ਵਿਧਾਇਕ ਲਾਡੀ ਢੋਸ ਨੇ ਵਿਧਾਨ ਸਭਾ ’ਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾਇਆ ਵਿਧਾਨ ਸਭਾ ਹਲਕਾ ਧਰਮਕੋਟ
Publish Date: Tue, 27 Oct 2026 04:36 PM (IST)
Updated Date: Wed, 28 Oct 2026 04:01 AM (IST)
ਮਿਡ ਡੇ ਮੀਲ ਵਰਕਰਾਂ ਦੀ ਦਿਹਾੜੀ ਵਿਚ ਵਾਧਾ ਕਰਨ ਤੇ ਨੰਬਰਦਾਰਾਂ ਦੇ ਭੱਤਿਆਂ ਸਬੰਧੀ ਮਸਲੇ ਹੱਲ ਕਰਨ ਦੀ ਵੀ ਕੀਤੀ ਅਪੀਲ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਵਿਧਾਨ ਸਭਾ ਹਲਕਾ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾਉਂਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਕੋਲ ਸਿਫ਼ਾਰਸ਼ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀ ਰਿਹਾਈ ਦਾ ਰਾਹ ਪੱਧਰਾ ਹੋ ਸਕੇ। ਵਿਧਾਇਕ ਲਾਡੀ ਢੋਸ ਨੇ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਗੰਭੀਰਤਾ ਨਾਲ ਵਿਚਾਰਨ ਦੀ ਲੋੜ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਬਣਦੀ ਪਹਿਲਕਦਮੀ ਕਰਨ ਦੀ ਅਪੀਲ ਕੀਤੀ ਤਾਂ ਜੋ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਸਬੰਧੀ ਲੋੜੀਂਦੀ ਕਾਰਵਾਈ ਅੱਗੇ ਵਧ ਸਕੇ। ਇਸ ਦੇ ਨਾਲ ਹੀ ਵਿਧਾਇਕ ਨੇ ਸਕੂਲਾਂ ਵਿਚ ਮਿਡ ਡੇ ਮੀਲ ਸਕੀਮ ਤਹਿਤ ਕੰਮ ਕਰ ਰਹੀਆਂ ਬੀਬੀਆਂ ਦੀ ਦਿਹਾੜੀ ਵਿਚ ਵਾਧਾ ਕਰਨ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਇਹ ਬੀਬੀਆਂ ਬੱਚਿਆਂ ਲਈ ਖਾਣਾ ਤਿਆਰ ਕਰਨ ਅਤੇ ਸਕੂਲਾਂ ਵਿਚ ਮਿਡ ਡੇ ਮੀਲ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਲਈ ਉਨ੍ਹਾਂ ਦੀ ਮਿਹਨਤ ਨੂੰ ਧਿਆਨ ਵਿਚ ਰੱਖਦਿਆਂ ਦਿਹਾੜੀ ਵਿਚ ਵਾਧਾ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਕੁਝ ਰਾਹਤ ਮਿਲ ਸਕੇ। ਵਿਧਾਇਕ ਲਾਡੀ ਢੋਸ ਨੇ ਨੰਬਰਦਾਰਾਂ ਦੇ ਭੱਤਿਆਂ ਨਾਲ ਸਬੰਧਤ ਮਸਲਿਆਂ ਵੱਲ ਵੀ ਸਰਕਾਰ ਦਾ ਧਿਆਨ ਦਵਾਇਆ ਅਤੇ ਇੰਨ੍ਹਾਂ ਨੂੰ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੁੜੇ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਵਿਭਾਗਾਂ ਵੱਲੋਂ ਢੁਕਵੇਂ ਕਦਮ ਚੁੱਕੇ ਜਾਣੇ ਚਾਹੀਦੇ ਹਨ। ਵਿਧਾਨ ਸਭਾ ਸੈਸ਼ਨ ਦੌਰਾਨ ਉਠਾਏ ਗਏ ਇੰਨ੍ਹਾਂ ਮੁੱਦਿਆਂ ਰਾਹੀਂ ਵਿਧਾਇਕ ਨੇ ਬੰਦੀ ਸਿੰਘਾਂ ਦੀ ਰਿਹਾਈ, ਮਿਡ ਡੇ ਮੀਲ ਵਰਕਰਾਂ ਦੀ ਦਿਹਾੜੀ ਵਿਚ ਵਾਧੇ ਅਤੇ ਨੰਬਰਦਾਰਾਂ ਦੇ ਭੱਤਿਆਂ ਸਬੰਧੀ ਮਸਲਿਆਂ ਨੂੰ ਸਰਕਾਰ ਦੇ ਧਿਆਨ ਵਿਚ ਲਿਆਉਂਦਿਆਂ ਇਨ੍ਹਾਂ ਦੇ ਹੱਲ ਦੀ ਮੰਗ ਕੀਤੀ। ਨਗਰ ਪੰਚਾਇਤ ਫ਼ਤਹਿਗੜ੍ਹ ਪੰਜਤੂਰ ਦੇ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਕੰਬੋਜ ਅਤੇ ਮਾਰਕੀਟ ਕਮੇਟੀ ਕੋਟ ਈਸੇ ਖਾਂ ਦੇ ਚੇਅਰਮੈਨ ਅਮਨ ਪੰਡੋਰੀ ਨੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਵਿਧਾਨ ਸਭਾ ਵਿਚ ਉਠਾਏ ਲੋਕ ਮੁੱਦਿਆਂ ਦੀ ਸ਼ਲਾਘਾ ਕੀਤੀ ਹੈ।