ਸਵਰਨ ਗੁਲਾਟੀ, ਮੋਗਾ : ਥਾਣਾ ਸਮਾਲਸਰ ਦੇ ਅਧੀਨ ਪੈਂਦੇ ਪਿੰਡ ਮੱਲਕੇ ਵਿਖੇ ਇਕ ਕਿਸਾਨ ਦੀ ਜ਼ਮੀਨ ਦੇ ਫਰਜੀ ਦਸਤਾਵੇਜ ਤਿਆਰ ਕਰਕੇ ਉਸ ਤੇ ਅੱਠ ਲੱਖ ਰੁਪਏ ਦਾ ਲੋਨ ਲੈਣ ਦੇ ਦੋਸ਼ ਵਿਚ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਬਜ਼ੁਰਗ ਕਿਸਾਨ ਕਿੰਦਰ ਸਿੰਘ ਪੁੱਤਰ ਚੰਦ ਸਿੰਘ ਵਾਸੀ ਪਿੰਡ ਮੱਲਕੇ ਵੱਲੋਂ ਐਸ.ਐਸ.ਪੀ ਮੋਗਾ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਗਿਆ ਕਿ ਉਸ ਦੀ ਪਿੰਡ ਵਿਚ ਹੀ ਜ਼ਮੀਨ ਪਈ ਹੈ। ਉਸਨੇ ਕਿਹਾ ਕਿ ਪਿੰਡ ਦੇ ਹੀ ਦੋ ਭਰਾਵਾਂ ਜਗਸੀਰ ਸਿੰਘ ਅਤੇ ਜਸਵੀਰ ਸਿੰਘ ਨੇ ਆਪਣੇ ਇਕ ਹੋਰ ਸਾਥੀ ਗੁਰਦੇਵ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਰੋੜੀ ਕਪੂਰਾ ਜ਼ਿਲ੍ਹਾ ਫਰੀਦਕੋਟ ਨਾਲ ਮਿਲਕੇ ਉਸ ਦੀ ਜ਼ਮੀਨ ਦੇ ਫਰਜੀ ਦਸਤਾਵੇਜ ਤਿਆਰ ਕਰਕੇ ਉਸ 'ਤੇ ਅੱਠ ਲੱਖ ਰੁਪਏ ਦਾ ਲੋਨ ਲੈ ਲਿਆ। ਐਸਐਸਪੀ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਮਾਮਲੇ ਦੀ ਜਾਂਚ ਡੀ.ਐਸ.ਪੀ ਬਾਘਾਪੁਰਾਣਾ ਨੂੰ ਕਰਨ ਦੇ ਆਦੇਸ਼ ਦਿੱਤੇ ਹਨ। ਪੁਲਿਸ ਵੱਲੋਂ ਕੀਤੀ ਜਾਂਚ ਪੜਤਾਲ ਦੌਰਾਨ ਸ਼ਿਕਾਇਤ ਕਰਤਾ ਵੱਲੋਂ ਲਗਾਏ ਦੋਸ਼ ਸਹੀ ਪਾਏ ਜਾਣ 'ਤੇ ਪੁਲਿਸ ਨੇ ਧੋਖਾਧੜੀ ਕਰਨ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।