- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਸੂਬੇ ਵਿਚ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਲੋਕਾਂ ਵਿਚ ਸਿਹਤਮੰਦ ਜੀਵਨ-ਸ਼ੈਲੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਮੋਗਾ ਜ਼ਿਲ੍ਹੇ ਵਿਚ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਜ਼ਿਲ੍ਹੇ ਵਿਚ ਹੁਣ ਤੱਕ ਲਗਭਗ 3500 ਖਿਡਾਰੀਆਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ, ਜਦਕਿ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਹਾਲੇ ਵੀ ਜਾਰੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਅੱਜ ਜ਼ਿਲ੍ਹੇ ਵਿਚ ਖੇਡਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ, ਰਾਜਨੀਤਿਕ ਪਾਰਟੀਆਂ ਅਤੇ ਖੇਡ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ-2026 ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਵਿਚ ਬਲਾਕ ਪੱਧਰੀ ਖੇਡ ਮੁਕਾਬਲੇ 9 ਸਤੰਬਰ ਤੋਂ 18 ਸਤੰਬਰ 2026 ਤੱਕ ਕਰਵਾਏ ਜਾ ਰਹੇ ਹਨ, ਜਦਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 25 ਸਤੰਬਰ, 2026 ਤੋਂ ਸ਼ੁਰੂ ਹੋਣਗੇ। ਖੇਡਾਂ ਦਾ ਵਿਸਥਾਰਤ ਸ਼ਡਿਊਲ ਮੋਗਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ’ਤੇ ਵੀ ਅਪਲੋਡ ਕਰ ਦਿੱਤਾ ਗਿਆ ਹੈ ਤਾਂ ਜੋ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਕਾਬਲਿਆਂ ਸਬੰਧੀ ਲੋੜੀਂਦੀ ਜਾਣਕਾਰੀ ਆਸਾਨੀ ਨਾਲ ਪ੍ਰਾਪਤ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਹਰ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਸਕਦੇ ਹਨ, ਜਿਸ ਨਾਲ ਖੇਡਾਂ ਨੂੰ ਸਿਰਫ਼ ਨੌਜਵਾਨਾਂ ਤੱਕ ਸੀਮਿਤ ਰੱਖਣ ਦੀ ਬਜਾਏ ਹਰ ਵਰਗ ਤੱਕ ਪਹੁੰਚਾਉਣ ਦਾ ਉਦੇਸ਼ ਪੂਰਾ ਹੋਵੇਗਾ। ਮੋਗਾ ਜ਼ਿਲ੍ਹੇ ਵਿਚ ਐਥਲੈਟਿਕਸ, ਵਾਲੀਬਾਲ ਅਤੇ ਖੋ-ਖੋ ਵਰਗੀਆਂ ਖੇਡਾਂ ਪ੍ਰਤੀ ਖਿਡਾਰੀਆਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਟੈਨਿਸ ਬਾਲ ਕ੍ਰਿਕਟ ਨੂੰ ਵੀ ਇਸ ਵਾਰ ਖੇਡ ਮੁਕਾਬਲਿਆਂ ਵਿਚ ਸ਼ਾਮਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਨੂੰ ਲੋਕ ਲਹਿਰ ਦਾ ਰੂਪ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ, ਖੇਡ ਐਸੋਸੀਏਸ਼ਨਾਂ, ਵਿੱਦਿਅਕ ਸੰਸਥਾਵਾਂ ਅਤੇ ਹੋਰ ਸਬੰਧਤ ਧਿਰਾਂ ਨਾਲ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੀਨੀਅਰ ਸਿਟੀਜ਼ਨਾਂ ਨਾਲ ਵੀ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਸਰਗਰਮ ਭਾਗੀਦਾਰੀ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਾਗਰ ਸੇਤੀਆ ਨੇ ਕਿਹਾ ਕਿ ਪੰਜਾਬ ਪੱਧਰ ’ਤੇ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਸਰਕਾਰ ਵੱਲੋਂ ਨਗਦ ਇਨਾਮ ਵੀ ਪ੍ਰਦਾਨ ਕੀਤੇ ਜਾਣਗੇ।