10 ਦੀ ਸੰਗਰੂਰ ਮਹਾਂ ਰੈਲੀ ’ਚ ਵੱਡੀ ਗਿਣਤੀ ’ਚ ਕਰਾਂਗੇ ਸ਼ਮੂਲੀਅਤ : ਡੀਟੀਐੱਫ਼ ਮੁਲਾਜ਼ਮ ਮੰਚ ਤੇ ਪੰਜਾਬ
Publish Date: Tue, 06 Oct 2026 04:26 PM (IST)
Updated Date: Wed, 07 Oct 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਸੱਦੇ ਅਨੁਸਾਰ 10 ਅਕਤੂਬਰ ਦੀ ਸੰਗਰੂਰ ਰੈਲੀ ਦੀ ਤਿਆਰੀ ਸੰਬੰਧੀ ਡੀਟੀਐੱਫ਼ ਮੋਗਾ ਦੀ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਕਾਰਜਕਾਰੀ ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਘੋਲੀਆ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਝੋਰੜਾਂ ਨੇ ਦੱਸਿਆ ਕਿ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਵਿਚ ਵੱਡੀ ਗਿਣਤੀ ’ਚ ਅਧਿਆਪਕਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਮੇਟੀ ਪੰਜਾਬ ਸਰਕਾਰ ਦੀ ਮੁਲਾਜ਼ਮ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਪਣਾਈ ਨੀਤੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਜ਼ਿਲ੍ਹਾ ਜੁਆਇੰਟ ਸਕੱਤਰ ਅਮਨਦੀਪ ਮਾਛੀਕੇ ਅਤੇ ਜ਼ਿਲ੍ਹਾ ਵਿੱਤ ਸਕੱਤਰ ਗੁਰਸ਼ਰਨ ਸਿੰਘ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ, ਡੀਏ ਦੀਆਂ ਕਿਸ਼ਤਾਂ ਜਾਰੀ ਕਰਨ, ਪੈਨਸ਼ਨਰਾਂ ਦੀਆਂ ਤਰੁੱਟੀਆਂ ਦੂਰ ਕਰਨ ਕਰਕੇ 2.59 ਦਾ ਗੁਣਾਕ ਦਿੱਤਾ ਜਾਵੇ,17 ਜੁਲਾਈ 2020 ਦਾ ਪੱਤਰ ਰੱਦ ਕਰਨ, 15 ਜਨਵਰੀ 2015 ਦਾ ਨੋਟੀਫਿਕੇਸ਼ਨ ਰੱਦ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, 37 ਤਰ੍ਹਾਂ ਦੇ ਕੱਟੇ ਭੱਤੇ ਜਾਰੀ ਕਰਨ ਤੇ ਹੋਰ ਮੁਲਾਜ਼ਮ ਮੰਗਾਂ ਨੂੰ ਸਰਕਾਰ ਆਪਣੇ ਚੋਣ ਮੈਨੀਫੈਸਟੋ ਅਨੁਸਾਰ ਪੂਰਾ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮ ਵਰਗ ਦੀਆਂ ਹੱਕੀ ਤੇ ਜਾਇਜ਼ ਮੰਗਾਂ ਸਬੰਧੀ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਰੋਸ ਹੈ।ਆਗੂਆਂ ਨੇ ਚੇਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ 10 ਅਕਤੂਬਰ ਨੂੰ ਪੰਜਾਬ ਭਰ ਦੇ ਮੁਲਾਜ਼ਮਾਂ ਵੱਲੋਂ ਸੰਗਰੂਰ ਵਿਖੇ ਮਹਾਂ ਰੈਲੀ ਕਰਕੇ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਲਈ ਮਜ਼ਬੂਰ ਕੀਤਾ ਜਾਵੇਗਾ। ਇਸ ਸਮੇਂ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ, ਅਮਰਦੀਪ ਸਿੰਘ ਬੁੱਟਰ, ਜਗਜੀਤ ਸਿੰਘ ਰਣੀਆਂ ਤੇ ਨਵਦੀਪ ਸਿੰਘ ਧੂੜਕੋਟ ਆਦਿ ਜ਼ਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ।