- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਗਾਮੀ ਪੰਜਾਬ ਵਿਧਾਨ

ਪਵਨ ਗਰਗ ਪੰਜਾਬੀ ਜਾਗਰਣ ਬਾਘਾਪੁਰਾਣਾ : ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਬਾਘਾਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਸਰਗਰਮ ਨਜ਼ਰ ਆ ਰਹੇ ਹਨ। ਇਸੇ ਕੜੀ ਤਹਿਤ ਉਨ੍ਹਾਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਅਹਿਮ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਅਤੇ ਸੰਗਠਨਾਤਮਕ ਗਤੀਵਿਧੀਆਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੁਲਾਕਾਤ ਦੌਰਾਨ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਮੋਗਾ ਜ਼ਿਲੇ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਦੀ ਮੌਜੂਦਾ ਰਾਜਨੀਤਿਕ ਸਥਿਤੀ, ਪਾਰਟੀ ਦੀਆਂ ਗਤੀਵਿਧੀਆਂ ਅਤੇ ਲੋਕਾਂ ਦੇ ਰੁਝਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸੱਤਾਧਾਰੀ ਧਿਰ ਦੀਆਂ ਨਾਕਾਮੀਆਂ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵੀ ਪਾਰਟੀ ਪ੍ਰਧਾਨ ਨੂੰ ਜਾਣੂ ਕਰਵਾਇਆ। ਸੂਤਰਾਂ ਅਨੁਸਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਕਾਰਗੁਜ਼ਾਰੀ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਉਨ੍ਹਾਂ ਦੇ ਸੰਗਠਨਾਤਮਕ ਯਤਨਾਂ ਦੀ ਸ਼ਲਾਘਾ ਕੀਤੀ। ਪਾਰਟੀ ਵਰਕਰਾਂ ਦਾ ਮੰਨਣਾ ਹੈ ਕਿ ਜਥੇਦਾਰ ਮਾਹਲਾ ਉਨ੍ਹਾਂ ਆਗੂਆਂ ਵਿਚੋਂ ਹਨ ਜੋ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਹਲਕੇ ਦੇ ਲੋਕਾਂ ਨਾਲ ਹੋਣ ਵਾਲੀ ਕਿਸੇ ਵੀ ਧੱਕੇਸ਼ਾਹੀ ਦੇ ਖ਼ਿਲਾਫ਼ ਡਟ ਕੇ ਆਵਾਜ਼ ਉਠਾਉਂਦੇ ਹਨ ਅਤੇ ਹਮੇਸ਼ਾ ਲੋਕਾਂ ਦੇ ਹੱਕ ਵਿਚ ਖੜ੍ਹਦੇ ਹਨ। ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਬਦਲਾਅ ਲਈ ਮਨ ਬਣਾ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਨੂੰ ਅੱਜ ਵੀ ਯਾਦ ਕਰ ਰਹੇ ਹਨ, ਜਿਸ ਕਾਰਨ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਜਥੇਦਾਰ ਮਾਹਲਾ ਨੇ ਕਿਹਾ ਕਿ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਉਹ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਵਾਪਸੀ ਕਰੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਯੂਥ ਆਗੂ ਸੁਖਵੀਰ ਸਿੰਘ ਬਰਾੜ ਬਾਘਾਪੁਰਾਣਾ ਵੀ ਹਾਜ਼ਰ ਸਨ।