- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ

24 ਘੰਟਿਆਂ ’ਚ ਖ਼ਰੀਦ ਸ਼ੁਰੂ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ, ਡੀਸੀ ਨੂੰ ਸੌਂਪਿਆ ਮੰਗ ਪੱਤਰ
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਭਰਾਤਰੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਸਬੰਧ ਵਿਚ ਡੀਸੀ ਮੋਗਾ ਸਾਗਰ ਸੇਤੀਆ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕਰਵਾਉਣ ਦੀ ਮੰਗ ਕਰਦਿਆਂ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੋਗਾ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ, ਬੀਕੇਯੂ ਏਕਤਾ ਅਜ਼ਾਦ ਦੇ ਸੂਬਾ ਆਗੂ ਲਖਵੀਰ ਸਿੰਘ ਦੌਧਰ ਅਤੇ ਬੀਕੇਯੂ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਸਕੱਤਰ ਹਰਪ੍ਰੀਤ ਸਿੰਘ ਸਮਰਾ ਨੇ ਕਿਹਾ ਕਿ ਸਰਕਾਰੀ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਦਾ ਨਿਰਧਾਰਤ ਟੀਚਾ ਪੂਰਾ ਹੋਣ ਦਾ ਹਵਾਲਾ ਦੇ ਕੇ ਖ਼ਰੀਦ ਬੰਦ ਕਰ ਦਿੱਤੀ ਗਈ ਹੈ, ਜਦਕਿ ਹਾਲੇ ਵੀ ਵੱਡੀ ਮਾਤਰਾ ਵਿਚ ਝੋਨੇ ਦੀ ਫ਼ਸਲ ਖੇਤਾਂ ਅਤੇ ਮੰਡੀਆਂ ਵਿਚ ਪਈ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਫ਼ਸਲ ਦੀ ਬਿਜਾਈ ਤੋਂ ਲੈ ਕੇ ਝਾੜ ਤੱਕ ਦੇ ਅੰਕੜੇ ਸਮੇਂ-ਸਮੇਂ ’ਤੇ ਸਰਕਾਰ ਨੂੰ ਮੁਹੱਈਆ ਕਰਵਾਏ ਜਾਂਦੇ ਹਨ। ਇਸ ਦੇ ਬਾਵਜੂਦ ਇਸ ਵਾਰ ਖੇਤੀਬਾੜੀ ਵਿਭਾਗ ਦੇ ਕੁਝ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਾਹਰੀ ਸੂਬਿਆਂ ਤੋਂ ਝੋਨਾ ਪੰਜਾਬ ਦੀਆਂ ਮੰਡੀਆਂ ਅਤੇ ਸ਼ੈਲਰਾਂ ਵਿੱਚ ਆਉਣ ਦੇ ਦੋਸ਼ ਹਨ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਦੱਸਿਆ ਕਿ ਮਾਲਵਾ ਖ਼ੇਤਰ ਵਿਚ ਹਾਲੇ ਵੀ ਲਗਭਗ 25 ਫ਼ੀਸਦੀ ਝੋਨੇ ਦੀ ਫ਼ਸਲ ਖੇਤਾਂ ਵਿੱਚ ਖੜ੍ਹੀ ਹੈ, ਜਦਕਿ 15 ਤੋਂ 20 ਫ਼ੀਸਦੀ ਫ਼ਸਲ ਮੰਡੀਆਂ ਵਿਚ ਵਿਕਣ ਲਈ ਪਈ ਹੈ। ਇਸ ਸਾਲ ਕੁਦਰਤ ਦੀ ਮਿਹਰ ਸਦਕਾ ਝੋਨੇ ਦਾ ਝਾੜ ਪਿਛਲੇ ਸਾਲਾਂ ਦੇ ਮੁਕਾਬਲੇ ਵੱਧ ਹੋਇਆ ਹੈ। ਦੂਜੇ ਪਾਸੇ, ਲਿਫ਼ਟਿੰਗ ਦੀ ਸਮੱਸਿਆ ਅਤੇ ਖ਼ਰੀਦ ਬੰਦ ਹੋਣ ਕਾਰਨ ਮੰਡੀਆਂ ਵਿਚ ਝੋਨੇ ਦੀਆਂ ਬੋਰੀਆਂ ਅਤੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਮੌਸਮ ਵਿਚ ਤਬਦੀਲੀ ਨੂੰ ਦੇਖਦਿਆਂ 23 ਨਮੀ ਵਾਲਾ ਝੋਨਾ ਵੀ ਖ਼ਰੀਦਿਆ ਜਾਵੇ ਤਾਂ ਜੋ ਕਿਸਾਨ ਆਪਣੀ ਫ਼ਸਲ ਸਮੇਂ ਸਿਰ ਵੇਚ ਕੇ ਕਣਕ ਦੀ ਬਿਜਾਈ ਕਰ ਸਕਣ। ਕਿਸਾਨ ਆਗੂਆਂ ਅਨੁਸਾਰ ਡੀਸੀ ਮੋਗਾ ਸਾਗਰ ਸੇਤੀਆ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ 24 ਘੰਟਿਆਂ ਦੇ ਅੰਦਰ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਜਾਵੇਗੀ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ 24 ਘੰਟਿਆਂ ਦੇ ਅੰਦਰ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਈ ਤਾਂ ਭਰਾਤਰੀ ਜਥੇਬੰਦੀਆਂ ਦੀ ਮੀਟਿੰਗ ਕਰਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦੀ ਪੂਰੀ ਜ਼ਿੰਮੇਵਾਰੀ ਡੀਸੀ ਮੋਗਾ ਖੇਤੀਬਾੜੀ ਵਿਭਾਗ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਕੇਐੱਮਸੀ ਦੇ ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਧਰਮ ਸਿੰਘ ਵਾਲਾ, ਬੀਕੇਯੂ ਬਹਿਰਾਮ ਕੇ ਦੇ ਸ਼ਹਿਰੀ ਪ੍ਰਧਾਨ ਗੁਰਮੇਲ ਸਿੰਘ ਧਰਮਕੋਟ, ਬੀਕੇਯੂ ਏਕਤਾ ਅਜ਼ਾਦ ਦੇ ਜ਼ਿਲ੍ਹਾ ਆਗੂ ਜਗਰਾਜ ਸਿੰਘ ਦੱਦਾਹੂਰ, ਬੀਕੇਯੂ ਕ੍ਰਾਂਤੀਕਾਰੀ ਦੇ ਬਲਾਕ ਪ੍ਰਧਾਨ ਗੁਰਜੀਤ ਸਿੰਘ, ਸਰਬਜੀਤ ਸਿੰਘ ਮੋਗਾ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।