ਡੀਏ ਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ’ਚ ਰੋਸ
ਪੰਜਾਬ ਵਿਚ ਮਹਿੰਗਾਈ ਭੱਤੇ (ਡੀਏ)
Publish Date: Sun, 19 Apr 2026 04:20 PM (IST)
Updated Date: Mon, 20 Apr 2026 04:01 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ: ਪੰਜਾਬ ਵਿਚ ਮਹਿੰਗਾਈ ਭੱਤੇ (ਡੀਏ) ਦੇ ਮਾਮਲੇ ‘ਚ ਭਗਵੰਤ ਮਾਨ ਸਰਕਾਰ ਉੱਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਨਿਆਂ ਨਾ ਕਰਨ ਦੇ ਦੋਸ਼ ਲੱਗ ਰਹੇ ਹਨ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ 1680, ਸੈਕਟਰ 22ਬੀ, ਚੰਡੀਗੜ੍ਹ ਵੱਲੋਂ ਸਰਕਾਰ ‘ਤੇ ਤਿੱਖੀ ਨਾਰਾਜ਼ਗੀ ਜਤਾਉਂਦੇ ਹੋਏ ਬਕਾਇਆ ਪਈਆਂ 6 ਕਿਸ਼ਤਾਂ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਫੈੱਡਰੇਸ਼ਨ ਦੇ ਆਗੂਆਂ ਨੇ ਦੱਸਿਆ ਕਿ ਇਕ ਪਾਸੇ ਕੇਂਦਰ ਸਰਕਾਰ ਨੇ ਆਪਣੇ ਲਗਭਗ 50 ਲੱਖ ਮੁਲਾਜ਼ਮਾਂ ਅਤੇ 69 ਲੱਖ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ 1 ਜਨਵਰੀ 2026 ਤੋਂ 58 ਫੀਸਦੀ ਤੋਂ ਵਧਾ ਕੇ 60 ਫੀਸਦੀ ਕਰ ਦਿੱਤਾ ਹੈ, ਜਦਕਿ ਦੂਜੇ ਪਾਸੇ ਪੰਜਾਬ ਵਿਚ ਪਿਛਲੇ ਚਾਰ ਸਾਲਾਂ ਤੋਂ ਡੀਏ ਦੇ ਮਾਮਲੇ ਵਿਚ ਲਗਾਤਾਰ ਦੇਰੀ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਿਰਫ਼ 42 ਫੀਸਦੀ ਡੀਏ ਹੀ ਦਿੱਤਾ ਜਾ ਰਿਹਾ ਹੈ, ਜੋ ਕਿ ਹੋਰ ਰਾਜਾਂ ਨਾਲੋਂ ਕਾਫ਼ੀ ਘੱਟ ਹੈ। ਇਸ ਕਾਰਨ ਲੱਖਾਂ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਲਈ ਮਜ਼ਬੂਰ ਹੋ ਚੁੱਕੇ ਹਨ। ਫੈੱਡਰੇਸ਼ਨ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਮੁੱਖ ਜੱਥੇਬੰਦਕ ਸਕੱਤਰ ਜਗਦੀਸ਼ ਸਿੰਘ ਚਾਹਲ ਅਤੇ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਕਿਹਾ ਕਿ ਡੀਏ ਦੀਆਂ 6 ਬਕਾਇਆ ਕਿਸ਼ਤਾਂ, ਜੋ ਲਗਭਗ 16 ਤੋਂ 18 ਫੀਸਦੀ ਬਣਦੀਆਂ ਹਨ, ਤੁਰੰਤ ਜਾਰੀ ਕੀਤੀਆਂ ਜਾਣ। ਉਨ੍ਹਾਂ ਹੋਰ ਦੱਸਿਆ ਕਿ ਆਪਣੀਆਂ ਜਾਇਜ਼ ਮੰਗਾਂ ਲਈ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਦਾਲਤੀ ਦਰਵਾਜ਼ਾ ਖੜਕਾਉਣਾ ਪਿਆ ਹੈ ਅਤੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਕਈ ਸਿਵਲ ਰਿਟ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। 8 ਅਪ੍ਰੈਲ ਨੂੰ ਮਾਨਯੋਗ ਅਦਾਲਤ ਵੱਲੋਂ ਵੀ ਸਰਕਾਰ ਨੂੰ ਡੀਏ ਦੇਣ ਸਬੰਧੀ ਅੰਤਰਿਮ ਹੁਕਮ ਜਾਰੀ ਕੀਤੇ ਗਏ ਹਨ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਇਸ ਮਸਲੇ ਦਾ ਹੱਲ ਨਾ ਕੀਤਾ ਤਾਂ ਇਹ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀ ਆਮ ਆਦਮੀ ਪਾਰਟੀ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਸਾਬਤ ਹੋ ਸਕਦੀ ਹੈ।