ਮਨਪ੍ਰਰੀਤ ਸਿੰਘ ਮੱਲੇਆਣਾ, ਨਿਹਾਲ ਸਿੰਘ ਵਾਲਾ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਫੌਜੀ ਭਰਤੀ ਦਾ ਨਿੱਜੀਕਰਨ ਕਰਨ ਜਾ ਰਹੇ ਕੇਂਦਰੀ ਹਕੂਮਤ ਦੇ ਫ਼ੈਸਲੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਅਗਵਾਈ ਹੇਠ ਪਿੰਡ ਹਿੰਮਤਪੁਰਾ ਵਿਖੇ ਰੋਸ ਰੈਲੀ ਕੀਤੀ ਗਈ ਤੇ 24 ਜੂਨ ਨੂੰ ਬਲਾਕ ਪੱਧਰੀ ਇਕੱਠ ਐੱਸਡੀਐੱਮ ਦਫ਼ਤਰ ਨਿਹਾਲ ਸਿੰਘ ਵਾਲਾ 'ਚ 11 ਵਜੇ ਕਰਨ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਬੀਕੇਯੂ ਉਗਰਾਹਾਂ ਦੇ ਆਗੂ ਜੰਗੀਰ ਸਿੰਘ ਹਿੰਮਤਪੁਰਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਮਾਸਟਰ ਦਰਸ਼ਨ ਸਿੰਘ, ਨੌਜਵਾਨ ਭਾਰਤ ਸਭਾ ਦੇ ਗੁਰਮੁਖ ਸਿੰਘ ਨੇ ਕਿਹਾ ਕਿ ਇਸ ਯੋਜਨਾ ਤਹਿਤ ਸੈਨਾਵਾਂ 'ਚ ਠੇਕੇ 'ਤੇ ਭਰਤੀ ਸਿਰਫ਼ 4 ਸਾਲਾਂ ਲਈ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਸਿਰਫ 25 ਫ਼ੀਸਦੀ ਜਵਾਨਾਂ ਨੂੰ ਫੌਜ ਵਿਚ ਹੋਰ ਵਧੇਰੇ ਸਮਾਂ ਨੌਕਰੀ ਦਾ ਮੌਕਾ ਦਿੱਤਾ ਜਾਵੇਗਾ, ਯਾਨੀ 75 ਫ਼ੀਸਦੀ ਜਵਾਨਾਂ ਨੂੰ ਸੇਵਾਮੁਕਤ ਕਰ ਦਿੱਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਹੈ ਕਿ ਸਰਕਾਰ ਦਾ ਇਹ ਫ਼ੈਸਲਾ ਦੇਸ਼ ਨੂੰ ਦੇਸੀ ਵਿਦੇਸ਼ੀ ਕਾਰਪੋਰੇਟਾਂ ਕੋਲ ਗਹਿਣੇ ਧਰਨ ਵਾਲੀ ਨਿੱਜੀਕਰਨ ਦੀ ਨੀਤੀ ਦਾ ਰੂਪ ਹੈ। ਪਹਿਲਾਂ ਫੌਜੀ ਹਥਿਆਰ ਬਣਾਉਣ ਦੇ ਠੇਕੇ ਵੀ ਵਿਦੇਸ਼ੀ ਕਾਰਪੋਰੇਟਾਂ ਨੂੰ ਦਿੱਤੇ ਗਏ ਹਨ। ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ ਦੇਸ਼ ਦੇ ਵੱਖ-ਵੱਖ ਕੋਨਿਆਂ ਵਿਚ ਨੌਜਵਾਨਾਂ ਦਾ ਫੁੱਟ ਰਿਹਾ ਰੋਹ ਬਿਲਕੁਲ ਵਾਜਬ ਹੈ। ਬੇਰੁਜ਼ਗਾਰੀ ਦੀ ਚੱਕੀ ਵਿਚ ਪਿਸ ਰਹੇ ਗ਼ਰੀਬ ਕਿਰਤੀਆਂ ਦੇ ਨੌਜਵਾਨ ਬੱਚਿਆਂ ਨੂੰ ਇਸ ਦੇਸ਼ਧੋ੍ਹੀ ਫੈਸਲੇ ਨੇ ਇਸ ਕਦਰ ਝੰਜੋੜਿਆ ਹੈ ਕਿ ਕੁੱਝ ਨੌਜਵਾਨਾਂ ਵੱਲੋਂ ਘੋਰ ਨਿਰਾਸ਼ਾ ਦੀ ਹਾਲਤ ਵਿਚ ਖੁਦਕੁਸ਼ੀਆਂ ਕਰਨ ਦੀਆਂ ਖ਼ਬਰਾਂ ਹਰ ਦੇਸ਼ਭਗਤ ਦੇ ਮਨਾਂ ਅੰਦਰ ਰੋਹ ਦੀ ਜਵਾਲਾ ਭੜਕਾ ਰਹੀਆਂ ਹਨ।

ਆਗੂਆਂ ਨੇ ਮੰਗ ਕੀਤੀ ਕਿ ਸੈਨਾਵਾਂ ਦਾ ਨਿੱਜੀਕਰਨ ਕਰਨ ਵਾਲੀ ਅਗਨੀਪਥ ਨਾਂ ਦੀ ਯੋਜਨਾ ਫੌਰੀ ਵਾਪਸ ਲਈ ਜਾਵੇ। ਮੁਲਕ ਦੇ ਸਮੂਹ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਵਾਲੀ ਦੇਸ਼ ਪੱਖੀ ਨੀਤੀ ਬਣਾਈ ਜਾਵੇ ਅਤੇ ਕਾਰਪੋਰੇਟ ਜਗਤ ਦੇ ਸੇਵਕ ਸੰਸਾਰ ਬੈਂਕ ਤੇ ਸੰਸਾਰ ਵਪਾਰ ਸੰਸਥਾ ਦੀ ਜਨਤਕ ਅਦਾਰਿਆਂ ਦਾ ਨਿੱਜੀਕਰਨ ਕਰਨ ਵਾਲੀ ਨੀਤੀ ਰੱਦ ਕੀਤੀ ਜਾਵੇ। ਇਸ ਮੌਕੇ ਬਲਾਕ ਦੇ ਸਾਰੇ ਹੀ ਬੇਰੁਜ਼ਗਾਰ ਨੌਜਵਾਨਾਂ, ਸਾਬਕਾ ਫੌਜੀਆਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਸਮੂਹ ਇਨਸਾਫ਼ ਪਸੰਦ ਲੋਕਾਂ ਨੂੰ ਰੁਜ਼ਗਾਰ ਤੇ ਕੁਹਾੜੇ ਨੂੰ ਠੱਲ੍ਹਣ ਲਈ ਇਸ ਸਾਂਝੀ ਸਰਗਰਮੀ ਦਾ ਹਿੱਸਾ ਬਣਨ ਦੀ ਪੁਰਜ਼ੋਰ ਅਪੀਲ ਹੈ। ਇਸ ਮੌਕੇ ਸਾਬਕਾ ਸੈਨਿਕ ਅਤੇ ਪਿੰਡ ਵਾਸੀ ਹਾਜ਼ਰ ਸਨ।