- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਮੋਗਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ 12 ਨਵੰਬਰ ਤੋਂ 19 ਨਵੰਬਰ ਤੱਕ ‘ਜਵਾਨੀ ਸੰਭਾਲ ਯਾਤਰਾ’ ਸ਼ੁਰੂ ਕੀਤੀ ਜਾ ਰਹੀ ਹੈ। ਇਹ ਯਾਤਰਾ ਸ੍ਰੀ ਚਮਕੌਰ ਸਾਹਿਬ ਤੋਂ ਸ਼ੁਰੂ ਹੋਵੇਗੀ ਅਤੇ ਪੰਜਾਬ ਦੇ 23 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗੀ। ਇਸ ਯਾਤਰਾ ਦਾ ਮੋਗਾ ਜ਼ਿਲ੍ਹੇ ਵਿਚ ਪਹੁੰਚਣ ਦਾ ਪ੍ਰੋਗਰਾਮ 15 ਨਵੰਬਰ ਨੂੰ ਰੱਖਿਆ ਗਿਆ ਹੈ। ਇਸ ਸਬੰਧੀ ਆਪਣਾ ਪ੍ਰਤੀਕਰਮ ਦਿੰਦਿਆਂ ਕੁਲਜਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਸੂਬੇ ਦਾ ਸਭ ਤੋਂ ਕੀਮਤੀ ਸਰਮਾਇਆ ਹੈ। ਨੌਜਵਾਨਾਂ ਦੇ ਮੋਢਿਆਂ ਉੱਤੇ ਹੀ ਪੰਜਾਬ ਦੇ ਆਉਣ ਵਾਲੇ ਕੱਲ੍ਹ ਦੀ ਜ਼ਿੰਮੇਵਾਰੀ ਹੈ। ਇਸ ਲਈ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਭਵਿੱਖ ਬਾਰੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਹੈ। ਕੁਲਜਿੰਦਰ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੀ ਨੌਜਵਾਨ ਪੀੜ੍ਹੀ ਸਾਹਮਣੇ ਨਸ਼ਿਆਂ ਦੀ ਸਮੱਸਿਆ ਇਕ ਵੱਡੀ ਚੁਣੌਤੀ ਬਣੀ ਹੋਈ ਹੈ। ਨਸ਼ਿਆਂ ਕਾਰਨ ਕਈ ਘਰਾਂ ਦੇ ਚਿਰਾਗ ਬੁਝ ਰਹੇ ਹਨ ਅਤੇ ਪਰਿਵਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਨਾਲ ਜੁੜਨ, ਚੰਗੀ ਸਿੱਖਿਆ ਹਾਸਲ ਕਰਨ ਅਤੇ ਆਪਣੇ ਰੁਜ਼ਗਾਰ ਲਈ ਮਿਹਨਤ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਊਰਜਾ ਨਸ਼ਿਆਂ ਵਿਚ ਬਰਬਾਦ ਕਰਨ ਦੀ ਬਜਾਏ ਖੇਡਾਂ, ਸਮਾਜ ਸੇਵਾ, ਸਿੱਖਿਆ ਅਤੇ ਉਸਾਰੂ ਕੰਮਾਂ ਵਿੱਚ ਲਗਾਉਣੀ ਚਾਹੀਦੀ ਹੈ। ਮਾਪਿਆਂ, ਅਧਿਆਪਕਾਂ ਅਤੇ ਸਮਾਜ ਦੇ ਹਰ ਵਰਗ ਨੂੰ ਵੀ ਨੌਜਵਾਨਾਂ ਨੂੰ ਸਹੀ ਰਸਤਾ ਦਿਖਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ‘ਜਵਾਨੀ ਸੰਭਾਲ ਯਾਤਰਾ’ ਦੌਰਾਨ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਉਭਾਰਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕਰਨ ਦਾ ਮੌਕਾ ਮਿਲੇਗਾ। ਬੇਰੁਜ਼ਗਾਰੀ, ਨਸ਼ਿਆਂ ਦੀ ਸਮੱਸਿਆ, ਸਿੱਖਿਆ ਅਤੇ ਖੇਡਾਂ ਵਰਗੇ ਅਹਿਮ ਵਿਸ਼ਿਆਂ ਵੱਲ ਧਿਆਨ ਦੇਣਾ ਸਮੇਂ ਦੀ ਲੋੜ ਹੈ। ਕੁਲਜਿੰਦਰ ਸਿੰਘ ਨੇ ਦੱਸਿਆ ਕਿ 15 ਨਵੰਬਰ ਨੂੰ ਮੋਗਾ ਜ਼ਿਲ੍ਹੇ ਵਿੱਚ ਪਹੁੰਚ ਰਹੀ ਇਸ ਯਾਤਰਾ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਮਹੱਤਵਪੂਰਨ ਰਹੇਗੀ। ਉਨ੍ਹਾਂ ਮੋਗਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਸ ਯਾਤਰਾ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਇਸ ਨਾਲ ਜੁੜੇ ਸਮਾਜਿਕ ਮੁੱਦਿਆਂ ਵਿਚ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।