- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਘਾਪੁਰਾਣਾ ਵਿਖੇ ਸ਼੍ਰੋਮਣੀ ਅਕਾਲੀ

ਪਵਨ ਗਰਗ, ਪੰਜਾਬੀ ਜਾਗਰਣ ਬਾਘਾਪੁਰਾਣਾ : ਬਾਘਾਪੁਰਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ ਦੇ ਦਫ਼ਤਰ ਵਿਚ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਖੁੱਲ੍ਹ ਕੇ ਵਿਚਾਰ ਪ੍ਰਗਟ ਕੀਤੇ ਗਏ। ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਪੰਜਾਬ ਦੇ ਅਹਿਮ ਮੁੱਦਿਆਂ ਅਤੇ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਗੁਰੂ ਘਰ ਅਤੇ ਖ਼ਾਲਸਾ ਪੰਥ ਨਾਲ ਜੁੜੇ ਇਕ ਸੰਵੇਦਨਸ਼ੀਲ ਮਾਮਲੇ ਵਿਚ ਆਈਆਂ ਨਵੀਆਂ ਜਾਣਕਾਰੀਆਂ ਨੂੰ ਲੈ ਕੇ ਸਰਕਾਰ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਇਕ ਵਿਅਕਤੀ ਵੱਲੋਂ ਕੈਮਰੇ ਸਾਹਮਣੇ ਕੀਤੇ ਗਏ ਖੁਲਾਸਿਆਂ ਨਾਲ ਪੂਰੇ ਮਾਮਲੇ ਨੂੰ ਨਵਾਂ ਮੋੜ ਮਿਲਿਆ ਹੈ ਅਤੇ ਹੁਣ ਇਸ ਮਾਮਲੇ ਵਿਚ ਸੱਚਾਈ ਨੂੰ ਲੁਕਾਉਣਾ ਆਸਾਨ ਨਹੀਂ ਰਹੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਕੁੱਝ ਅਧਿਕਾਰੀਆਂ ਵੱਲੋਂ ਕਥਿਤ ਤੌਰ ’ਤੇ ਬਾਹਰਲੀ ਲੈਬ ਨਾਲ ਸੰਪਰਕ ਕਰਕੇ ਮਨਮਰਜ਼ੀ ਦੀਆਂ ਰਿਪੋਰਟਾਂ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਜੋ ਕਿ ਬਹੁਤ ਹੀ ਗੰਭੀਰ ਮਾਮਲਾ ਹੈ। ਜਥੇਦਾਰ ਮਾਹਲਾ ਨੇ ਕਿਹਾ ਕਿ ਜੇਕਰ ਇਸ ਮਾਮਲੇ ਦੀ ਜਾਂਚ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ ਤਾਂ ਸੱਚਾਈ ਸਾਹਮਣੇ ਆ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੈਤਿਕਤਾ ਦੇ ਆਧਾਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ ਤਾਂ ਜੋ ਜਾਂਚ ਪ੍ਰਕਿਰਿਆ ’ਤੇ ਕੋਈ ਅਸਰ ਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਸੰਘਰਸ਼ ਕਰਦਾ ਆਇਆ ਹੈ ਅਤੇ ਇਸ ਮਾਮਲੇ ਨੂੰ ਵੀ ਅੰਤ ਤੱਕ ਲੈ ਕੇ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜੋ ਵੀ ਦੋਸ਼ੀ ਪਾਇਆ ਜਾਵੇ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸ਼ਹਿਰੀ ਪ੍ਰਧਾਨ ਪਵਨ ਢੰਡ, ਸੁਖਚਰਨ ਸਿੰਘ ਛਿੰਦਾ, ਇੱਕਤਰ ਸਿੰਘ ਥਰਾਜ, ਪਵਨ ਗੋਇਲ, ਹਰਜੀਤ ਸਿੰਘ ਗਿੱਲ, ਗੋਪੀ ਕੋਟਲਾ, ਹਰਜੋਤ ਸਿੰਘ ਡੇਮਰੂ, ਬਲਵਿੰਦਰ ਸਿੰਘ ਜੈਲਦਾਰ, ਸੰਜੀਵ ਬਿੱਟੂ ਰੋਡੇ, ਬਚਿੱਤਰ ਸਿੰਘ ਕਾਲੇਕੇ, ਚੈਰੀ ਭਾਟੀਆ ਸਮੇਤ ਹੋਰ ਕਈ ਆਗੂ ਅਤੇ ਵਰਕਰ ਵੀ ਹਾਜ਼ਰ ਸਨ।