- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਵਿਚ ਸੂਬਾ ਕਮੇਟੀ ਮੈਂਬਰ ਜਗਤਾਰ ਸਿੰਘ ਕਾਲਾਝਾੜ, ਸੂਬਾ ਮੀਤ ਪ੍ਰਧਾਨ ਜਨਕਰਾਜ ਭਟਾਲ ਅਤੇ ਸੰਗਰੂਰ ਸਰਕਲ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਕਈ ਅਹਿਮ ਮਸਲਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਫ਼ੈਸਲਾ ਲਿਆ ਗਿਆ ਕਿ 23 ਮਾਰਚ ਨੂੰ ਇਨਕਲਾਬੀ ਸ਼ਹੀਦਾਂ ਨੂੰ ਸਮਰਪਿਤ ਸਾਮਰਾਜ ਵਿਰੋਧੀ ਕਾਨਫਰੰਸ ’ਚ ਮੋਗਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਕਿਸਾਨ, ਨੌਜਵਾਨ ਅਤੇ ਔਰਤਾਂ ਸ਼ਿਰਕਤ ਕਰਨਗੇ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਅੱਜ ਦੁਨੀਆਂ ਭਰ ਵਿਚ ਵੱਡੀਆਂ ਸਾਮਰਾਜੀ ਤਾਕਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਜੰਗਾਂ ਨੂੰ ਭੜਕਾਇਆ ਜਾ ਰਿਹਾ ਹੈ, ਜਿਸ ਕਾਰਨ ਸੰਸਾਰ ਨੂੰ ਅਸਥਿਰਤਾ ਅਤੇ ਉਥਲ ਪੁਥਲ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੀ ਟਰੰਪ ਸਰਕਾਰ ਵੱਲੋਂ ਕਈ ਦੇਸ਼ਾਂ ਦੀਆਂ ਸਰਕਾਰਾਂ ’ਤੇ ਫੌਜੀ ਅਤੇ ਆਰਥਿਕ ਦਬਾਅ ਬਣਾਕੇ ਆਪਣੀਆਂ ਮਨਪਸੰਦ ਸਰਕਾਰਾਂ ਬਣਾਉਣ ਦੀਆਂ ਕੋਸ਼ਿਸ਼ਾਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਵੱਖ-ਵੱਖ ਦੇਸ਼ਾਂ ਨਾਲ ਧੱਕੇ ਨਾਲ ਟੈਰਿਫ਼ ਸਮਝੌਤੇ ਕਰਵਾਏ ਜਾ ਰਹੇ ਹਨ। ਇਸ ਮੌਕੇ ਆਗੂਆਂ ਨੇ ਦੋਸ਼ ਲਗਾਇਆ ਕਿ ਭਾਰਤ ਦੀ ਮੋਦੀ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੀ ਗਈ ਟੈਰਿਫ ਡੀਲ ਦੇ ਗੰਭੀਰ ਨਤੀਜੇ ਸਾਹਮਣੇ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਦੇ ਤਹਿਤ ਭਾਰਤ ਦਾ ਬਾਜ਼ਾਰ ਅਮਰੀਕੀ ਖੇਤੀਬਾੜੀ ਉਤਪਾਦਾਂ ਅਤੇ ਪ੍ਰੋਸੈਸਡ ਭੋਜਨ ਵਸਤੂਆਂ ਲਈ ਖੋਲ੍ਹਿਆ ਜਾ ਰਿਹਾ ਹੈ, ਜਿਸ ਨਾਲ ਭਾਰਤੀ ਕਿਸਾਨਾਂ ‘ਤੇ ਨਕਾਰਾਤਮਕ ਪ੍ਰਭਾਵ ਪੈਣਾ ਲਾਜ਼ਮੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਤਰ੍ਹਾਂ ਦੇ ਫ਼ੈਸਲੇ ਭਾਰਤੀ ਖੇਤੀ ਪ੍ਰਣਾਲੀ ਨੂੰ ਨੁਕਸਾਨ ਪਹੁੰਚਾ ਸਕਦੇ ਹਨ ਅਤੇ ਦੇਸ਼ ਦੇ ਕਿਸਾਨਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਆਗੂਆਂ ਨੇ ਇਹ ਵੀ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਏ ਜਾ ਰਹੇ ਕਈ ਫੈਸਲੇ ਕਿਸਾਨ, ਮਜ਼ਦੂਰ ਅਤੇ ਆਮ ਲੋਕ ਵਿਰੋਧੀ ਹਨ, ਜਿਨ੍ਹਾਂ ਰਾਹੀਂ ਦੇਸ਼ ਦੀ ਆਰਥਿਕ ਅਤੇ ਰਾਜਨੀਤਿਕ ਖੁਦਮੁਖਤਿਆਰੀ ’ਤੇ ਵੀ ਅਸਰ ਪੈ ਸਕਦਾ ਹੈ। ਇਸ ਪ੍ਰਸੰਗ ਵਿਚ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 23 ਮਾਰਚ ਨੂੰ ਇਨਕਲਾਬੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ 95ਵੇਂ ਸ਼ਹੀਦੀ ਦਿਹਾੜੇ ਨੂੰ ਬਰਨਾਲਾ ਵਿਖੇ ਸਾਮਰਾਜ ਵਿਰੋਧੀ ਕਾਨਫਰੰਸ ਦੇ ਰੂਪ ਵਿਚ ਮਨਾਇਆ ਜਾਵੇਗਾ, ਜਿਸ ਵਿਚ ਮੋਗਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਮੀਟਿੰਗ ਦੌਰਾਨ ਹੋਰ ਆਗੂਆਂ ਵਿਚ ਗੁਰਮੀਤ ਸਿੰਘ, ਬਲੋਰ ਸਿੰਘ, ਕੁਲਦੀਪ ਕੌਰ, ਗੁਰਦੇਵ ਸਿੰਘ, ਗੁਰਚਰਨ ਸਿੰਘ, ਜਸਵਿੰਦਰ ਸਿੰਘ, ਬੂਟਾ ਸਿੰਘ, ਹਰਮੇਲ ਸਿੰਘ ਘਾਲੀ ਅਤੇ ਕੇਵਲ ਕ੍ਰਿਸ਼ਨ ਸਮੇਤ ਕਈ ਸਾਥੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਦੇ ਅਖੀਰ ਵਿਚ ਫੈਸਲਾ ਲਿਆ ਗਿਆ ਕਿ ਜ਼ਿਲ੍ਹੇ ਦੇ ਹਰ ਪਿੰਡ ਅਤੇ ਖੇਤਰ ਵਿਚ ਜਾਗਰੂਕਤਾ ਮੁਹਿੰਮ ਚਲਾ ਕੇ ਕਿਸਾਨਾਂ, ਨੌਜਵਾਨਾਂ ਅਤੇ ਮਹਿਲਾਵਾਂ ਨੂੰ 23 ਮਾਰਚ ਨੂੰ ਬਰਨਾਲਾ ਵਿਖੇ ਹੋਣ ਵਾਲੀ ਸਾਮਰਾਜ ਵਿਰੋਧੀ ਕਾਨਫਰੰਸ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾਵੇਗਾ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਕਿਸਾਨ, ਨੌਜਵਾਨ ਅਤੇ ਔਰਤਾਂ ਨੇ ਭਾਗ ਲਿਆ।