ਪਿੰਡ ਮਾਣੂਕੇ ਗਿੱਲ ਵਿਖੇ ਲਾਇਆ ਮੈਡੀਕਲ ਕੈਂਪ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ
Publish Date: Tue, 03 Nov 2026 04:02 PM (IST)
Updated Date: Wed, 04 Nov 2026 04:02 AM (IST)
ਐੱਸਡੀਐੱਮ ਨਿਹਾਲ ਸਿੰਘ ਵਾਲਾ ਗਗਨਦੀਪ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਚਲਾਈ ਜਾ ਰਹੀ 60 ਰੋਜ਼ਾ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ ਪਿੰਡ ਮਾਣੂੰਕੇ ਗਿੱਲ ਵਿਖੇ ਮੈਡੀਕਲ ਕੈਂਪ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਇਸ ਮੌਕੇ ਐੱਸਡੀਐੱਮ ਨਿਹਾਲ ਸਿੰਘ ਵਾਲਾ ਗਗਨਦੀਪ ਨੇ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਲਈ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਦੇ ਹਰੇਕ ਵਰਗ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਫੈਲਾਉਣ ਅਤੇ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਇਲਾਜ ਤੇ ਮੁੜ ਵਸੇਬੇ ਲਈ ਪ੍ਰੇਰਿਤ ਕਰਨ। ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਸਿਹਤ ਸਬੰਧੀ ਸਲਾਹ ਦਿੱਤੀ ਗਈ। ਇਸ ਦੇ ਨਾਲ ਹੀ ਨਸ਼ਿਆਂ ਦੀ ਰੋਕਥਾਮ, ਸਮੇਂ ਸਿਰ ਇਲਾਜ ਕਰਵਾਉਣ ਅਤੇ ਨਸ਼ਾ ਮੁਕਤੀ ਸੇਵਾਵਾਂ ਦਾ ਲਾਭ ਲੈਣ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ। ਇਸ ਮੌਕੇ ਐੱਨਐੱਸਡਬਲਿਊ ਹਰਜਿੰਦਰ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਅਤੇ ਹੈਲਥ ਸਬ ਸੈਂਟਰ ਮਾਣੂਕੇ ਗਿੱਲ ਦੇ ਸਮੂਹ ਸਟਾਫ਼ ਮੈਂਬਰਾਂ ਸਮੇਤ ਹੋਰ ਸਬੰਧਤ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਗਗਨਦੀਪ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 60 ਰੋਜ਼ਾ ਮੁਹਿੰਮ ਦੌਰਾਨ ਨਸ਼ਿਆਂ ਵਿਰੁੱਧ ਜਾਗਰੂਕਤਾ, ਸਿਹਤ ਸੇਵਾਵਾਂ ਅਤੇ ਨਸ਼ਾ ਮੁਕਤੀ ਸਬੰਧੀ ਸਹਾਇਤਾ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।