ਹਰਿੰਦਰ ਭੱਲਾ, ਬਾਘਾਪੁਰਾਣਾ : ਪਿੰਡ ਰਾਜੇਆਣਾ ਦੇ ਇਕ ਕਿਸਾਨ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਜਸਬਿੰਦਰ ਸਿੰਘ ਖਹਿਰਾ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਹਾਲਾਤ ਦਾ ਜਾਇਜ਼ਾ ਲਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕੇਵਲ ਸਿੰਘ ਵਾਸੀ ਰਾਜੇਆਣਾ ਆਪਣੇ ਖੇਤਾਂ 'ਚ ਮਜ਼ਦੂਰਾਂ ਲਈ ਚਾਹ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਉਸ ਨੇ ਦੇਖਿਆ ਕਿ ਕੁਝ ਅਣਪਛਾਤੇ ਵਿਅਕਤੀ ਮਜ਼ਦੂਰਾਂ ਦਾ ਬੈਗ ਖੋਹਣ ਦੀ ਕੋਸ਼ਿਸ਼ ਕਰ ਰਹੇ ਹਨ। ਜਦੋਂ ਉਸ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਕੇਵਲ ਸਿੰਘ ਦੇ ਸਿਰ 'ਚ ਗੋਲੀ ਮਾਰੀ ਦਿੱਤੀ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਡੀਐੱਸਪੀ ਜਸਬਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਪੁਲਿਸ ਜਾਂਚ ਕਰ ਰਹੀ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।