ਵਿਧਾਇਕ ਡਾ. ਅਰੋੜਾ ਨੇ ਨਵੇਂ ਬਣੇ ਕਲਾਕ ਟਾਵਰ ਦਾ ਕੀਤਾ ਉਦਘਾਟਨ ਸ਼ਹਿਰ ਦੀ ਸੁੰਦਰਤਾ ਨੂੰ ਹੋਰ ਵਧਾਉਣ ਅਤੇ
Publish Date: Tue, 24 Nov 2026 03:37 PM (IST)
Updated Date: Tue, 24 Nov 2026 03:40 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਸਟਾਫ਼ ਰਿਪੋਰਟਰ 0 ਪੰਜਾਬੀ ਜਾਗਰਣ ਮੋਗਾ : ਸ਼ਹਿਰ ਦੀ ਸੁੰਦਰਤਾ ਨੂੰ ਹੋਰ ਵਧਾਉਣ ਅਤੇ ਮੋਗਾ ਨੂੰ ਨਵੀਂ ਪਹਿਚਾਣ ਦੇਣ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਨਵੇਂ ਬਣੇ ਮੋਗਾ ਕਲਾਕ ਟਾਵਰ ਦਾ ਮੰਗਲਵਾਰ ਨੂੰ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਿਧੀਵਤ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲਾਕ ਟਾਵਰ ਸ਼ਹਿਰ ਵਾਸੀਆਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਇਹ ਸਿਰਫ਼ ਸਮਾਂ ਦੱਸਣ ਵਾਲਾ ਟਾਵਰ ਨਹੀਂ, ਸਗੋਂ ਮੋਗਾ ਸ਼ਹਿਰ ਦੀ ਸੁੰਦਰਤਾ, ਵਿਕਾਸ ਅਤੇ ਨਵੀਂ ਪਹਿਚਾਣ ਦਾ ਪ੍ਰਤੀਕ ਬਣੇਗਾ। ਕਲਾਕ ਟਾਵਰ ਦੇ ਨਿਰਮਾਣ ਨਾਲ ਸ਼ਹਿਰ ਦੀ ਖੂਬਸੂਰਤੀ ਵਿਚ ਚਾਰ ਚੰਨ ਲੱਗਣਗੇ ਅਤੇ ਆਉਣ ਵਾਲੇ ਸਮੇਂ ਵਿਚ ਇਹ ਸ਼ਹਿਰ ਦੇ ਪ੍ਰਮੁੱਖ ਆਕਰਸ਼ਣਾਂ ਵਿਚ ਸ਼ਾਮਲ ਹੋਵੇਗਾ। ਇਸ ਮੌਕੇ ਨਗਰ ਨਿਗਮ ਦੀ ਮੇਅਰ ਵਿਨੈਪਾਲ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਕਾਲਾ ਬਜਾਜ, ਡਿਪਟੀ ਮੇਅਰ ਗੌਰਵ ਗਰਗ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ, ਕੌਂਸਲਰ ਦਵਿੰਦਰ ਤਿਵਾੜੀ, ਕੌਂਸਲਰ ਸੰਜੇ ਸ਼ਰਮਾ, ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਚੇਅਰਮੈਨ ਸੰਜੀਵ ਨਰੂਲਾ, ਪ੍ਰਿੰਸੀਪਲ ਅਰੋੜਾ, ਸੰਜੀਵ ਅਰੋੜਾ, ਕੌਂਸਲਰ ਵਿਕਰਮਜੀਤ ਸਿੰਘ ਸਮੇਤ ਨਗਰ ਨਿਗਮ ਦੇ ਹੋਰ ਕੌਂਸਲਰ, ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਵਰਕਰ ਅਤੇ ਵਲੰਟੀਅਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਸ਼ਹਿਰ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਆਧੁਨਿਕ ਬਣਾਉਣ ਦਾ ਸੁਪਨਾ ਸਿਰਫ਼ ਕਿਸੇ ਇਕ ਵਿਅਕਤੀ ਜਾਂ ਸੰਸਥਾ ਦਾ ਨਹੀਂ, ਸਗੋਂ ਪੂਰੇ ਸ਼ਹਿਰ ਵਾਸੀਆਂ ਦਾ ਸਾਂਝਾ ਸੁਪਨਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਨਗਰ ਨਿਗਮ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ। ਸ਼ਹਿਰ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸੁੰਦਰੀਕਰਨ ਦੇ ਕਾਰਜਾਂ ਨੂੰ ਵੀ ਪਹਿਲ ਦਿੱਤੀ ਜਾ ਰਹੀ ਹੈ। ਵਿਧਾਇਕ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਦਾ ਇਹ ਸਫ਼ਰ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ, ਜਨਤਕ ਜਾਇਦਾਦ ਦੀ ਸੰਭਾਲ ਕਰਨ ਅਤੇ ਵਿਕਾਸ ਕਾਰਜਾਂ ਵਿਚ ਸਹਿਯੋਗ ਦੇਣ ਲਈ ਅੱਗੇ ਆਉਣ।