ਮਨਪ੍ਰੀਤ ਸਿੰਘ ਮੱਲੇਆਣਾ, ਮੋਗਾ : ਸ੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਦਾ ਅੰਤਿਮ ਸਸਕਾਰ ਅੱਜ ਦੁਪਹਿਰ 12 ਵਜੇ ਉਨ੍ਹਾਂ ਦੀ ਰਿਹਾਇਸ਼ ਬਾਬਾ ਦੀਦਾਰ ਸਿੰਘ ਨਗਰ ਫਿਰੋਜ਼ਪੁਰ ਰੋਡ ਮੋਗਾ ਵਿਖੇ ਕੀਤਾ ਗਿਆ। ਉਨ੍ਹਾਂ ਦੀ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰਾਂ ਸੀਨੀਅਰ ਅਕਾਲੀ ਆਗੂ ਸਾਬਕਾ ਚੇਅਰਮੈਨ ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ ਤੇ ਡਾਕਟਰ ਜਸਵਿੰਦਰ ਸਿੰਘ ਵੱਲੋਂ ਦਿਖਾਈ ਗਈ। ਜਥੇਦਾਰ ਤੋਤਾ ਸਿੰਘ ਹੋਰਾਂ ਦੀ ਦੇਹ ਅੱਜ ਸਵੇਰ ਤੋਂ ਹੀ ਇਲਾਕੇ ਦੀ ਸੰਗਤ ਦੇ ਦਰਸ਼ਨਾਂ ਲਈ ਰੱਖੀ ਹੋਈ ਸੀ। ਸਵੇਰ ਵੇਲੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਪਹੁੰਚੇ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਦੇ ਜਥਿਆਂ ਵੱਲੋਂ ਬੈਰਾਗਮਈ ਕੀਰਤਨ ਕੀਤਾ ਗਿਆ। ਇਸ ਮੌਕੇ ਪੁੱਜੀਆਂ ਵੱਖ ਵੱਖ ਸ਼ਖ਼ਸੀਅਤਾਂ ਨੇ ਭਾਵਭਿੰਨੀ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪ੍ਰਤੀ ਜਥੇਦਾਰ ਤੋਤਾ ਸਿੰਘ ਦੀਆਂ ਕੀਤੀਆਂ ਸੇਵਾਵਾਂ ਹਮੇਸ਼ਾ ਯਾਦ ਰੱਖੀਆਂ ਜਾਣਗੀਆਂ।

ਬਲਵੰਤ ਸਿੰਘ ਰਾਮੂੰਵਾਲਾ ਨੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਪੰਜਾਬ ਦੇ ਹਿੱਤਾਂ ਲਈ ਕੰਮ ਕੀਤਾ ਹੈ।

ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਨੇ ਪੰਜਾਬ ਦੇ ਪਾਣੀਆਂ ਲਈ ਹਮੇਸ਼ਾਂ ਚਿੰਤਤ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੱਥੇਦਾਰ ਤੋਤਾ ਸਿੰਘ ਦਾ 21 ਮਈ ਨੂੰ ਤੜਕੇ ਦੇਹਾਂਤ ਹੋ ਗਿਆ ਸੀ। ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹਨਾਂ ਆਪਣਾ ਆਖਰੀ ਸਾਹ ਮੁਹਾਲੀ ਦੇ ਹਸਪਤਾਲ 'ਚ ਲਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦਸਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

Posted By: Tejinder Thind