- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼

ਅਰਸ਼ਦੀਪ ਸੋਨੀ ਪੰਜਾਬੀ ਜਾਗਰਣ ਸਾਦਿਕ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਾਦਿਕ ਪੁਲਿਸ ਵੱਲੋਂ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਦਵਾਈਆਂ ਦੀ ਪੜਤਾਲ ਕਰਨ ਦੇ ਨਾਲ-ਨਾਲ ਕੈਮਿਸਟਾਂ ਦੇ ਲਾਇਸੈਂਸ ਵੀ ਚੈੱਕ ਕੀਤੇ। ਜਾਂਚ ਦਾ ਮੁੱਖ ਮਕਸਦ ਪਾਬੰਦੀਸ਼ੁਦਾ ਅਤੇ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਨੂੰ ਰੋਕਣਾ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣਾ ਸੀ। ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ’ਤੇ ਥਾਣਾ ਸਾਦਿਕ ਦੇ ਮੁੱਖ ਅਫ਼ਸਰ ਗੁਰਲਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵੱਖ-ਵੱਖ ਮੈਡੀਕਲ ਸਟੋਰਾਂ ’ਤੇ ਜਾ ਕੇ ਦਵਾਈਆਂ ਦੀ ਜਾਂਚ ਕੀਤੀ। ਇਸ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਕਿਤੇ ਪਾਬੰਦੀਸ਼ੁਦਾ ਜਾਂ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਤਾਂ ਨਹੀਂ ਕੀਤੀ ਜਾ ਰਹੀ। ਮੁੱਖ ਅਫ਼ਸਰ ਗੁਰਲਾਲ ਸਿੰਘ ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਮੈਡੀਕਲ ਸਟੋਰਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਨਾਲ ਤਾਲਮੇਲ ਕਰਕੇ ਹਸਪਤਾਲਾਂ ਅਤੇ ਕੈਮਿਸਟਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਪਾਬੰਦੀਸ਼ੁਦਾ ਦਵਾਈਆਂ ਸਬੰਧੀ ਨਿਯਮਾਂ ਅਤੇ ਸਰਕਾਰੀ ਹਦਾਇਤਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਕੈਮਿਸਟਾਂ ਦੇ ਲਾਇਸੈਂਸ ਵੀ ਦੇਖੇ ਜਾ ਰਹੇ ਹਨ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਜਿਸ ਵਿਅਕਤੀ ਦੇ ਨਾਂ ’ਤੇ ਲਾਇਸੈਂਸ ਜਾਰੀ ਹੋਇਆ ਹੈ, ਉਹੀ ਨਿਯਮਾਂ ਅਨੁਸਾਰ ਕਾਰੋਬਾਰ ਕਰ ਰਿਹਾ ਹੈ। ਇਸ ਤੋਂ ਇਲਾਵਾ ਨਸ਼ੀਲੀਆਂ ਦਵਾਈਆਂ ਦੀ ਸ਼੍ਰੇਣੀ ਵਿੱਚ ਆਉਣ ਵਾਲੀਆਂ ਗੋਲੀਆਂ, ਕੈਪਸੂਲ ਅਤੇ ਟੀਕਿਆਂ ਦੀ ਵਿਕਰੀ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਗੁਰਲਾਲ ਸਿੰਘ ਨੇ ਸਮੂਹ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਤੋਂ ਗੁਰੇਜ਼ ਕਰਨ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੁਲਿਸ ਤੇ ਸਰਕਾਰ ਦਾ ਸਹਿਯੋਗ ਦੇਣ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਕਿਸੇ ਵੀ ਮੈਡੀਕਲ ਸਟੋਰ ਤੋਂ ਨਸ਼ੀਲੀਆਂ ਗੋਲੀਆਂ ਜਾਂ ਕੈਪਸੂਲ ਬਰਾਮਦ ਨਹੀਂ ਹੋਏ। ਉਨ੍ਹਾਂ ਮੈਡੀਕਲ ਸਟੋਰ ਸੰਚਾਲਕਾਂ ਦੇ ਕੰਮ ’ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਏਐੱਸਆਈ ਹਰਜੋਤ ਸਿੰਘ ਅਤੇ ਬੇਅੰਤ ਸਿੰਘ ਸੰਧੂ ਸਮੇਤ ਪੁਲਿਸ ਮੁਲਾਜ਼ਮ ਮੌਜੂਦ ਸਨ।