- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਪਰੀਮ ਕੌਨਵੈਂਟ ਸਕੂਲ, ਬਿਲਾਸਪੁਰ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਸੁਪਰੀਮ ਕੌਨਵੈਂਟ ਸਕੂਲ, ਬਿਲਾਸਪੁਰ ਮੋਗਾ ਵਿਖੇ ਸਿੱਖਿਆ ਦੇ ਖੇਤਰ ਵਿਚ ਇਕ ਨਵੇਂ ਅਧਿਆਇ ਦੀ ਸ਼ੁਰੂਆਤ ਹੋਈ, ਜਦੋਂ ਜਸਮੇਲ ਸਿੰਘ ਕਲਸੀ ਨੇ ਸਕੂਲ ਦੇ ਨਵੇਂ ਪ੍ਰਿੰਸੀਪਲ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਸਕੂਲ ਦੇ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਜਸਮੇਲ ਸਿੰਘ ਕਲਸੀ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਣ ਨਾਲ ਸਕੂਲ ਵਿਚ ਨਵੀਆਂ ਉਮੀਦਾਂ ਅਤੇ ਨਵਾਂ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਨੇ ਆਪਣੀ ਨਿਯੁਕਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਦੀ ਤਰੱਕੀ, ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਉਨ੍ਹਾਂ ਅਨੁਸਾਰ, ਸਿੱਖਿਆ ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਵਿਚ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ, ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਭਰੇ ਯੁੱਗ ਵਿਚ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਤਕਨੀਕੀ ਗਿਆਨ ਅਤੇ ਵਿਹਾਰਕ ਹੁਨਰਾਂ ਵਿਚ ਵੀ ਨਿਪੁੰਨ ਬਣਾਉਣਾ ਬਹੁਤ ਜ਼ਰੂਰੀ ਹੈ। ਇਸ ਮਕਸਦ ਦੀ ਪ੍ਰਾਪਤੀ ਲਈ ਅਧਿਆਪਕਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਵਿਦਿਆਰਥੀਆਂ ਦੀਆਂ ਵਿਅਕਤੀਗਤ ਯੋਗਤਾਵਾਂ ਨੂੰ ਪਛਾਣਨ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਉਚਿਤ ਮੌਕੇ ਪ੍ਰਦਾਨ ਕਰਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਕੂਲ ਦੀ ਤਰੱਕੀ ਲਈ ਪ੍ਰਬੰਧਕ ਕਮੇਟੀ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਵਿਚਕਾਰ ਆਪਸੀ ਤਾਲਮੇਲ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਦਾ ਉਦੇਸ਼ ਸਕੂਲ ਵਿਚ ਅਜਿਹਾ ਸਕਾਰਾਤਮਕ ਅਤੇ ਅਨੁਸ਼ਾਸਿਤ ਵਿੱਦਿਅਕ ਮਾਹੌਲ ਸਿਰਜਣਾ ਹੈ, ਜਿੱਥੇ ਹਰ ਵਿਦਿਆਰਥੀ ਨੂੰ ਸਿੱਖਣ, ਅੱਗੇ ਵਧਣ ਅਤੇ ਆਪਣੀਆਂ ਸੰਭਾਵਨਾਵਾਂ ਨੂੰ ਸਾਕਾਰ ਕਰਨ ਦੇ ਬਰਾਬਰ ਮੌਕੇ ਮਿਲਣ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਨੇ ਨਵੇਂ ਪ੍ਰਿੰਸੀਪਲ ਨੂੰ ਭਰੋਸਾ ਦਿਵਾਇਆ ਕਿ ਉਹ ਸਕੂਲ ਦੀ ਬਿਹਤਰੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਪੂਰੀ ਲਗਨ, ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨ ਸਿੰਘ ਤੇ ਸਕੂਲ ਚੇਅਰਮੈਨ ਯੋਗਿੰਦਰ ਪ੍ਰਸਾਦ ਸ਼ਰਮਾ ਨੇ ਆਸ ਪ੍ਰਗਟਾਈ ਕਿ ਜਸਮੇਲ ਸਿੰਘ ਕਲਸੀ ਦੀ ਯੋਗ ਅਗਵਾਈ ਹੇਠ ਸੁਪਰੀਮ ਕੌਨਵੈਂਟ ਸਕੂਲ ਸਿੱਖਿਆ, ਖੇਡਾਂ, ਅਨੁਸ਼ਾਸਨ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਦੇ ਖ਼ੇਤਰ ਵਿਚ ਨਵੀਆਂ ਪ੍ਰਾਪਤੀਆਂ ਹਾਸਲ ਕਰੇਗਾ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਉਸਾਰੀ ਵਿਚ ਅਹਿਮ ਯੋਗਦਾਨ ਪਾਵੇਗਾ।