ਲੋਕ-ਰਾਜ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ : ਡਾ. ਰੰਧਾਵਾ ਪੰਜਾਬ ਦੀ ਸਿਆਸਤ ਵਿਚ
Publish Date: Mon, 02 Nov 2026 04:28 PM (IST)
Updated Date: Mon, 02 Nov 2026 04:29 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪੰਜਾਬ ਦੀ ਸਿਆਸਤ ਵਿਚ ਇਕ ਹੋਰ ਨਵੀਂ ਪਾਰਟੀ ਨੇ ਚੋਣ ਮੈਦਾਨ ਵਿਚ ਉੱਤਰਨ ਦਾ ਐਲਾਨ ਕੀਤਾ ਹੈ। ਵੱਖ ਵੱਖ ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ ਤੋਂ ਇਕੱਠੇ ਹੋਏ ਲੋਕਾਂ ਵੱਲੋਂ ਲੋਕ-ਰਾਜ ਪੰਜਾਬ ਨੂੰ ਸਿਆਸੀ ਪਾਰਟੀ ਵਜੋਂ ਰਜਿਸਟਰ ਕਰਵਾ ਕੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਕੀਤਾ ਗਿਆ ਹੈ। ਪਾਰਟੀ ਵੱਲੋਂ ਫਿਲਹਾਲ ਕੁੱਝ ਚੋਣਵੇਂ ਵਿਧਾਨ ਸਭਾ ਹਲਕਿਆਂ ਤੋਂ ਹੀ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਜਾਣਗੇ ਤਾਂ ਜੋ ਪੰਜਾਬੀ ਏਕਤਾ ਦੀ ਵੋਟ ਵੰਡੀ ਨਾ ਜਾਵੇ। ਪਾਰਟੀ ਦੀ ਲੀਡਰਸ਼ਿਪ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਲੰਮੇ ਸਮੇਂ ਤੋਂ ਜਨਤਕ ਮੁੱਦਿਆਂ ਅਤੇ ਸੂਬਾ ਪੱਧਰੀ ਸੰਘਰਸ਼ਾਂ ਵਿਚ ਸਰਗਰਮ ਰਹੀ ਹੈ। ਪਾਰਟੀ ਵੱਲੋਂ ਬੁੱਧੀਜੀਵੀਆਂ, ਕਿਸਾਨਾਂ, ਸਾਬਕਾ ਫ਼ੌਜੀਆਂ, ਮੁਲਾਜ਼ਮਾਂ, ਵਕੀਲਾਂ, ਨੌਜਵਾਨਾਂ ਅਤੇ ਔਰਤਾਂ ਨੂੰ ਨਾਲ ਲੈ ਕੇ ਪੰਜਾਬ ਦੇ ਸਮਾਜਿਕ, ਆਰਥਿਕ ਅਤੇ ਹੋਰ ਅਹਿਮ ਮਸਲਿਆਂ ਦੇ ਹੱਲ ਲਈ ਕੰਮ ਕਰਨ ਦੀ ਗੱਲ ਆਖੀ ਗਈ ਹੈ। ਇਸ ਮੌਕੇ ਪਾਰਟੀ ਦੇ ਪ੍ਰਧਾਨ ਡਾ. ਮਨਜੀਤ ਸਿੰਘ ਰੰਧਾਵਾ ਨੇ ਐਲਾਨ ਕੀਤਾ ਕਿ ਲੋਕ-ਰਾਜ ਪਾਰਟੀ ਪੰਜਾਬ ਵਿਚ ਸੱਚ, ਦਇਆ, ਬਰਾਬਰੀ, ਇਨਸਾਫ਼ ਅਤੇ ਆਪਸੀ ਪ੍ਰੇਮ ਦੇ ਸਿਧਾਂਤਾਂ ਤੇ ਆਧਾਰਿਤ ਲੋਕ-ਪੱਖੀ ਰਾਜ ਪ੍ਰਬੰਧ ਸਥਾਪਤ ਕਰਨ ਲਈ ਵਚਨਬੱਧ ਹੈ। ਪਾਰਟੀ ਵੱਲੋਂ ਪੰਜਾਬ ਦੇ ਸਾਰੇ ਪਿੰਡਾਂ ਦੀਆਂ ਗ੍ਰਾਮ ਸਭਾਵਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਪਿੰਡਾਂ ਦੀ ਸੁਰੱਖਿਆ ਲਈ ਸੁਰੱਖਿਆ ਦਸਤੇ ਬਣਾਉਣ ਵਾਸਤੇ ਉਪਰਾਲੇ ਕਰਨ। ਪਾਰਟੀ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਬੇਅਦਬੀਆਂ, ਨਸ਼ਿਆਂ, ਔਰਤਾਂ ਦੀ ਸੁਰੱਖਿਆ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਵਰਗੇ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਮੁਤਾਬਕ ਪਿੰਡ ਪੱਧਰ ’ਤੇ ਲੋਕਾਂ ਦੀ ਭਾਗੀਦਾਰੀ ਨਾਲ ਇੰਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਜਾ ਸਕਦੇ ਹਨ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਡਾ. ਗੁਰਮੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪਾਰਟੀ ਵੱਲੋਂ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਇਸ ਮੌਕੇ ਡਾ. ਗੁਰਮੀਤ ਸਿੰਘ ਨੇ ਦਾਅਵਾ ਕੀਤਾ ਕਿ ਪਾਰਟੀ ਦੀ ਯੋਜਨਾ ਅਨੁਸਾਰ ਪੰਜਾਬ ਨੂੰ ਮਿਲਾਵਟਖੋਰੀ, ਭ੍ਰਿਸ਼ਟਾਚਾਰ ਅਤੇ ਨਸ਼ਿਆਂ ਤੋਂ ਮੁਕਤ ਕਰਨ ਲਈ ਪਹਿਲੇ ਮਹੀਨੇ ਤੋਂ ਹੀ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਦੀ ਸਫ਼ਲਤਾ ਲੋਕਾਂ ਵੱਲੋਂ ਮਿਲਣ ਵਾਲੇ ਸਹਿਯੋਗ ਅਤੇ ਸਮਰਥਨ ਤੇ ਨਿਰਭਰ ਕਰੇਗੀ। ਅੰਤ ਵਿਚ ਪਾਰਟੀ ਆਗੂਆਂ ਨੇ ਕਿਹਾ ਕਿ ਲੋਕ-ਰਾਜ ਪਾਰਟੀ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਸੂਬੇ ਦੇ ਭਖਦੇ ਮਸਲਿਆਂ ਨੂੰ ਸਿਆਸੀ ਮੰਚ ਤੇ ਉਠਾਏਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਚੋਣਵੇਂ ਹਲਕਿਆਂ ਤੋਂ ਆਪਣੇ ਉਮੀਦਵਾਰ ਖੜ੍ਹੇ ਕਰੇਗੀ।