- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਕਿਸਾਨ ਵਫ਼ਦ ਵੱਲੋਂ ਡੀਸੀ ਸਾਗਰ ਸੇਤੀਆ ਨਾਲ ਮੀਟਿੰਗ ਕਰਕੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਜ਼ਿਲ੍ਹੇ ਨਾਲ ਸਬੰਧਤ ਮੰਗਾਂ ਨੂੰ ਲੈਕੇ ਮੰਗ ਪੱਤਰ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਕੇਯੂ ਏਕਤਾ ਆਜ਼ਾਦ ਦੇ ਸੂਬਾ ਆਗੂ ਲਖਵੀਰ ਸਿੰਘ ਦੌਧਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੋਗਾ, ਬੀਕੇਯੂ ਬਹਿਰਾਮ ਕੇ ਦੇ ਜ਼ਿਲ੍ਹਾ ਆਗੂ ਜਗਰੂਪ ਸਿੰਘ ਰੰਡਿਆਲਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕੇਂਦਰ ਤੇ ਪੰਜਾਬ ਸਰਕਾਰ ਨਾਲ ਸਬੰਧਤ ਲਟਕ ਰਹੀਆਂ ਮੰਗਾਂ ਮਨਵਾਉਣ ਲਈ ਅੱਜ ਡੀਸੀ ਸਾਗਰ ਸੇਤੀਆ ਨਾਲ ਮੀਟਿੰਗ ਕੀਤੀ ਗਈ ਅਤੇ ਡੀਸੀ ਮੋਗਾ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰ ਵਾਰ ਕਿਸਾਨ ਆਗੂਆਂ ਨੂੰ ਮੀਟਿੰਗਾਂ ਦਾ ਸਮਾਂ ਦੇਕੇ ਮੁੱਕਰ ਜਾਣਾ ਚੰਗੀ ਗੱਲ ਨਹੀਂ ਹੈ, ਪੰਜਾਬ ਦੇ ਲੋਕਾਂ ਨੇ ਵੋਟਾਂ ਪਾ ਕੇ ਚੁਣਿਆ ਹੈ ਤੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਨਾਲ ਬੈਠ ਕੇ ਮੀਟਿੰਗ ਕਰੇ ਅਤੇ ਕਿਸਾਨਾਂ ਮਜ਼ਦੂਰਾਂ ਦੇ ਮਸਲਿਆਂ ਦਾ ਹੱਲ ਕਰੇ। ਕਿਸਾਨ ਆਗੂਆਂ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਕਹਿ ਰਹੇ ਕਿ ਜੋ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਹਨ ਉਹ ਕੇਂਦਰ ਸਰਕਾਰ ਨਾਲ ਸਬੰਧਤ ਹਨ ਅਤੇ ਦੂਜੇ ਪਾਸੇ ਕੇਂਦਰ ਸਰਕਾਰ ਤੋਂ ਮੰਗਾਂ ਮਨਵਾਉਣ ਜਾ ਰਹੇ ਕਿਸਾਨਾਂ ਮਜ਼ਦੂਰਾਂ ਵੱਲੋਂ ਸ਼ੰਭੂ, ਖਨੌਰੀ ਬਾਰਡਰਾਂ ਉੱਤੇ ਲੱਗੇ ਮੋਰਚਿਆਂ ਨੂੰ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨਾਲ ਰਲਕੇ ਖਦੇੜਿਆ ਤੇ ਕਰੋੜਾਂ ਰੁਪਏ ਦਾ ਸਮਾਨ ਚੋਰੀ ਤੇ ਨਸ਼ਟ ਕੀਤਾ, ਜਿਸਦੀ ਭਰਪਾਈ ਪੰਜਾਬ ਸਰਕਾਰ ਨੇ ਹਾਲੇ ਤੱਕ ਨਹੀਂ ਕੀਤੀ ਤੇ ਕੇਂਦਰ ਸਰਕਾਰ ਵੱਲੋ ਥੋਪੀਆਂ ਜਾ ਰਹੀਆਂ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਉਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਹਿਮਤੀ ਦੇ ਰਹੀ ਹੈ, ਇਸ ਤੋਂ ਪੰਜਾਬ ਸਰਕਾਰ ਦਾ ਦੋਗਲਾ ਚਿਹਰਾ ਲੋਕਾਂ ਅੱਗੇ ਪੂਰੀ ਤਰ੍ਹਾਂ ਨੰਗਾ ਹੋ ਚੁੱਕਾ ਹੈ । ਕਿਸਾਨ ਆਗੂਆਂ ਅੱਗੇ ਕਿਹਾ ਕਿ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਤਰੁੰਤ ਮੰਨੀਆਂ ਜਾਣ ਆਦਿ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਮਨਵਾਉਣ ਲਈ ਡੀਸੀ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਡੀਸੀ ਵੱਲੋਂ ਕਿਸਾਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਆਉਣ ਵਾਲੇ ਦਿਨਾਂ ਵਿਚ ਜ਼ਿਲੇ ਨਾਲ ਸਬੰਧਤ ਮਸਲਿਆਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਧਰਮ ਸਿੰਘ ਵਾਲਾ, ਮੀਤ ਪ੍ਰਧਾਨ ਹਰਮੰਦਰ ਸਿੰਘ ਡੇਮਰੂ, ਬੀਕੇਯੂ ਏਕਤਾ ਅਜ਼ਾਦ ਦੇ ਜ਼ਿਲ੍ਹਾ ਆਗੂ ਜਗਰਾਜ ਸਿੰਘ ਦੱਦਾਹੂਰ ਅਤੇ ਬਲਵਿੰਦਰ ਸਿੰਘ ਝੰਡਾ ਬੱਗਾ ਆਦਿ ਆਗੂ ਹਾਜ਼ਰ ਸਨ।