- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਅੰਦਰ

ਜ਼ਮੀਨ, ਪਾਣੀ ਤੇ ਪਿੰਡ ਨੂੰ ਬਚਾਉਣ ਲਈ ਸੰਘਰਸ਼ ਦਾ ਕੀਤਾ ਐਲਾਨ
ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਅੰਦਰ ਪੈਂਦੇ ਪਿੰਡ ਇੰਦਰਗੜ੍ਹ ਵਿਖੇ ਪ੍ਰਸਤਾਵਿਤ ਬਾਇਓ ਗੈਸ ਪਲਾਂਟ ਦੇ ਵਿਰੋਧ ਵਿਚ ਸ਼ਨੀਵਾਰ ਨੂੰ ਇਕ ਇਤਿਹਾਸਕ ਅਤੇ ਵਿਸ਼ਾਲ ਰੋਸ ਇਕੱਠ ਦਾ ਕੀਤਾ ਗਿਆ, ਜਿਸ ਵਿਚ ਪਿੰਡ ਵਾਸੀਆਂ, ਵੱਖ-ਵੱਖ ਕਿਸਾਨ ਜਥੇਬੰਦੀਆਂ, ਸਮਾਜਿਕ ਸੰਗਠਨਾਂ ਅਤੇ ਇਲਾਕੇ ਦੇ ਹਜ਼ਾਰਾਂ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਇਕੱਠ ਨੇ ਸਾਬਤ ਕਰ ਦਿੱਤਾ ਕਿ ਇੰਦਰਗੜ੍ਹ ਦੇ ਲੋਕ ਆਪਣੀ ਜ਼ਮੀਨ, ਪਾਣੀ ਅਤੇ ਪਿੰਡ ਦੀ ਹੋਂਦ ਦੀ ਰੱਖਿਆ ਲਈ ਹਰ ਕਿਸਮ ਦੀ ਲੜਾਈ ਲੜਨ ਲਈ ਤਿਆਰ ਹਨ। ਇਸ ਰੋਸ ਪ੍ਰਦਰਸ਼ਨ ਦੌਰਾਨ ਲੋਕਾਂ ਵਿਚ ਭਾਰੀ ਰੋਸ ਅਤੇ ਗੁੱਸਾ ਦੇਖਣ ਨੂੰ ਮਿਲਿਆ। ਇਸ ਵਿਸ਼ਾਲ ਇਕੱਠ ਵਿਚ ਭਾਨਾ ਸਿੱਧੂ ਅਤੇ ਪ੍ਰਸਿੱਧ ਕਿਸਾਨ ਆਗੂ ਲੱਖਾ ਸਿਧਾਣਾ, ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਰਛਪਾਲ ਸਿੰਘ ਸ਼ੋਸ਼ਣ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਪਿੰਡ ਵਾਸੀਆਂ ਦੇ ਸੰਘਰਸ਼ ਨੂੰ ਆਪਣਾ ਪੂਰਾ ਸਮਰਥਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਇਕ ਪਿੰਡ ਦਾ ਮਸਲਾ ਨਹੀਂ, ਸਗੋਂ ਪੰਜਾਬ ਦੇ ਕੁਦਰਤੀ ਸਰੋਤਾਂ ਅਤੇ ਲੋਕਾਂ ਦੇ ਅਧਿਕਾਰਾਂ ਨਾਲ ਜੁੜੀ ਵੱਡੀ ਲੜਾਈ ਹੈ। ਰੋਸ ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਾਇਆ ਕਿ ਪਿੰਡ ਦੀ ਪੰਚਾਇਤੀ ਜ਼ਮੀਨ ’ਤੇ ਲੋਕਾਂ ਦੀ ਰਾਇ ਅਤੇ ਮਨਜ਼ੂਰੀ ਤੋਂ ਬਿਨਾਂ ਬਾਇਓ ਗੈਸ ਪਲਾਂਟ ਲਗਾਉਣ ਦੀ ਪ੍ਰਕਿਰਿਆ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ ਲੱਗਣ ਨਾਲ ਵਾਤਾਵਰਨ ਪ੍ਰਦੂਸ਼ਣ ਵਿੱਚ ਵਾਧਾ ਹੋਵੇਗਾ, ਇਲਾਕੇ ਵਿਚ ਬਦਬੂ ਫੈਲੇਗੀ, ਧਰਤੀ ਹੇਠਲੇ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਹੋਵੇਗੀ ਅਤੇ ਲੋਕਾਂ ਦੀ ਸਿਹਤ ’ਤੇ ਵੀ ਗੰਭੀਰ ਨੁਕਸਾਨਦਾਇਕ ਅਸਰ ਪੈ ਸਕਦੇ ਹਨ। ਭਾਨਾ ਸਿੱਧੂ ਅਤੇ ਲੱਖਾ ਸਿਧਾਣਾ ਨੇ ਕਿਹਾ ਕਿ ਪੰਜਾਬ ਦੀ ਧਰਤੀ, ਪਾਣੀ ਅਤੇ ਪਿੰਡਾਂ ਦੀ ਸਾਂਝੀ ਸੰਪਤੀ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਹਰ ਕੋਸ਼ਿਸ਼ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੱਤੇਵਾੜਾ, ਮਾਈਸਰ ਖਾਨਾ ਅਤੇ ਤਲਵੰਡੀ ਅਕਲੀਆ ਵਾਂਗ ਇੰਦਰਗੜ੍ਹ ਦੇ ਲੋਕ ਵੀ ਆਪਣੇ ਹੱਕ ਲਈ ਆਖ਼ਰੀ ਸਾਹ ਤੱਕ ਲੜਨਗੇ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਲੋਕਾਂ ਦੀ ਆਵਾਜ਼ ਨੂੰ ਅਣਡਿੱਠਾ ਕੀਤਾ ਗਿਆ ਤਾਂ ਇਹ ਸੰਘਰਸ਼ ਪਿੰਡ ਤੋਂ ਨਿਕਲ ਕੇ ਸੂਬਾ ਪੱਧਰ ’ਤੇ ਵੱਡਾ ਅੰਦੋਲਨ ਬਣੇਗਾ। ਇਸ ਦੌਰਾਨ ਸ੍ਰੋਮਣੀ ਅਕਾਲੀ ਦਲ ਦੀ ਟੀਮ ਨੇ ਵੀ ਰੋਸ ਇਕੱਠ ਵਿਚ ਪਹੁੰਚ ਕੇ ਪਿੰਡ ਵਾਸੀਆਂ ਦੇ ਸੰਘਰਸ਼ ਨੂੰ ਆਪਣਾ ਪੂਰਨ ਸਮਰਥਨ ਦਿੱਤਾ। ਪਾਰਟੀ ਨੁਮਾਇੰਦਿਆਂ ਨੇ ਭਰੋਸਾ ਦਿਵਾਇਆ ਕਿ ਲੋਕਾਂ ਦੇ ਹੱਕਾਂ, ਪੰਚਾਇਤੀ ਜ਼ਮੀਨਾਂ, ਕਿਸਾਨਾਂ ਦੇ ਹਿੱਤਾਂ ਅਤੇ ਵਾਤਾਵਰਨ ਨਾਲ ਜੁੜੇ ਹਰ ਮਸਲੇ ’ਤੇ ਪਾਰਟੀ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੀ ਰਹੇਗੀ। ਇਸ ਮੌਕੇ ਸੁਰਜੀਤ ਸਿੰਘ ਰੰਧਾਵਾ, ਭਾਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇੰਦਰਗੜ੍ਹ ਦਾ ਇਹ ਸੰਘਰਸ਼ ਕੇਵਲ ਇਕ ਪਿੰਡ ਦੀ ਲੜਾਈ ਨਹੀਂ, ਸਗੋਂ ਪੰਜਾਬ ਦੇ ਵਾਤਾਵਰਨ, ਖੇਤੀਬਾੜੀ ਅਤੇ ਲੋਕਾਂ ਦੇ ਸਾਂਝੇ ਅਧਿਕਾਰਾਂ ਦੀ ਜੰਗ ਹੈ। ਇਕੱਠ ਦੇ ਅੰਤ ਵਿਚ ਸਰਬਸੰਮਤੀ ਨਾਲ ਮੰਗ ਕੀਤੀ ਗਈ ਕਿ ਇੰਦਰਗੜ੍ਹ ਵਿਚ ਪ੍ਰਸਤਾਵਿਤ ਬਾਇਓ ਗੈਸ ਪਲਾਂਟ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਪਿੰਡ ਵਾਸੀਆਂ ਦੀ ਸਹਿਮਤੀ ਤੋਂ ਬਿਨਾਂ ਕੋਈ ਵੀ ਪ੍ਰਾਜੈਕਟ ਇਲਾਕੇ ਵਿਚ ਨਾ ਲਿਆਂਦਾ ਜਾਵੇ। ਬੁਲਾਰਿਆਂ ਨੇ ਸਪੱਸ਼ਟ ਕੀਤਾ ਕਿ ਪਿੰਡ ਦੀ ਹੋਂਦ, ਕਿਸਾਨਾਂ ਦੀ ਜ਼ਮੀਨ, ਕੁਦਰਤੀ ਸਰੋਤਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਦੀ ਰੱਖਿਆ ਲਈ ਇਹ ਸੰਘਰਸ਼ ਹਰ ਹਾਲਤ ਵਿੱਚ ਜਾਰੀ ਰਹੇਗਾ। ਇੰਦਰਗੜ੍ਹ ਦੀ ਧਰਤੀ ਤੋਂ ਉੱਠੀ ਇਹ ਆਵਾਜ਼ ਹੁਣ ਸੂਬੇ ਭਰ ਵਿਚ ਗੂੰਜਣ ਲਈ ਤਿਆਰ ਦਿਖਾਈ ਦੇ ਰਹੀ ਹੈ।