ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਮੋਗਾ ’ਚ ਮੌਕ ਡ੍ਰਿਲ ਕਰਵਾਈ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ
Publish Date: Sat, 28 Nov 2026 03:29 PM (IST)
Updated Date: Sat, 28 Nov 2026 03:31 PM (IST)
ਬਚਾਅ, ਰਾਹਤ ਤੇ ਐਮਰਜੈਂਸੀ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਕੀਤਾ ਨਿਰੀਖਣ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡੀਸੀ ਮੋਗਾ ਸਾਗਰ ਸੇਤੀਆ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਕਿਸੇ ਵੀ ਸੰਭਾਵੀ ਐਮਰਜੈਂਸੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ, ਵੱਖ-ਵੱਖ ਵਿਭਾਗਾਂ ਵਿਚਕਾਰ ਆਪਸੀ ਤਾਲਮੇਲ ਅਤੇ ਤੁਰੰਤ ਕਾਰਵਾਈ ਦੀ ਸਮਰੱਥਾ ਨੂੰ ਪਰਖਣ ਦੇ ਮੰਤਵ ਨਾਲ ਅੱਜ ਐੱਚਜੀ ਈਟਨ ਸ਼ਾਪਿੰਗ ਕੰਪਲੈਕਸ ਲੁਧਿਆਣਾ ਰੋਡ ਮੋਗਾ ਵਿਖੇ ਏਅਰ ਸਟ੍ਰਾਈਕ ਹਵਾਈ ਹਮਲੇ ਅਤੇ ਬਲੈਕਆਊਟ ਸਬੰਧੀ ਮੌਕ ਡ੍ਰਿਲ ਕਰਵਾਈ ਗਈ, ਜੋ ਸਫ਼ਲਤਾਪੂਰਵਕ ਸੰਪੰਨ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡੀਸੀ ਮੋਗਾ ਜਸਪਿੰਦਰ ਸਿੰਘ ਨੇ ਦੱਸਿਆ ਕਿ ਮੌਕ ਡ੍ਰਿਲ ਦੌਰਾਨ ਸੰਭਾਵੀ ਹਵਾਈ ਹਮਲੇ ਅਤੇ ਬਲੈਕਆਊਟ ਵਰਗੀ ਐਮਰਜੈਂਸੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਦਾ ਅਮਲੀ ਅਭਿਆਸ ਕੀਤਾ ਗਿਆ। ਇਸ ਦੌਰਾਨ ਐਮਰਜੈਂਸੀ ਸੂਚਨਾ ਦੇਣ, ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ, ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਅਤੇ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ, ਬਚਾਅ ਕਾਰਜਾਂ ਅਤੇ ਰਾਹਤ ਪ੍ਰਬੰਧਾਂ ਸਮੇਤ ਵੱਖ-ਵੱਖ ਪਹਿਲੂਆਂ ਦੀ ਤਿਆਰੀ ਨੂੰ ਪਰਖਿਆ ਗਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਮੌਕ ਡ੍ਰਿੱਲਾਂ ਦਾ ਮੁੱਖ ਮੰਤਵ ਸਿਰਫ਼ ਸਰਕਾਰੀ ਵਿਭਾਗਾਂ ਦੀ ਤਿਆਰੀ ਪਰਖਣਾ ਹੀ ਨਹੀਂ, ਸਗੋਂ ਐਮਰਜੈਂਸੀ ਸਮੇਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਅਤੇ ਸੁਚੱਜੀ ਪ੍ਰਣਾਲੀ ਤਿਆਰ ਕਰਨਾ ਵੀ ਹੈ। ਕਿਸੇ ਵੀ ਸੰਕਟਕਾਲੀਨ ਸਥਿਤੀ ਵਿਚ ਹਰ ਵਿਭਾਗ ਦੀ ਭੂਮਿਕਾ ਸਪੱਸ਼ਟ ਹੋਣੀ, ਆਪਸੀ ਤਾਲਮੇਲ ਬਣਿਆ ਰਹਿਣਾ ਅਤੇ ਬਿਨ੍ਹਾਂ ਦੇਰੀ ਤੋਂ ਫੈਸਲੇ ਲੈਣਾ ਬੇਹੱਦ ਜ਼ਰੂਰੀ ਹੁੰਦਾ ਹੈ। ਲੋਕਾਂ ਨੂੰ ਜਾਗਰੂਕ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਕਿਸੇ ਵੀ ਐਮਰਜੈਂਸੀ ਜਾਂ ਬਲੈਕਆਊਟ ਦੀ ਸਥਿਤੀ ਦੌਰਾਨ ਘਬਰਾਹਟ ਵਿਚ ਆਉਣ ਦੀ ਬਜਾਏ ਸੰਜਮ ਅਤੇ ਸੂਝ-ਬੂਝ ਨਾਲ ਕੰਮ ਲਿਆ ਜਾਵੇ। ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ, ਬਿਨ੍ਹਾਂ ਲੋੜ ਘਰਾਂ ਤੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਸੁਰੱਖਿਅਤ ਥਾਵਾਂ ’ਤੇ ਰਹਿਣ ਨੂੰ ਤਰਜੀਹ ਦਿੱਤੀ ਜਾਵੇ। ਬਲੈਕਆਊਟ ਦੌਰਾਨ ਹਦਾਇਤਾਂ ਅਨੁਸਾਰ ਘਰਾਂ ਅਤੇ ਇਮਾਰਤਾਂ ਦੀਆਂ ਬਾਹਰ ਵੱਲ ਦਿਖਾਈ ਦੇਣ ਵਾਲੀਆਂ ਲਾਈਟਾਂ ਬੰਦ ਰੱਖੀਆਂ ਜਾਣ ਅਤੇ ਖਿੜਕੀਆਂ ਤੇ ਦਰਵਾਜ਼ਿਆਂ ਰਾਹੀਂ ਰੌਸ਼ਨੀ ਬਾਹਰ ਜਾਣ ਤੋਂ ਰੋਕਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਕਿਸੇ ਵੀ ਅਣਪੁਸ਼ਟ ਖ਼ਬਰ, ਤਸਵੀਰ ਜਾਂ ਵੀਡੀਓ ਨੂੰ ਸੋਸ਼ਲ ਮੀਡੀਆ ’ਤੇ ਸਾਂਝਾ ਨਾ ਕੀਤਾ ਜਾਵੇ ਅਤੇ ਨਾ ਹੀ ਅਫ਼ਵਾਹਾਂ ’ਤੇ ਵਿਸ਼ਵਾਸ ਕੀਤਾ ਜਾਵੇ। ਐਮਰਜੈਂਸੀ ਸਬੰਧੀ ਜਾਣਕਾਰੀ ਲਈ ਸਿਰਫ਼ ਸਰਕਾਰੀ ਅਤੇ ਭਰੋਸੇਯੋਗ ਸੂਚਨਾਵਾਂ ’ਤੇ ਹੀ ਭਰੋਸਾ ਕੀਤਾ ਜਾਵੇ। ਇਸ ਤੋਂ ਇਲਾਵਾ ਬੱਚਿਆਂ, ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਏਡੀਸੀ ਨੇ ਕਿਹਾ ਕਿ ਅਜਿਹੇ ਅਭਿਆਸਾਂ ਨਾਲ ਐਮਰਜੈਂਸੀ ਪ੍ਰਬੰਧਨ ਪ੍ਰਣਾਲੀ ਹੋਰ ਮਜ਼ਬੂਤ ਹੁੰਦੀ ਹੈ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਸਲ ਸੰਕਟ ਸਮੇਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਵਿਹਾਰਕ ਤਜਰਬਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਚੌਕਸ ਅਤੇ ਵਚਨਬੱਧ ਹੈ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਮੌਕ ਡ੍ਰਿਲ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਮੋਗਾ ਰਾਮ ਚੰਦਰ, ਪੁਲਿਸ ਵਿਭਾਗ, ਸਿਹਤ ਵਿਭਾਗ, ਵੱਖ-ਵੱਖ ਐਮਰਜੈਂਸੀ ਸੇਵਾਵਾਂ ਨਾਲ ਸਬੰਧਤ ਵਿਭਾਗਾਂ ਅਤੇ ਗੈਰ-ਸਰਕਾਰੀ ਸੰਸਥਾਵਾਂ ਐੱਨਜੀਓਜ਼ ਵੱਲੋਂ ਸਰਗਰਮ ਭੂਮਿਕਾ ਨਿਭਾਈ ਗਈ।