- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ

ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਕੀਤਾ ਵਿਚਾਰ ਵਟਾਂਦਰਾ
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਕੋਟ ਈਸੇ ਖਾਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਪਿਛੌਰਾ ਸਿੰਘ ਮੁੰਡੀ ਜਮਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ‘ਚ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਸੂਬਾ ਮੀਤ ਪ੍ਰਧਾਨ ਮੋਹਨ ਸਿੰਘ ਜਿੰਦੜਾ, ਸੂਬਾ ਮੀਤ ਪ੍ਰਧਾਨ ਸੂਰਤ ਸਿੰਘ ਕਾਦਰਵਾਲਾ, ਸੂਬਾ ਆਗੂ ਮੰਦਰਜੀਤ ਸਿੰਘ ਮਨਾਵਾਂ, ਸੂਬਾ ਆਗੂ ਗੁਰਜੰਟ ਸਿੰਘ ਗਗੜਾ, ਸੂਬਾ ਆਗੂ ਹਰਨੇਕ ਸਿੰਘ ਫਤਿਹਗੜ੍ਹ ਅਤੇ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਚਲਾਈ। ਮੀਟਿੰਗ ਵਿਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ, ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ, ਖੇਤਾਂ ਲਈ ਬਿਜਲੀ ਸਪਲਾਈ, ਇਲਾਕੇ ਦੀਆਂ ਲੋਕ ਭਲਾਈ ਨਾਲ ਸਬੰਧਤ ਸਮੱਸਿਆਵਾਂ ਅਤੇ ਜਥੇਬੰਦੀ ਦੇ ਆਉਣ ਵਾਲੇ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਪਿਛੌਰਾ ਸਿੰਘ ਮੁੰਡੀ ਜਮਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਪੰਜਾਬ ਦੀ ਉਪਜਾਊ ਖੇਤੀਯੋਗ ਜ਼ਮੀਨ ਅਤੇ ਕਿਸਾਨਾਂ ਦੇ ਭਵਿੱਖ ਨਾਲ ਸਿੱਧਾ ਖਿਲਵਾੜ ਹੈ। ਪੰਜਾਬ ਪਹਿਲਾਂ ਹੀ ਖੇਤੀਯੋਗ ਜ਼ਮੀਨ ਦੇ ਘਟਦੇ ਰਕਬੇ, ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਅਤੇ ਕਿਸਾਨੀ ਸੰਕਟ ਨਾਲ ਜੂਝ ਰਿਹਾ ਹੈ। ਇਸ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਲੈਂਡ ਪੂਲਿੰਗ ਨੀਤੀ ਦਾ ਡਟਵਾਂ ਵਿਰੋਧ ਕਰਦੀ ਹੈ ਅਤੇ ਇਸ ਨੂੰ ਕਿਸੇ ਵੀ ਹਾਲਤ ਵਿਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧਿਆਨ ਇਲਾਕੇ ਦੀਆਂ ਹੋਰ ਗੰਭੀਰ ਸਮੱਸਿਆਵਾਂ ਵੱਲ ਦਿਵਾਉਂਦਿਆਂ ਕਿਹਾ ਕਿ ਮੁੰਡੀ ਜਮਾਲ, ਸ਼ਾਹਵਾਲਾ, ਦਾਨੇਵਾਲਾ ਸਮੇਤ ਹੋਰ ਪਿੰਡਾਂ ਵਿਚੋਂ ਲੰਘਦੀ ਡਰੇਨ ਦੀ ਤੁਰੰਤ ਸਫਾਈ ਕਰਵਾਈ ਜਾਵੇ ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਹੜ੍ਹਾਂ ਦੀ ਸਥਿਤੀ ਤੋਂ ਬਚਿਆ ਜਾ ਸਕੇ ਅਤੇ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਨਾ ਹੋਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖੇਤਾਂ ਲਈ ਰੋਜ਼ਾਨਾ 8 ਤੋਂ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਵਿਭਾਗ ਵੱਲੋਂ ਲਗਾਏ ਜਾ ਰਹੇ ਲਗਾਤਾਰ ਅਤੇ ਵੱਡੇ-ਵੱਡੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਸਿਰਫ਼ ਕਰੀਬ ਚਾਰ ਘੰਟੇ ਹੀ ਬਿਜਲੀ ਮਿਲ ਰਹੀ ਹੈ, ਜਿਸ ਨਾਲ ਝੋਨੇ ਦੀ ਬਿਜਾਈ ਅਤੇ ਸਿੰਚਾਈ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਜੇਕਰ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਤੁਰੰਤ ਵਾਪਸ ਨਾ ਲਿਆ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਬਲਾਕ ਤੋਂ ਲੈ ਕੇ ਸੂਬਾ ਪੱਧਰ ਤੱਕ ਤਿੱਖਾ ਅਤੇ ਵਿਸ਼ਾਲ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਮੇਜਰ ਸਿੰਘ, ਅਮਰੀਕ ਸਿੰਘ, ਕੁਲਵੰਤ ਸਿੰਘ ਮੁੰਡੀ ਜਮਾਲ, ਪ੍ਰਤਾਪ ਸਿੰਘ ਮੁੰਡੀ ਜਮਾਲ, ਗਗਨਦੀਪ ਸਿੰਘ, ਮੇਜਰ ਸਿੰਘ ਡਰੋਲੀ, ਸਹਿਜਦੀਪ ਸਿੰਘ ਮੰਡੀ ਜਮਾਲ, ਲਖਵਿੰਦਰ ਸਿੰਘ ਰੌਲੀ ਮੀਤ ਪ੍ਰਧਾਨ, ਗੁਰਵੀਰ ਸਿੰਘ ਡਰੋਲੀ ਖੇੜਾ, ਬੂਟਾ ਸਿੰਘ ਕਿਲੀ ਕਾਂਧਰਾ, ਹਰਵਿੰਦਰ ਸਿੰਘ ਮੋਜੇਵਾਲ, ਹਰਜਿੰਦਰ ਸਿੰਘ ਮੋਜੇਵਾਲਾ, ਮੇਹਰ ਸਿੰਘ ਮੁੰਡੀ ਜਮਾਲ, ਹਰਭਜਨ ਸਿੰਘ ਸਰਪੰਚ ਮੁੰਡੀ ਜਮਾਲ, ਅਮਰਦੀਪ ਸਿੰਘ ਮੁੰਡੀ ਜਮਾਲ, ਕੁਲਵੰਤ ਸਿੰਘ ਜਿਲਾ ਮੀਤ ਪ੍ਰਧਾਨ, ਅਰਬੇਲ ਸਿੰਘ ਮੁੰਡੀ ਜਮਾਲ, ਸੁਖਬੀਰ ਸਿੰਘ ਗਿਹਲੀ ਵਾਲਾ, ਗੁਰਜੰਟ ਸਿੰਘ ਮੁੰਡੀ ਜਮਾਲ ਆਦਿ ਹਾਜ਼ਰ ਸਨ।