ਵਿਧਾਇਕ ਨੇ ਤੀਰਥ ਯਾਤਰਾ ਸਭਾ ਦੌਰਾਨ ਯਾਤਰੀਆਂ ਨਾਲ ਕੀਤੀ ਮੁਲਾਕਾਤ ਪੰਜਾਬ ਸਰਕਾਰ ਵੱਲੋਂ ਧਾਰਮਿਕ
Publish Date: Fri, 20 Nov 2026 04:09 PM (IST)
Updated Date: Fri, 20 Nov 2026 04:10 PM (IST)
ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਮੋਗਾ: ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਲੰਡੇਕੇ ਵਿਖੇ ਤੀਰਥ ਯਾਤਰਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸਮੂਹ ਤੀਰਥ ਯਾਤਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਯਾਤਰਾ ਸਬੰਧੀ ਵੱਖ-ਵੱਖ ਵਿਸ਼ਿਆਂ ਤੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਯਾਤਰੀਆਂ ਨਾਲ ਗੱਲਬਾਤ ਕਰਦਿਆਂ ਯਾਤਰਾ ਦੀਆਂ ਤਿਆਰੀਆਂ ਅਤੇ ਉਨ੍ਹਾਂ ਦੇ ਤਜਰਬਿਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉਦੇਸ਼ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੇ ਚਿਹਰਿਆਂ ’ਤੇ ਖੁਸ਼ੀ ਦੇਖਣਾ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਨਾ ਸਰਕਾਰ ਲਈ ਮਾਣ ਵਾਲੀ ਗੱਲ ਹੈ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਤੀਰਥ ਯਾਤਰਾ ਸਿਰਫ਼ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੱਕ ਹੀ ਸੀਮਤ ਨਹੀਂ, ਸਗੋਂ ਇਹ ਬਜ਼ੁਰਗਾਂ ਨੂੰ ਆਪਣੀਆਂ ਧਾਰਮਿਕ ਪਰੰਪਰਾਵਾਂ ਅਤੇ ਆਸਥਾ ਨਾਲ ਜੁੜਨ ਦਾ ਸੁਨਹਿਰੀ ਮੌਕਾ ਵੀ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਸਮੂਹ ਯਾਤਰੀਆਂ ਦੇ ਸੁਖਦ, ਸੁਰੱਖਿਅਤ ਅਤੇ ਮੰਗਲਮਈ ਸਫ਼ਰ ਦੀ ਕਾਮਨਾ ਕੀਤੀ।