ਮਹਾਰਿਸ਼ੀ ਵਾਲਮੀਕਿ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ
Publish Date: Sat, 24 Oct 2026 03:42 PM (IST)
Updated Date: Sat, 24 Oct 2026 03:46 PM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਮੋਗਾ ਵਿਖੇ ਮਹਾਨ ਰਿਸ਼ੀ, ਆਦਿ ਕਵੀ ਅਤੇ ਰਾਮਾਇਣ ਦੇ ਰਚੇਤਾ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਭਾ ਕਰਵਾਈ ਗਈ, ਜਿਸ ਦੌਰਾਨ ਵਿਦਿਆਰਥੀਆਂ ਨੂੰ ਮਹਾਰਿਸ਼ੀ ਵਾਲਮੀਕਿ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਪ੍ਰਤੀ ਉਨ੍ਹਾਂ ਦੇ ਮਹਾਨ ਯੋਗਦਾਨ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣਾਂ, ਕਵਿਤਾਵਾਂ ਤੇ ਉਨ੍ਹਾਂ ਦੇ ਜੀਵਨ ’ਤੇ ਅਧਾਰਿਤ ਨਾਟਕ ਅਤੇ ਵਿਚਾਰਾਂ ਰਾਹੀਂ ਮਹਾਰਿਸ਼ੀ ਵਾਲਮੀਕਿ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਾਨੂੰ ਸੱਚਾਈ, ਸਮਾਨਤਾ, ਦਇਆ, ਨਿਮਰਤਾ ਅਤੇ ਮਨੁੱਖਤਾ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਸਕੂਲ ਦੇ ਪ੍ਰਿੰਸੀਪਲ ਜਸਮੇਲ ਸਿੰਘ ਕਲਸੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਕੇਵਲ ਕਿਤਾਬੀ ਗਿਆਨ ਪ੍ਰਾਪਤ ਕਰਨਾ ਹੀ ਨਹੀਂ, ਸਗੋਂ ਬੱਚਿਆਂ ਅੰਦਰ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ। ਅੰਤ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨ ਸਿੰਘ ਤੇ ਸਕੂਲ ਚੇਅਰਮੈੱਨ ਯੋਗਿੰਦਰ ਪ੍ਰਸਾਦ ਸ਼ਰਮਾ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੁਨੇਹਾ ਦਿੱਤਾ।