- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਦੇ ਵਿਦਿਆਰਥੀ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਏਐੱਸਏਪੀ ਵੱਲੋਂ ਸਰਕਾਰੀ ਆਈਟੀਆਈ ਮੋਗਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਿਦਿਆਰਥੀ ਜਥੇਬੰਦੀ ਦੇ ਪ੍ਰਧਾਨਗੀ ਦੇ ਅਹੁਦੇ ਲਈ ਉਮੀਦਵਾਰ ਹਿਮਾਂਥਨ ਸ਼ਰਮਾ ਅਤੇ ਸੀਨੀਅਰ ਪ੍ਰਧਾਨ ਅਰਮਾਨ ਸਿੱਧੂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾ ਕੇ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨੌਜਵਾਨ ਸਾਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਸੁਣੇ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿਚ ਅਗਵਾਈ ਦੀ ਸਮਰੱਥਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਹਿਮਾਂਥਨ ਸ਼ਰਮਾ ਅਤੇ ਅਰਮਾਨ ਸਿੱਧੂ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਵਿਦਿਆਰਥੀਆਂ ਦੀ ਆਵਾਜ਼ ਬਣਨਗੇ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਸਬੰਧਤ ਮੰਚ ਤੱਕ ਪਹੁੰਚਾਉਣ ਵਿਚ ਆਪਣੀ ਭੂਮਿਕਾ ਨਿਭਾਉਣਗੇ। ਅੰਤ ਵਿਚ ਉਨ੍ਹਾਂ ਨੇ ਸਮੂਹ ਨੌਜਵਾਨ ਸਾਥੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।