- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੱਡੇ ਇਕੱਠ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਯੋਗ ਅਤੇ ਲੋੜਵੰਦ ਪਰਿਵਾਰਾਂ ਨੂੰ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ। ਇਹ ਸਾਰੀ ਪ੍ਰਕਿਰਿਆ ਇਕ ਡਿਜੀਟਲ, ਪਾਰਦਰਸ਼ੀ ਤੇ ਨਿਰਪੱਖ ਪ੍ਰਣਾਲੀ ਰਾਹੀਂ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਅਸਲ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਵਿਤਕਰੇ ਜਾਂ ਸਿਆਸੀ ਦਖ਼ਲ ਤੋਂ ਉਨ੍ਹਾਂ ਦੇ ਹੱਕ ਦਿੱਤੇ ਜਾ ਸਕਣ।

ਮਨਪ੍ਰੀਤ ਸਿੰਘ ਮੱਲੇਆਣਾ/ਅਵਤਾਰ ਸਿੰਘ , ਪੰਜਾਬੀ ਜਾਗਰਣ, ਮੋਗਾ : ਮੋਗਾ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ ਖੁਸ਼ਹਾਲ ਪੰਜਾਬ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 10 ਲੱਖ ਲਾਭਪਾਤਰੀਆਂ ਤੱਕ ਭੋਜਨ ਸੁਰੱਖਿਆ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਯੋਜਨਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਨਾਂ ਕਿਸੇ ਰਿਸ਼ਵਤ ਤੇ ਸਿਫ਼ਾਰਸ਼ ਦੇ ਸਿਧਾਂਤ ਤਹਿਤ ਸਿਰਫ਼ ਅਸਲ ਲੋੜਵੰਦਾਂ ਨੂੰ ਹੀ ਪਾਰਦਰਸ਼ੀ, ਡਿਜੀਟਲ ਤੇ ਨਿਰਪੱਖ ਚੋਣ ਪ੍ਰਕਿਰਿਆ ਰਾਹੀਂ ਉਨ੍ਹਾਂ ਦੇ ਹੱਕ ਦਿੱਤੇ ਜਾ ਰਹੇ ਹਨ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਮੁੱਖ ਮੰਤਰੀ ਨੇ ਸਟੇਜ 'ਤੇ ਲਾਭਪਾਤਰੀਆਂ ਨੂੰ 'ਮੇਰੀ ਰਸੋਈ' ਕਿੱਟਾਂ ਵੰਡੀਆਂ, ਜਿਨ੍ਹਾਂ ’ਚ ਦਾਲਾਂ, ਖੰਡ, ਨਮਕ, ਹਲਦੀ ਅਤੇ ਸਰ੍ਹੋਂ ਦਾ ਤੇਲ ਸੀ। ਉਨ੍ਹਾਂ ਨੇ ਲਾਭਪਾਤਰੀਆਂ ਨੂੰ ਈ-ਕੇਵਾਈਸੀ ਮੁਕੰਮਲ ਹੋਣ ਤੋਂ ਬਾਅਦ ਪ੍ਰਤੀ ਮੈਂਬਰ ਪ੍ਰਤੀ ਮਹੀਨਾ ਪੰਜ ਕਿਲੋਗ੍ਰਾਮ ਮੁਫ਼ਤ ਕਣਕ ਦੇਣ ਦਾ ਭਰੋਸਾ ਵੀ ਦਿੱਤਾ।
ਵੱਡੇ ਇਕੱਠ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਯੋਗ ਅਤੇ ਲੋੜਵੰਦ ਪਰਿਵਾਰਾਂ ਨੂੰ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ। ਇਹ ਸਾਰੀ ਪ੍ਰਕਿਰਿਆ ਇਕ ਡਿਜੀਟਲ, ਪਾਰਦਰਸ਼ੀ ਤੇ ਨਿਰਪੱਖ ਪ੍ਰਣਾਲੀ ਰਾਹੀਂ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਅਸਲ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਵਿਤਕਰੇ ਜਾਂ ਸਿਆਸੀ ਦਖ਼ਲ ਤੋਂ ਉਨ੍ਹਾਂ ਦੇ ਹੱਕ ਦਿੱਤੇ ਜਾ ਸਕਣ। ਮੁੱਖ ਮੰਤਰੀ ਨੇ ਦੱਸਿਆ ਕਿ ਜੁਲਾਈ ’ਚ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਮੁਹਿੰਮ ਦੌਰਾਨ ਕੁੱਲ 19.25 ਲੱਖ ਆਨਲਾਈਨ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਲੋੜਵੰਦ ਪਰਿਵਾਰਾਂ ਦੀ ਪਛਾਣ ਕਰਨ ਲਈ ਡਿਜੀਟਲ ਡਾਟਾ ਤੇ ਨਿਰਪੱਖ ਅੰਕ-ਪ੍ਰਣਾਲੀ ਦੀ ਵਰਤੋਂ ਕੀਤੀ ਗਈ। ਇਹ ਮੁਹਿੰਮ ਬਿਨਾਂ ਕਿਸੇ ਰਿਸ਼ਵਤ ਤੇ ਸਿਫ਼ਾਰਸ਼ ਦੇ ਸਿਧਾਂਤ ਤਹਿਤ ਚਲਾਈ ਗਈ ਹੈ। ਅਸੀਂ ਇਹ ਯਕੀਨੀ ਬਣਾਇਆ ਹੈ ਕਿ ਸਿਰਫ਼ ਅਸਲ ਅਤੇ ਲੋੜਵੰਦ ਪਰਿਵਾਰਾਂ ਦੀ ਹੀ ਚੋਣ ਕੀਤੀ ਜਾਵੇ ਤਾਂ ਜੋ ਇਹ ਲਾਭ ਅਸਲ ਹੱਕਦਾਰਾਂ ਤੱਕ ਪਹੁੰਚ ਸਕਣ। ਉਨ੍ਹਾਂ ਕਿਹਾ ਸਾਡੀ ਸਰਕਾਰ ਹਰੇਕ ਯੋਗ ਪਰਿਵਾਰ ਲਈ ਖ਼ੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਹ ਵਾਧੂ ਲਾਭ ਆਮ ਪਰਿਵਾਰਾਂ ਨੂੰ ਵੱਡੀ ਰਾਹਤ ਦੇਣਗੇ ਤੇ ਸਮਾਜ ਦੇ ਸਭ ਤੋਂ ਗਰੀਬ ਤਬਕੇ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਨੂੰ ਹੋਰ ਮਜ਼ਬੂਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਅੰਤਿਮ ਲਾਭਪਾਤਰੀ ਸੂਚੀ ਵਿਚ ਸ਼ਾਮਲ ਪਰਿਵਾਰਾਂ ਨੂੰ ਉਨ੍ਹਾਂ ਦੇ ਰਜਿਸਟਰਡ ਮੋਬਾਈਲ ਨੰਬਰਾਂ ’ਤੇ ਐੱਸਐੱਮਐੱਸ ਭੇਜ ਕੇ ਸੂਚਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਐੱਸਐੱਮਐੱਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਚੁਣੇ ਗਏ ਪਰਿਵਾਰਾਂ ਨੂੰ ਜਾਣਕਾਰੀ ਦੇਣ ਲਈ ਆਈਵੀਆਰਐੱਸ ਸੁਨੇਹੇ ਤੇ ਪੱਤਰ ਵੀ ਭੇਜੇ ਜਾ ਰਹੇ ਹਨ। ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਗਰੀਬ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੁਰਾਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣਾ ਜਾਰੀ ਰੱਖਿਆ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਲਾਭ ਹਰ ਯੋਗ ਪਰਿਵਾਰ ਤੱਕ ਨਿਰਵਿਘਨ ਢੰਗ ਨਾਲ ਪਹੁੰਚਣ।