- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਏਕਤਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਝੰਡੇਵਾਲਾ ਇਕਾਈ ਦੀ ਜਨਰਲ ਬਾਡੀ ਦੀ ਮੀਟਿੰਗ ਪਿੰਡ ਪ੍ਰਧਾਨ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ’ਚ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲਕਲਾਂ ਅਤੇ ਬਲਾਕ ਮੋਗਾ-1 ਦੇ ਖਜ਼ਾਨਚੀ ਲਖਵੀਰ ਸਿੰਘ ਚੜਿੱਕ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਅਮਰੀਕਾ ਵੱਲੋਂ ਭਾਰਤ ਉੱਤੇ ਥੋਪੇ ਜਾ ਰਹੇ ਵਪਾਰਕ ਸਮਝੌਤਿਆਂ, ਇਰਾਨ ਉੱਤੇ ਅਮਰੀਕੀ ਸਾਮਰਾਜੀ ਹਮਲਿਆਂ ਅਤੇ ਇਨ੍ਹਾਂ ਕਾਰਨਾਂ ਕਰਕੇ ਲੋਕਾਂ ’ਤੇ ਪੈ ਰਹੇ ਮਹਿੰਗਾਈ ਦੇ ਵਧਦੇ ਬੋਝ ਖ਼ਿਲਾਫ਼ ਦੋਵਾਂ ਕਿਸਾਨ ਜਥੇਬੰਦੀਆਂ ਵੱਲੋਂ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਮੁਜ਼ਾਹਰੇ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਪਿੰਡ ਝੰਡੇ ਵਾਲਾ ਵਿਖੇ ਇਹ ਜਨਰਲ ਮੀਟਿੰਗ ਕੀਤੀ ਗਈ। ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਕਾਰਨ ਆਮ ਲੋਕਾਂ, ਕਿਸਾਨਾਂ ਅਤੇ ਮਜ਼ਦੂਰਾਂ ਉੱਤੇ ਆਰਥਿਕ ਬੋਝ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਦਾਂ, ਪੈਟਰੋਲ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਬੇਹਿਸਾਬ ਵਾਧਾ ਹੋਣ ਨਾਲ ਲੋਕਾਂ ਦਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਖਾਦਾਂ ਦੀ ਸਪਲਾਈ ਲਈ ਵਿਦੇਸ਼ੀ ਦੇਸ਼ਾਂ ’ਤੇ ਵਧ ਰਹੀ ਨਿਰਭਰਤਾ ਕਾਰਨ ਖਾਦਾਂ ਦੀ ਘਾਟ ਪੈਦਾ ਹੋ ਰਹੀ ਹੈ, ਜਿਸ ਨਾਲ ਖੇਤੀ ਉੱਤਪਾਦਨ ਪ੍ਰਭਾਵਿਤ ਹੋਣ ਦਾ ਖ਼ਤਰਾ ਮੰਡਰਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਅਮਰੀਕੀ ਜੰਗਾਂ ਦੀ ਆੜ ਹੇਠ ਲੋਕਾਂ ’ਤੇ ਮਹਿੰਗਾਈ ਦਾ ਬੋਝ ਪਾਉਣਾ ਬੰਦ ਕੀਤਾ ਜਾਵੇ, ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਕੋਆਪਰੇਟਿਵ ਅਦਾਰਿਆਂ ’ਚ ਵਧਾਏ ਜਾਣ ਵਾਲੇ ਕਰਜ਼ਾ ਹੱਦ ਦੇ ਫ਼ੈਸਲੇ ਨੂੰ ਤੁਰੰਤ ਲਾਗੂ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਲਈ ਲੋੜੀਂਦੇ ਵਿੱਤੀ ਸਰੋਤ ਉੱਪਲਬਧ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਮੀਟਿੰਗ ’ਚ ਪਿੰਡ ਦੇ ਕਿਸਾਨਾਂ, ਨੌਜਵਾਨਾਂ ਅਤੇ ਮਹਿਲਾਵਾਂ ਨੇ 4 ਜੁਲਾਈ ਨੂੰ ਚੰਡੀਗੜ੍ਹ ਵਿਚ ਹੋਣ ਵਾਲੇ ਰੋਸ ਮੁਜ਼ਾਹਰੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ। ਇਸ ਮੌਕੇ ਅੰਗਰੇਜ਼ ਸਿੰਘ ਗਿੱਲ, ਗੁਰਦੇਵ ਸਿੰਘ, ਸ਼ਿੰਦਰਪਾਲ ਸਿੰਘ, ਮਹਿੰਦਰ ਸਿੰਘ, ਰਤਨ ਸਿੰਘ, ਅਜੈਬ ਸਿੰਘ, ਸੰਗਜੀਤ ਸਿੰਘ, ਨਛੱਤਰ ਸਿੰਘ, ਗੁਰਸੇਵਕ ਸਿੰਘ, ਇਕਬਾਲ ਸਿੰਘ, ਜਸਵਿੰਦਰ ਸਿੰਘ, ਗੁਰਮੇਲ ਕੌਰ, ਹਰਦੀਪ ਕੌਰ, ਮਨਦੀਪ ਕੌਰ, ਪਰਮਜੀਤ ਕੌਰ, ਗੁਰਚਰਨ ਕੌਰ, ਸਰਜੀਤ ਕੌਰ ਸਮੇਤ ਹੋਰ ਬਹੁਤ ਸਾਰੇ ਕਿਸਾਨ, ਨੌਜਵਾਨ ਅਤੇ ਮਹਿਲਾਵਾਂ ਹਾਜ਼ਰ ਸਨ।