ਮੁੱਖ ਮੰਤਰੀ ਦੀ ਆਮਦ ਸਬੰਧੀ ਤਿਆਰੀ ਦਾ ਲਿਆ ਜਾਇਜ਼ਾ ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ
Publish Date: Sun, 22 Nov 2026 04:43 PM (IST)
Updated Date: Sun, 22 Nov 2026 04:46 PM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨਵੰਬਰ 2026 ਨੂੰ ਹੋਣ ਵਾਲੇ ਵਿਸ਼ਾਲ ਰਾਜ ਪੱਧਰੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਜੰਗੀ ਪੱਧਰ ਤੇ ਜਾਰੀ ਹਨ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਜਾਵੇਗੀ। ਸਮਾਗਮ ਦੀਆਂ ਤਿਆਰੀਆਂ ਦਾ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਵਿਧਾਇਕ ਜੈਤੋ ਅਮੋਲਕ ਸਿੰਘ ਤੇ ਹਲਕਾ ਇੰਚਾਰਜ ਰਾਜਾਸਾਂਸੀ ਸੋਨੀਆ ਮਾਨ ਵੱਲੋਂ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕਰਦਿਆਂ ਸਬੰਧਤ ਟੀਮਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮੋਗਾ ਬਰਿੰਦਰ ਕੁਮਾਰ ਮਧੇਕੇ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲਾ ਇਹ ਸਮਾਗਮ ਸੂਬੇ ਦੇ ਲੋਕਾਂ ਲਈ ਅਹਿਮ ਹੋਵੇਗਾ। ਸਮਾਰਟ ਰਾਸ਼ਨ ਕਾਰਡਾਂ ਦੀ ਸ਼ੁਰੂਆਤ ਨਾਲ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਰਾਸ਼ਨ ਦੀ ਸਹੂਲਤ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਵਿਸ਼ਾਲ ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਇੱਕ ਲੱਖ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਮੰਤਵ ਲਈ ਕਰੀਬ 116 ਏਕੜ ਜਗ੍ਹਾ ਵਿੱਚ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ। ਲੋਕਾਂ ਦੀ ਵੱਡੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਪਾਰਕਿੰਗ, ਆਵਾਜਾਈ, ਸੁਰੱਖਿਆ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਬੈਠਣ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਯੋਜਨਾਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵੱਡੇ ਸਮਾਗਮ ਦੀ ਸਫ਼ਲਤਾ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਅਤੇ ਸੁਚੱਜੇ ਪ੍ਰਬੰਧਾਂ ਤੇ ਨਿਰਭਰ ਕਰਦੀ ਹੈ। ਇਸ ਲਈ ਸਾਰੇ ਪ੍ਰਬੰਧ ਅਜਿਹੇ ਹੋਣੇ ਚਾਹੀਦੇ ਹਨ ਕਿ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਕਿਸੇ ਵੀ ਵਿਅਕਤੀ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਟ੍ਰੈਫਿਕ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਆਪਸੀ ਤਾਲਮੇਲ ਬਣਾਈ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਸਮਾਗਮ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਹੋਈ ਤਰੱਕੀ ਨੂੰ ਲੋਕਾਂ ਸਾਹਮਣੇ ਰੱਖਣ ਦਾ ਵੀ ਅਹਿਮ ਮੌਕਾ ਹੋਵੇਗਾ। ਸਿੱਖਿਆ ਦੇ ਖੇਤਰ ਵਿੱਚ ਸੁਧਾਰਾਂ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ ਦੇ ਵਿਸਥਾਰ, ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ, ਕਿਸਾਨਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਲੋਕ ਭਲਾਈ ਦੀਆਂ ਵੱਖ-ਵੱਖ ਪਹਿਲਕਦਮੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਸਮੂਹ ਪ੍ਰਬੰਧਕੀ ਟੀਮਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ 26 ਨਵੰਬਰ ਦਾ ਇਹ ਰਾਜ ਪੱਧਰੀ ਸਮਾਗਮ ਸੁਚਾਰੂ, ਸ਼ਾਨਦਾਰ ਅਤੇ ਯਾਦਗਾਰੀ ਢੰਗ ਨਾਲ ਨੇਪਰੇ ਚੜ੍ਹ ਸਕੇ।