- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਨਾਜ ਮੰਡੀ ਦੇ ਬੁਨਿਆਦੀ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਅਨਾਜ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਖੇਤੀਬਾੜੀ ਵਪਾਰ ਨੂੰ ਸੁਖਾਲਾ ਬਣਾਉਣ ਦੀ ਦਿਸ਼ਾ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਅਹਿਮ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਨੇ ਦਾਣਾ ਮੰਡੀ ਵਿਚ 1 ਕਰੋੜ 17 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਮੰਡੀ ਭਵਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਪੰਜਾਬ ਮੰਡੀ ਬੋਰਡ ਦੇ ਅਧਿਕਾਰੀ ਹਾਜ਼ਰ ਸਨ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਦੀ ਦਾਣਾ ਮੰਡੀ ਖੇਤਰ ਦੀ ਖੇਤੀਬਾੜੀ ਆਰਥਿਕਤਾ ਦਾ ਅਹਿਮ ਕੇਂਦਰ ਹੈ। ਲੰਮੇ ਸਮੇਂ ਤੋਂ ਇੱਥੇ ਆਉਣ ਵਾਲੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਰਸਮੀ ਮੀਟਿੰਗਾਂ, ਪ੍ਰਸ਼ਾਸਨਿਕ ਕੰਮਾਂ ਅਤੇ ਵਪਾਰਕ ਗਤੀਵਿਧੀਆਂ ਲਈ ਇੱਕ ਸੁਚੱਜੇ ਅਤੇ ਸਹੂਲਤਾਂ ਨਾਲ ਲੈਸ ਭਵਨ ਦੀ ਲੋੜ ਮਹਿਸੂਸ ਹੋ ਰਹੀ ਸੀ। ਇਸ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਆਧੁਨਿਕ ਭਵਨ ਦੀ ਉਸਾਰੀ ਲਈ 1.17 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਵਿਧਾਇਕ ਡਾ. ਅਰੋੜਾ ਨੇ ਨਵੇਂ ਭਵਨ ਦੀ ਰੂਪ-ਰੇਖਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੀਟਿੰਗਾਂ ਅਤੇ ਆਪਸੀ ਵਿਚਾਰ-ਵਟਾਂਦਰੇ ਲਈ ਇੱਕ ਵੱਡਾ ਹਾਲ ਬਣਾਇਆ ਜਾਵੇਗਾ। ਮੰਡੀ ਨਾਲ ਸਬੰਧਤ ਪ੍ਰਸ਼ਾਸਨਿਕ ਕੰਮਾਂ ਅਤੇ ਸਮਾਜਿਕ ਸਮਾਗਮਾਂ ਲਈ ਵੀ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਵਪਾਰੀਆਂ ਨੂੰ ਪਾਰਦਰਸ਼ੀ, ਸੁਰੱਖਿਅਤ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸੂਬੇ ਭਰ ਦੀਆਂ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਤਕਨੀਕਾਂ ਅਤੇ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ, ਤਾਂ ਜੋ ਫ਼ਸਲਾਂ ਦੀ ਖ਼ਰੀਦ ਦੇ ਸੀਜ਼ਨ ਦੌਰਾਨ ਕਿਸੇ ਵੀ ਵਰਗ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਵੇਂ ਮੰਡੀ ਭਵਨ ਦੀ ਉਸਾਰੀ ਨਾਲ ਮੰਡੀ ਦਾ ਕੰਮਕਾਜ ਪਹਿਲਾਂ ਨਾਲੋਂ ਵਧੇਰੇ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਚੱਲੇਗਾ। ਉਨ੍ਹਾਂ ਇਸ ਪ੍ਰਾਜੈਕਟ ਨੂੰ ਜ਼ਿਲ੍ਹੇ ਦੇ ਵਪਾਰ ਅਤੇ ਕਿਸਾਨਾਂ ਦੀ ਭਲਾਈ ਲਈ ਇੱਕ ਅਹਿਮ ਕਦਮ ਕਰਾਰ ਦਿੱਤਾ।