ਵਿਧਾਇਕ ਨੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਿਆ ਜਾਇਜ਼ਾ
ਪੰਜਾਬ ਸਰਕਾਰ ਵੱਲੋਂ ਸੂਬੇ ਵਿਚ
Publish Date: Sun, 01 Feb 2026 04:52 PM (IST)
Updated Date: Mon, 02 Feb 2026 04:05 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਸੀਐੱਚਸੀ ਧਰਮਕੋਟ ਅਤੇ ਕੋਟ ਈਸੇ ਖਾਂ ਵਿਚ ਲਾਭਪਾਤਰੀਆਂ ਦੀ ਚੱਲ ਰਹੀ ਰਜਿਸਟ੍ਰੇਸ਼ਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡੀਸੀ ਮੋਗਾ ਸਾਗਰ ਸੇਤੀਆ, ਐੱਸਡੀਐੱਮ ਹਿਤੇਸ਼ ਵੀਰ ਗੁਪਤਾ ਵਿਸ਼ੇਸ ਤੌਰ ’ਤੇ ਹਾਜ਼ਰ ਸਨ। ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿਚ ਫੈਸਲਾਕੁੰਨ ਬਦਲਾਅ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਹਰੇਕ ਸੂਬਾ ਵਾਸੀ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜ਼ਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਡਾਕਟਰਾਂ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਿਆ ਸੀ। ਕਈ ਵਾਰ ਕੋਈ ਬਿਮਾਰੀ ਇੰਨੀ ਗੰਭੀਰ ਹੋ ਜਾਂਦੀ ਹੈ ਕਿ ਕਿਸੇ ਨੂੰ ਪ੍ਰਾਈਵੇਟ ਹਸਪਤਾਲ ਜਾਣਾ ਪੈਂਦਾ ਹੈ। ਬਹੁਤ ਸਾਰੇ ਲੋਕ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਚੋਣ ਕਰਦੇ ਹਨ। ਇਸ ਲਈ ਅਜਿਹੀ ਯੋਜਨਾ ਲਾਗੂ ਕੀਤੀ ਗਈ ਹੈ ਜਿਸ ਦੇ ਤਹਿਤ ਪੰਜਾਬ ਦੇ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ ਜਿੱਥੇ ਸਭ ਤੋਂ ਅਮੀਰ ਲੋਕ ਵੀ ਇਲਾਜ ਲਈ ਜਾਂਦੇ ਹਨ। ਹੁਣ ਸਭ ਤੋਂ ਗਰੀਬ ਕਿਸਾਨ, ਮਜ਼ਦੂਰ ਅਤੇ ਰਿਕਸ਼ਾ ਚਾਲਕ ਲਈ ਵੀ ਇਲਾਜ ਲਈ ਜਾ ਸਕਣਗੇ। ਉਨ੍ਹਾਂ ਨੂੰ ਪੈਸੇ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਡੀਸੀ ਸਾਗਰ ਸੇਤੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰੇਕ ਯੋਗ ਵਿਅਕਤੀ ਨੂੰ ਇਸ ਸਕੀਮ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਖਰਚਿਆਂ ਦੇ ਨਾਲਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਿਲ ਕੀਤਾ ਗਿਆ ਹੈ ਅਤੇ ਕਿਹਾ ਕਿ ਕੋਈ ਵੀ ਨਾਗਰਿਕ ਹੁਣ ਪੰਜਾਬ ਜਾਂ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿਚ ਮੁਫ਼ਤ ਇਲਾਜ ਕਰਵਾ ਸਕਦਾ ਹੈ।