾਪਰਨ ਦਾ ਖ਼ਤਰਾ ਪੈਦਾ ਹੁੰਦਾ ਹੈ, ਉੱਥੇ ਜਾਨੀ ਅਤੇ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਤਹਿਸੀਲਦਾਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਨਾਇਬ ਤਹਿਸੀਲਦਾਰ, ਸਬੰਧਤ ਥਾਣਾ ਮੁੱਖੀ ਜ਼ਿਲ੍ਹਾ ਮੋਗਾ ਵਿਚ ਆਪਣੇ ਆਪਣੇ ਅਧਿਕਾਰ ਖੇਤਰਾਂ ’ਚ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ। ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਮਕਾਨ ਮਾਲਕਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣੇ ਘਰਾਂ ਵਿਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜ਼ਦੀਕ ਥਾਣੇ ਵਿਚ ਦਰਜ ਕਰਵਾਉਣ ਅਤੇ ਉਨ੍ਹਾਂ ਦੀ ਰਜਿਸਟਰੇਸ਼ਨ ਕਰਵਾਉਣੀ ਵੀ ਯਕੀਨੀ ਬਣਾਉਣ। ਜੇਕਰ ਉਨ੍ਹਾਂ ਵੱਲੋਂ ਅਜਿਹਾ ਨਾ ਕੀਤਾ ਗਿਆ ਤਾਂ ਉਨ੍ਹਾਂ ਖ਼ਿਲਾਫ਼ ਜਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਧਦੇ ਹੋਏ ਜ਼ੁਰਮਾਂ ਨੂੰ ਰੋਕਣ ਲਈ ਅਜਿਹਾ ਜ਼ਰੂਰੀ ਹੈ। ਉਕਤ ਦੋਨੋਂ ਹੁਕਮ 30 ਅਪ੍ਰੈਲ 2026 ਤੱਕ ਲਾਗੂ ਰਹਿਣਗੇ।