- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਵੱਡੇ ਪਿੰਡ ਦੌਧਰ ਸ਼ਰਕੀ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਵਿਚ ਖੇਡ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਨਵੇਂ ਖੇਡ ਗਰਾਊਂਡ ਦਾ ਉਦਘਾਟਨ ਵਿਧਾਇਕ ਮਨਜੀਤ ਬਿਲਾਸਪੁਰ ਅਤੇ ਜ਼ਿਲ੍ਹਾ ਪ੍ਰਧਾਨ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਬਰਿੰਦਰ ਕੁਮਾਰ ਮਧੇਕੇ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਵਿਧਾਇਕ ਮਨਜੀਤ ਬਿਲਾਸਪੁਰ ਨੇ ਕਿਹਾ ਕਿ ਨੌਜਵਾਨਾਂ ਦੀ ਤੰਦਰੁਸਤੀ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਲਈ ਵਧੀਆ ਮਾਹੌਲ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡ ਗਰਾਊਂਡ ਬਣਨ ਨਾਲ ਪਿੰਡ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਵੱਖ-ਵੱਖ ਖੇਡਾਂ ਦੀ ਤਿਆਰੀ ਕਰਨ ਲਈ ਵਧੀਆ ਸਹੂਲਤ ਮਿਲੇਗੀ। ਇਸ ਨਾਲ ਪਿੰਡ ਵਿਚ ਖੇਡ ਸੱਭਿਆਚਾਰ ਨੂੰ ਹੋਰ ਉਤਸ਼ਾਹ ਮਿਲੇਗਾ ਅਤੇ ਨੌਜਵਾਨ ਆਪਣੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਗਾ ਸਕਣਗੇ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਮਨਜੀਤ ਬਿਲਾਸਪੁਰ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਖੇਡ ਗਰਾਊਂਡ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਲਈ ਇਕ ਅਹਿਮ ਸਹੂਲਤ ਸਾਬਤ ਹੋਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਮਧੇਕੇ, ਸਰਪੰਚ ਸੁਖਦੀਪ ਸਿੰਘ ਸਿੱਧੂ, ਬੀਡੀਪੀਓ ਮਨਜੀਤ ਕੌਰ, ਸੈਕਟਰੀ ਸੁਖਵੀਰ ਸਿੰਘ ਡਾਲਾ, ਐਡਵੋਕੇਟ ਗੁਰਨੂਰ ਸਿੰਘ ਮਾਨ ਤੋਂ ਇਲਾਵਾ ਪਿੰਡ ਦੇ ਪਤਵੰਤੇ, ਪੰਚਾਇਤੀ ਨੁਮਾਇੰਦੇ, ਖੇਡ ਪ੍ਰੇਮੀ, ਨੌਜਵਾਨ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।