ਇੰਟਰਲਾਕਿੰਗ ਟਾਈਲਾਂ ਲਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ
ਅੱਜ ਵਿਧਾਇਕ ਡਾ. ਅਮਨਦੀਪ ਕੌਰ
Publish Date: Mon, 23 Feb 2026 04:17 PM (IST)
Updated Date: Tue, 24 Feb 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਅੱਜ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ 6 ਅਧੀਨ ਆਉਂਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ 10 ਕੱਚੀਆਂ ਗਲੀਆਂ ਵਿਚ 49 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ । ਇਸ ਮੌਕੇ ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਕੌਂਸਲਰ ਅਰਵਿੰਦਰ ਸਿੰਘ ਹੈਪੀ ਕਾਨਪੁਰੀਆ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਪਿਆਰਾ ਸਿੰਘ ਬੱਧਨੀ, ਕੌਂਸਲਰ ਜਗਦੀਪ ਸਿੰਘ ਦਮਨ, ਵਾਰਡ ਨਿਵਾਸੀਆਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਸਮੇਤ ਮੌਜੂਦ ਸਨ। ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਵਾਰਡ ਨੰਬਰ 6 ਦੀਆਂ ਗਲੀਆਂ ਲੰਬੇ ਸਮੇਂ ਤੋਂ ਕੱਚੀਆਂ ਪਈਆਂ ਸਨ, ਜਿਸ ਕਾਰਨ ਆਉਣ ਜਾਣ ’ਚ ਕਾਫ਼ੀ ਮੁਸ਼ਕਿਲਾਂ ਆ ਰਹੀਆਂ ਸਨ। ਵਾਰਡ ਕੌਂਸਲਰ ਨੇ ਇਹ ਮੁੱਦਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ। ਇਸ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ 49 ਲੱਖ ਦੀ ਲਾਗਤ ਨਾਲ 10 ਕੱਚੀਆਂ ਗਲੀਆਂ ’ਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇੰਟਰਲਾਕਿੰਗ ਟਾਈਲਾਂ ਲਗਾਉਣ ਨਾਲ ਇਲਾਕੇ ਦੀ ਹਾਲਤ ਵਿਚ ਸੁਧਾਰ ਹੋਵੇਗਾ ਅਤੇ ਵਸਨੀਕਾਂ ਨੂੰ ਸੁਵਿਧਾਜਨਕ ਪਹੁੰਚ ਮਿਲੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਹਰ ਵਾਰਡ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਹੈ ਅਤੇ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਮੋਗਾ ਸ਼ਹਿਰ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਕਿਸੇ ਵੀ ਵਾਰਡ ਨਿਵਾਸੀ ਨੂੰ ਕੋਈ ਵੀ ਸਮੱਸਿਆ ਆ ਰਹੀ ਹੈ, ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਕੌਂਸਲਰ ਅਰਵਿੰਦਰ ਸਿੰਘ ਕਾਨਪੁਰੀਆ ਅਤੇ ਵਾਰਡ ਨਿਵਾਸੀਆਂ ਨੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਦਾ ਵਾਰਡ ਦੇ ਵਿਕਾਸ ਕਾਰਜ ਸ਼ੁਰੂ ਕਰਨ ਲਈ ਮਠਿਆਈਆਂ ਭੇਟ ਕਰਕੇ ਧੰਨਵਾਦ ਕੀਤਾ।