- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੁਵਾ ਮਾਮਲੇ ਅਤੇ ਖੇਡ ਮੰਤਰਾਲਾ,

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਧੀਨ ਮਾਈ ਭਾਰਤ ਮੋਗਾ ਵੱਲੋਂ ਡੀ.ਐੱਮ. ਕਾਲਜ ਆਫ਼ ਐਜੂਕੇਸ਼ਨ, ਮੋਗਾ ਵਿਖੇ ਜ਼ਿਲ੍ਹਾ ਪੱਧਰੀ ‘ਵਿਕਸਿਤ ਭਾਰਤ ਯੂਥ ਪਾਰਲੀਮੈਂਟ 2027’ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਵਿਸ਼ਾ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਰੱਖਿਆ ਗਿਆ, ਜਿਸ ਤਹਿਤ ਨੌਜਵਾਨਾਂ ਲਈ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਪ੍ਰੋਗਰਾਮ ਦਾ ਉਦਘਾਟਨ ਜ਼ਿਲ੍ਹਾ ਯੁਵਾ ਅਧਿਕਾਰੀ ਗੁਰਪ੍ਰੀਤ ਸਿੰਘ, ਡੀਐੱਮ ਕਾਲਜ ਦੇ ਪ੍ਰਿੰਸੀਪਲ ਲਲਿਤ ਮੋਹਨ ਗਰਗ ਅਤੇ ਡੀ.ਐੱਮ. ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਆਸ਼ਿਮਾ ਭੰਡਾਰੀ ਅਤੇ ਬੀਕੇ ਲਾਅ ਕਾਲਜ ਦੀ ਪ੍ਰਿੰਸੀਪਲ ਮਧੂ ਸ਼ਰਮਾ ਵੱਲੋਂ ਸਾਂਝੇ ਤੌਰ ’ਤੇ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਯੁਵਾ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਯੂਥ ਪਾਰਲੀਮੈਂਟ ਦੇ ਉਦੇਸ਼ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਸਰਗਰਮ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਨੇ ਨਸ਼ਿਆਂ ਦੀ ਗੰਭੀਰ ਸਮਾਜਿਕ ਸਮੱਸਿਆ ਬਾਰੇ ਚਾਨਣਾ ਪਾਉਂਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਮਾਜ ਵਿਚ ਜਾਗਰੂਕਤਾ ਫੈਲਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਮੁਕਾਬਲੇ ਦੇ ਮੁਲਾਂਕਣ ਲਈ ਗਠਿਤ ਜਿਊਰੀ ਵਿਚ ਸੇਵਾਮੁਕਤ ਮੇਜਰ ਪ੍ਰਦੀਪ ਸਿੰਘ, ਡੀਐੱਮ ਕਾਲਜ ਦੇ ਪ੍ਰਿੰਸੀਪਲ ਲਲਿਤ ਮੋਹਨ ਗਰਗ, ਡੀ.ਐੱਮ. ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਆਸ਼ਿਮਾ ਭੰਡਾਰੀ, ਬੀਕੇ ਲਾਅ ਕਾਲਜ ਦੀ ਪ੍ਰਿੰਸੀਪਲ ਮਧੂ ਸ਼ਰਮਾ ਅਤੇ ਸਰਕਾਰੀ ਕਾਲਜ ਦੇ ਪ੍ਰੋਫੈਸਰ ਰਵਿੰਦਰ ਸਿੰਘ ਸ਼ਾਮਲ ਸਨ। ਜਿਊਰੀ ਮੈਂਬਰ ਸੇਵਾਮੁਕਤ ਮੇਜਰ ਪ੍ਰਦੀਪ ਸਿੰਘ ਨੇ ਭਾਗੀਦਾਰਾਂ ਦੇ ਭਾਸ਼ਣਾਂ ਉਪਰ ਆਪਣੇ ਕੀਮਤੀ ਵਿਚਾਰ ਅਤੇ ਸੁਝਾਅ ਸਾਂਝੇ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਸਲੀਨ ਕੌਰ ਨੇ ਪਹਿਲਾ, ਕਸ਼ਿਸ਼ ਨੇ ਦੂਜਾ ਅਤੇ ਹਰਸਿਮਰਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਹ ਤਿੰਨੇ ਜੇਤੂ ਹੁਣ ਜ਼ਿਲ੍ਹਾ ਮੋਗਾ ਦੀ ਨੁਮਾਇੰਦਗੀ ਕਰਦਿਆਂ ਰਾਜ ਪੱਧਰੀ ਮੁਕਾਬਲੇ ਵਿਚ ਭਾਗ ਲੈਣਗੇ। ਪ੍ਰੋਗਰਾਮ ਦੇ ਅੰਤ ਵਿਚ ਜੇਤੂ ਭਾਗੀਦਾਰਾਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਹੋਈ।