ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ’ਚ ਮਾਲਵਿਕਾ ਸੂਦ ਨੇ ਦਿਖਾਈ ਤਾਕਤ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ
Publish Date: Sun, 15 Nov 2026 04:47 PM (IST)
Updated Date: Sun, 15 Nov 2026 04:48 PM (IST)
ਵੱਡੀ ਗਿਣਤੀ ’ਚ ਅਹੁਦੇਦਾਰਾਂ ਤੇ ਵਰਕਰਾਂ ਨੇ ਸਾਬਕਾ ਮੁੱਖ ਮੰਤਰੀ ਦਾ ਕੀਤਾ ਸਵਾਗਤ ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਐਤਵਾਰ ਨੂੰ ਆਪਣੀ ਯਾਤਰਾ ਦੌਰਾਨ ਮੋਗਾ ਪਹੁੰਚੇ। ਇਸ ਮੌਕੇ ਉਹ ਕਰੀਬ ਡੇਢ ਤੋਂ ਦੋ ਘੰਟੇ ਤੱਕ ਮੋਗਾ ਸ਼ਹਿਰ ਵਿੱਚ ਰਹੇ ਅਤੇ ਆਪਣੀ ਯਾਤਰਾ ਦੌਰਾਨ ਲਗਭਗ 7 ਤੋਂ 8 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ। ਉਨ੍ਹਾਂ ਦੇ ਸਵਾਗਤ ਲਈ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਆਗੂ ਪਹੁੰਚੇ ਹੋਏ ਸਨ। ਇਸ ਦੌਰਾਨ ਨੌਜਵਾਨ ਵਰਕਰਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਦਿਖਾਈ ਦਿੱਤੀ। ਕਾਂਗਰਸ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਪੂਰੇ ਸਮੇਂ ਚਰਨਜੀਤ ਸਿੰਘ ਚੰਨੀ ਦੇ ਨਾਲ ਰਹੇ ਅਤੇ ਉਨ੍ਹਾਂ ਨੇ ਸ਼ਹਿਰ ਵਿੱਚ ਆਪਣੀ ਸਿਆਸੀ ਸਰਗਰਮੀ ਅਤੇ ਤਾਕਤ ਦਾ ਪ੍ਰਦਰਸ਼ਨ ਕੀਤਾ। ਚੰਨੀ ਨੇ ਮੋਗਾ ਸ਼ਹਿਰ ਵਿਚ ਜੀਪ, ਸਾਈਕਲ ਅਤੇ ਮੋਟਰਸਾਈਕਲ ਰਾਹੀਂ ਯਾਤਰਾ ਕੀਤੀ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਜਿਸ ਵੀ ਇਲਾਕੇ ਵਿਚ ਜਾ ਰਹੇ ਹਨ, ਉੱਥੇ ਲੋਕਾਂ ਵੱਲੋਂ ਉਨ੍ਹਾਂ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਲੋਕ ਪੰਜਾਬ ਵਿਚ ਮੁੜ ਕਾਂਗਰਸ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਅੱਜ ਹਰ ਪਰਿਵਾਰ ਨਸ਼ਿਆਂ ਦੇ ਦੈਂਤ ਤੋਂ ਡਰਿਆ ਹੋਇਆ ਹੈ। ਇਸ ਮੌਕੇ ਮਾਲਵਿਕਾ ਸੂਦ ਨੇ ਕਿਹਾ ਕਿ ਨਸ਼ਾ ਹੀ ਮੌਜੂਦਾ ਸਰਕਾਰ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਵੇਗਾ। ਜ਼ਿਕਰਯੋਗ ਹੈ ਕਿ ਮੋਗਾ ਜ਼ਿਲ੍ਹੇ ਵਿਚ ਚਰਨਜੀਤ ਸਿੰਘ ਚੰਨੀ ਦੀ ਯਾਤਰਾ ਦੀ ਸ਼ੁਰੂਆਤ ਧਰਮਕੋਟ ਤੋਂ ਹੋਈ ਸੀ, ਜੋ ਜਲਾਲਾਬਾਦ ਹੁੰਦੀ ਹੋਈ ਮੋਗਾ ਪਹੁੰਚੀ। ਚਰਨਜੀਤ ਸਿੰਘ ਚੰਨੀ ਦੀ ਯਾਤਰਾ ਜਲਾਲਾਬਾਦ ਤੋਂ ਸਾਈਕਲ ਰਾਹੀਂ ਸ਼ੁਰੂ ਹੋਈ ਸੀ, ਪਰ ਜਲਾਲਾਬਾਦ ਤੋਂ ਕਰੀਬ 10 ਕਿਲੋਮੀਟਰ ਦੂਰ ਮੋਗਾ ਪਹੁੰਚਣ ਲਈ ਉਨ੍ਹਾਂ ਨੇ ਕਾਰ ਦਾ ਸਹਾਰਾ ਲਿਆ। ਉਨ੍ਹਾਂ ਦੀਆਂ ਸਾਈਕਲਾਂ ਇੱਕ ਕੈਂਟਰ ਰਾਹੀਂ ਮੋਗਾ ਲਿਆਂਦੀਆਂ ਗਈਆਂ ਸਨ, ਜਿਨ੍ਹਾਂ ਨੂੰ ਚੰਨੀ ਦੇ ਪਹੁੰਚਣ ਤੋਂ ਪਹਿਲਾਂ ਹੀ ਵਰਕਰਾਂ ਵੱਲੋਂ ਤਿਆਰ ਕਰ ਲਿਆ ਗਿਆ ਸੀ। ਮੋਗਾ ਦੇ ਲੁਹਾਰਾ ਚੌਕ ਵਿਖੇ ਕਾਂਗਰਸ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਹੇਠ ਵਰਕਰਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਜ਼ੋਰਦਾਰ ਸਵਾਗਤ ਕੀਤਾ। ਇੱਥੋਂ ਚੰਨੀ ਅਤੇ ਮਾਲਵਿਕਾ ਸੂਦ ਜੀਪ ਵਿੱਚ ਸਵਾਰ ਹੋਏ ਅਤੇ ਕਰੀਬ ਇਕ ਤੋਂ ਡੇਢ ਕਿਲੋਮੀਟਰ ਦਾ ਸਫ਼ਰ ਜੀਪ ਰਾਹੀਂ ਤੈਅ ਕੀਤਾ। ਇਸ ਦੌਰਾਨ ਚੰਨੀ ਨੇ ਇਕੱਠੇ ਹੋਏ ਵਰਕਰਾਂ ਨੂੰ ਸੰਬੋਧਨ ਵੀ ਕੀਤਾ। ਚੰਨੀ ਨੇ ਕਿਹਾ ਕਿ ਉਹ ਆਪਣੀ ਯਾਤਰਾ ਦੌਰਾਨ ਪੂਰੇ ਪੰਜਾਬ ਦਾ ਦੌਰਾ ਕਰ ਰਹੇ ਹਨ ਅਤੇ ਹਰ ਥਾਂ ਲੋਕਾਂ ਵੱਲੋਂ ਉਨ੍ਹਾਂ ਨੂੰ ਅਥਾਹ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ। ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪਰੇਸ਼ਾਨ ਹੋ ਚੁੱਕੇ ਹਨ ਅਤੇ ਹੁਣ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਚਰਨਜੀਤ ਸਿੰਘ ਚੰਨੀ ਦੀ ਯਾਤਰਾ ਨੂੰ ਸਫ਼ਲ ਬਣਾਉਣ ਅਤੇ ਵੱਧ ਤੋਂ ਵੱਧ ਵਰਕਰਾਂ ਨੂੰ ਇਕੱਠਾ ਕਰਨ ਲਈ ਕਾਂਗਰਸੀ ਆਗੂਆਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਇਸ ਸਬੰਧੀ ਵੱਖ-ਵੱਖ ਮੀਟਿੰਗਾਂ ਵੀ ਕੀਤੀਆਂ ਗਈਆਂ ਸਨ। ਹਾਲਾਂਕਿ ਯਾਤਰਾ ਦੌਰਾਨ ਮੋਗਾ ਅਤੇ ਧਰਮਕੋਟ ਵਿੱਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਪਾਰਟੀ ਦੇ ਕਈ ਪ੍ਰਮੁੱਖ ਆਗੂਆਂ ਦੀ ਗੈਰ-ਮੌਜੂਦਗੀ ਵੀ ਸ਼ਹਿਰ ਵਿੱਚ ਚਰਚਾ ਦਾ ਵਿਸ਼ਾ ਬਣੀ ਰਹੀ। ਇਸ ਦੇ ਬਾਵਜੂਦ ਮਾਲਵਿਕਾ ਸੂਦ ਦੀ ਅਗਵਾਈ ਹੇਠ ਵਰਕਰਾਂ ਦੀ ਵੱਡੀ ਸ਼ਮੂਲੀਅਤ ਨੇ ਇਸ ਯਾਤਰਾ ਨੂੰ ਸਿਆਸੀ ਤੌਰ ਤੇ ਚਰਚਾ ਵਿੱਚ ਲਿਆ ਦਿੱਤਾ।