ਨਕਸਲੀ ਸ਼ਹੀਦਾਂ ਦੀ ਯਾਦ ’ਚ ਵਿਸ਼ਾਲ ਸ਼ਰਧਾਂਜ਼ਲੀ ਕਾਨਫਰੰਸ ਲੋਕ ਸੰਗਰਾਮ ਮੋਰਚਾ ਪੰਜਾਬ ਵੱਲੋਂ ਅੱਜ
Publish Date: Tue, 28 Jul 2026 04:58 PM (IST)
Updated Date: Wed, 29 Jul 2026 04:02 AM (IST)
ਸੰਘਰਸ਼ਸ਼ੀਲ ਤਾਕਤਾਂ ਦੀ ਏਕਤਾ ਦਾ ਦਿੱਤਾ ਸੱਦਾ ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਲੋਕ ਸੰਗਰਾਮ ਮੋਰਚਾ ਪੰਜਾਬ ਵੱਲੋਂ ਅੱਜ ਕਾਮਰੇਡ ਨਛੱਤਰ ਸਿੰਘ ਯਾਦਗਰ ਹਾਲ ਮੋਗਾ ਵਿਖੇ ਨਕਸਲੀ ਲਹਿਰ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਕ ਪ੍ਰਭਾਵਸ਼ਾਲੀ ਅਤੇ ਵਿਸ਼ਾਲ ਸ਼ਰਧਾਂਜਲੀ ਕਾਨਫ਼ਰੰਸ ਕਰਵਾਈ ਗਈ। ਇਸ ਮੌਕੇ ਨਕਸਲੀ ਲਹਿਰ ਦੇ ਪ੍ਰਮੁੱਖ ਆਗੂ ਕਾਮਰੇਡ ਚਾਰੂ ਮਜੂਮਦਾਰ, ਕਾਮਰੇਡ ਕਨਈ ਚੈਟਰਜੀ, ਕਾਮਰੇਡ ਬਾਬਾ ਬੂਝਾ ਸਿੰਘ, ਸ਼ਹੀਦ ਪ੍ਰਿਥੀਪਾਲ ਸਿੰਘ ਰੰਧਾਵਾ, ਸ਼ਹੀਦ ਅਵਤਾਰ ਢੁੱਡੀਕੇ, ਸ਼ਹੀਦ ਲਾਲ ਇੰਦਰ ਕੁਮਾਰ ਲਾਲੀ ਅਤੇ ਕੌਮੀ ਸ਼ਹੀਦ ਉਧਮ ਸਿੰਘ ਨੂੰ ਭਾਵਭਿੰਨੀ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ’ਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪੁੱਜੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਕੇ ਸ਼ਹੀਦਾਂ ਦੀ ਕੁਰਬਾਨੀ ਨੂੰ ਨਮਨ ਕੀਤਾ। ਲੋਕ ਸੰਗਰਾਮ ਮੋਰਚਾ ਪੰਜਾਬ ਦੇ ਪ੍ਰੈੱਸ ਸਕੱਤਰ ਲੋਕਰਾਜ ਮਹਿਰਾਜ ਨੇ ਦੱਸਿਆ ਕਿ ਇਹ ਕਾਨਫਰੰਸ ਸ਼ਹੀਦਾਂ ਦੀ ਵਿਚਾਰਧਾਰਾ, ਉਨ੍ਹਾਂ ਦੇ ਸੰਘਰਸ਼ ਅਤੇ ਲੋਕਾਂ ਦੇ ਹੱਕਾਂ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਨ ਅਤੇ ਨਵੀਂ ਪੀੜ੍ਹੀ ਤੱਕ ਉਹ ਸੰਦੇਸ਼ ਪਹੁੰਚਾਉਣ ਦੇ ਮੰਤਵ ਨਾਲ ਕਰਵਾਈ ਗਈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਮਾਜ ਵਿਚ ਬਰਾਬਰੀ, ਇਨਸਾਫ਼ ਅਤੇ ਹੱਕਾਂ ਲਈ ਚੱਲ ਰਹੇ ਸੰਘਰਸ਼ਾਂ ਨੂੰ ਹਮੇਸ਼ਾ ਪ੍ਰੇਰਿਤ ਕਰਦੀਆਂ ਰਹਿਣਗੀਆਂ। ਸਮਾਗਮ ਦੀ ਸ਼ੁਰੂਆਤ ਦੋ ਮਿੰਟ ਦਾ ਮੌਨ ਧਾਰਨ ਕਰਕੇ ਕੀਤੀ ਗਈ। ਇਸ ਉਪਰੰਤ ਮਾਸਟਰ ਦਰਸ਼ਨ ਤੂਰ, ਦਰਸ਼ਨ ਘੋਲੀਆ ਅਤੇ ਗੁਰਦੀਪ ਵੈਰੋਕੇ ਨੇ ਆਪਣੀਆਂ ਜਥੇਬੰਦੀਆਂ ਦੇ ਝੰਡੇ ਨੀਵੇਂ ਕਰਕੇ ਸ਼ਹੀਦਾਂ ਨੂੰ ਸਲਾਮੀ ਦਿੱਤੀ। ਇਸ ਦੌਰਾਨ ਕ੍ਰਾਂਤੀਕਾਰੀ ਗੀਤਕਾਰ ਜਗਸੀਰ ਮਹਿਰਾਜ ਨੇ ਆਪਣੀ ਟੀਮ ਸਮੇਤ ਸ਼ਹੀਦਾਂ ਨੂੰ ਸਮਰਪਿਤ ਇਨਕਲਾਬੀ ਗੀਤ ਪੇਸ਼ ਕੀਤੇ। ਇਸ ਮੌਕੇ ਸ਼ਹੀਦ ਅਵਤਾਰ ਢੁਡੀਕੇ ਦੀ ਜੀਵਨ ਸਾਥਣ ਸੁਰਿੰਦਰ ਕੌਰ ਢੁਡੀਕੇ ਅਤੇ ਸ਼ਹੀਦ ਲਾਲ ਇੰਦਰ ਕੁਮਾਰ ਲਾਲੀ ਦੇ ਭਤੀਜੇ ਕ੍ਰਿਸ਼ਨ ਪ੍ਰਤਾਪ ਨੇ ਸ਼ਹੀਦਾਂ ਦੀਆਂ ਤਸਵੀਰਾਂ ਤੇ ਫੁੱਲ ਭੇਟ ਕਰ ਕੇ ਆਪਣੀ ਸ਼ਰਧਾ ਪ੍ਰਗਟ ਕੀਤੀ। ਇਸ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਕਾਨਫਰੰਸ ਨੂੰ ਲੋਕ ਸੰਗਰਾਮ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਸੁਖਮੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਮਲਹੋਤਰਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਕਨਵੀਨਰ ਲਖਬੀਰ ਸਿੰਘ ਲੱਖਾ, ਸੰਦੀਪ ਪੰਡੋਰੀ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜੀਰਾ ਅਤੇ ਪ੍ਰਧਾਨ ਜਗਮੋਹਨ ਸਿੰਘ ਨੇ ਸੰਬੋਧਨ ਕੀਤਾ। ਸਮਾਗਮ ਦੌਰਾਨ ਕ੍ਰਾਂਤੀਕਾਰੀ ਗੀਤਾਂ ਅਤੇ ਜੋਸ਼ੀਲੇ ਨਾਅਰਿਆਂ ਨੇ ਹਾਜ਼ਰੀਨ ’ਚ ਨਵਾਂ ਉਤਸ਼ਾਹ ਪੈਦਾ ਕੀਤਾ। ਹਾਜ਼ਰ ਲੋਕਾਂ ਨੇ ਸ਼ਹੀਦਾਂ ਦੀ ਯਾਦ ਵਿਚ ਸੰਘਰਸ਼ ਦੇ ਰਾਹ ਤੇ ਡਟੇ ਰਹਿਣ ਦਾ ਅਹਿਦ ਵੀ ਦੁਹਰਾਇਆ। ਅੰਤ ਵਿਚ ਲੋਕ ਸੰਗਰਾਮ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਤਾਰਾ ਸਿੰਘ ਮੋਗਾ ਨੇ ਸਮਾਗਮ ਵਿੱਚ ਸ਼ਾਮਲ ਹੋਏ ਸਮੂਹ ਕਿਸਾਨਾਂ, ਮਜ਼ਦੂਰਾਂ, ਬੀਬੀਆਂ, ਨੌਜਵਾਨਾਂ ਅਤੇ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਦਿਆਂ ਲੋਕ ਹਿੱਤਾਂ ਦੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਜੋਸ਼ੀਲੇ ਨਾਅਰਿਆਂ ਨਾਲ ਸ਼ਰਧਾਂਜਲੀ ਕਾਨਫੰਰੰਸ ਦੀ ਸਮਾਪਤੀ ਹੋਈ।