- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਜ਼ਾਦ ਕਿਸਾਨ ਮੋਰਚਾ ਪੰਜਾਬ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਅਜ਼ਾਦ ਕਿਸਾਨ ਮੋਰਚਾ ਪੰਜਾਬ ਫੋਰਮ ਦੀਆਂ 16 ਕਿਸਾਨ ਜਥੇਬੰਦੀਆਂ ਦੇ ਆਗੂਆਂ ਸੁੱਖ ਗਿੱਲ ਮੋਗਾ, ਸਤਨਾਮ ਸਿੰਘ ਹਰੀਕੇ, ਜਸਬੀਰ ਸਿੰਘ ਆਹਲੂਵਾਲੀਆ, ਨਛੱਤਰ ਸਿੰਘ ਬਿਜਲੀ ਨੰਗਲ, ਪਰਮਜੀਤ ਸਿੰਘ ਜੱਬੋਵਾਲ, ਸਾਰਜ ਸਿੰਘ ਬੰਬ, ਜਥੇਦਾਰ ਤਰਨਜੀਤ ਸਿੰਘ ਨਿਮਾਣਾ, ਭੁਪਿੰਦਰ ਸਿੰਘ ਕੋਟ ਦੁੱਨਾਂ, ਜਗਮੀਤ ਸਿੰਘ ਜੱਗਾ, ਸਵਰਨ ਸਿੰਘ ਕੋਟ ਕਰੋੜ, ਜਗਦੀਪ ਸਿੰਘ ਖਾਲਸਾ, ਸ਼ਰਨਜੀਤ ਸਿੰਘ ਸਰਾਂ, ਲਖਬੀਰ ਸਿੰਘ ਸੌਂਟੀ ਨੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਦੇ ਆਗੂਆਂ ਨੇ ਦੱਸਿਆ ਕਿ 4 ਜੂਨ ਨੂੰ ਕਿਸਾਨ ਆਗੂਆਂ ਦੀ ਹੋਈਆਂ ਗ੍ਰਿਫ਼ਤਾਰੀਆਂ ਦੇ ਵਿਰੋਧ ਅਤੇ ਟੋਲ ਪਲਾਜ਼ੇ ਦੇ ਆਗੂ ਵੱਲੋਂ ਬੋਲੀ ਗਈ ਮਾੜੀ ਸ਼ਬਦਾਵਲੀ ਕਰਕੇ 22 ਜੂਨ 2026 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਮੋਗਾ ਜ਼ਿਲ੍ਹੇ ਦਾ ਕੜਾਹੇਵਾਲਾ ਟੋਲ ਪਲਾਜ਼ਾ ਜਾਮ ਕੀਤਾ ਜਾਵੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਲੋਕਤੰਤਰੀ ਅਧਿਕਾਰਾਂ ਨੂੰ ਕੁਚਲ ਰਹੀ ਹੈ ਅਤੇ ਕਿਸਾਨੀ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ।ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੁੜੇ ਵਿਵਾਦਿਤ ਵੀਡੀਓ ਮਾਮਲੇ ਨੂੰ ਲੈ ਕੇ ਵੀ ਮੋਰਚੇ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਲਬ ਕੀਤਾ ਗਿਆ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਵਿਚ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ ਇਸ ਮਾਮਲੇ ਵਿਚ ਵੱਖ-ਵੱਖ ਪੱਖਾਂ ਵੱਲੋਂ ਵੱਖਰੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵੀਡੀਓ ਵਿਚ ਆਪਣੇ ਹੋਣ ਤੋਂ ਇਨਕਾਰ ਕੀਤਾ ਹੈ। ਅਜ਼ਾਦ ਕਿਸਾਨ ਮੋਰਚਾ ਪੰਜਾਬ ਫੋਰਮ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ। ਮੋਰਚੇ ਨੇ ਇਹ ਵੀ ਮੰਗ ਕੀਤੀ ਕਿ ਕੇਜਰੀਵਾਲ ਮੁੱਖ ਮੰਤਰੀ ਨੂੰ ਪਾਰਟੀ ’ਚੋਂ ਬਾਹਰ ਕਰਨ ਬਾਰੇ ਫ਼ੈਸਲਾ ਲੈਣ। ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ 24 ਜੂਨ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਸਵੇਰੇ 11 ਵਜੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਆਮ ਲੋਕਾਂ ਵੱਲੋਂ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਲਗਾਤਾਰ ਉੱਠ ਰਹੀ ਹੈ ਅਤੇ ਅਜ਼ਾਦ ਕਿਸਾਨ ਮੋਰਚੇ ਦੀਆਂ 16 ਜਥੇਬੰਦੀਆਂ ਇਸ ਮੁੱਦੇ ’ਤੇ ਆਪਣਾ ਰੋਸ ਪ੍ਰਗਟ ਕਰ ਰਹੀਆਂ ਹਨ। ਮੋਰਚੇ ਨੇ ਪੰਜਾਬ ਦੇ ਲੋਕਾਂ ਨੂੰ 22 ਜੂਨ ਦੇ ਟੋਲ ਪਲਾਜ਼ਾ ਜਾਮ ਅਤੇ 24 ਜੂਨ ਦੇ ਰੋਸ ਪ੍ਰਦਰਸ਼ਨਾਂ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।