ਮੋਗਾ ਦੋਹਰੇ ਕਤਲ ਕਾਂਡ : ਇਨਸਾਫ਼ ਦੀ ਮੰਗ ਤੋਂ ਬਾਅਦ ਦੋਵਾਂ ਨੌਜਵਾਨਾਂ ਦਾ ਅੰਤਿਮ ਸੰਸਕਾਰ ਮੋਗਾ ਦੇ ਮੁਹੱਲਾ ਅੰਗਦਪੁਰਾ ਵਿਚ
Publish Date: Tue, 27 Oct 2026 07:27 PM (IST)
Updated Date: Wed, 28 Oct 2026 04:07 AM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਮੋਗਾ ਦੇ ਮੁਹੱਲਾ ਅੰਗਦਪੁਰਾ ਵਿਚ ਵਾਪਰੇ ਦੋਹਰੇ ਕਤਲ ਕਾਂਡ ਨੇ ਪੂਰੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦਰਦਨਾਕ ਘਟਨਾ ਵਿੱਚ ਦੋ ਨੌਜਵਾਨਾਂ ਦੀ ਮੌਤ ਤੋਂ ਬਾਅਦ ਪਰਿਵਾਰਾਂ ਵਿੱਚ ਸੋਗ ਦੇ ਨਾਲ-ਨਾਲ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਪਹਿਲਾਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਰਿਵਾਰਾਂ ਨਾਲ ਲਗਾਤਾਰ ਗੱਲਬਾਤ ਕੀਤੀ ਗਈ। ਪ੍ਰਸ਼ਾਸਨ ਵੱਲੋਂ ਭਰੋਸਾ ਦਿਵਾਉਣ ਤੋਂ ਬਾਅਦ ਮੰਗਲਵਾਰ ਸ਼ਾਮ ਨੂੰ ਦੋਵਾਂ ਮ੍ਰਿਤਕ ਨੌਜਵਾਨਾਂ ਸਾਹਿਲ ਜਿੰਦਲ ਅਤੇ ਗਗਨਦੀਪ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਸ ਗੰਭੀਰ ਘਟਨਾ ਸਬੰਧੀ ਮੁੱਖ ਮੰਤਰੀ ਨਾਲ ਫੋਨ ’ਤੇ ਗੱਲਬਾਤ ਕਰ ਕੇ ਉਨ੍ਹਾਂ ਨੂੰ ਪੂਰੇ ਘਟਨਾਕ੍ਰਮ ਤੋਂ ਜਾਣੂੰ ਕਰਵਾਇਆ। ਉਨ੍ਹਾਂ ਵੱਲੋਂ ਮਾਮਲੇ ਨੂੰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਣ ਤੋਂ ਬਾਅਦ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਾਰਵਾਈ ਤੇਜ਼ ਕੀਤੀ ਗਈ। ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪੁਲਿਸ ਦੇ ਡਾਇਰੈਕਟਰ ਜਨਰਲ ਵੀ ਮੋਗਾ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੁਖਦਾਈ ਘਟਨਾ ਤੋਂ ਬਾਅਦ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਦੋਵਾਂ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਇਨਸਾਫ਼ ਦੀ ਮੰਗ ਕੀਤੇ ਜਾਣ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ। ਮਿਲੀ ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਦੇ ਪਰਿਵਾਰ ਨੂੰ ਰਾਹਤ ਦੇਣ ਲਈ ਉਸ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਅਤੇ ਪੁੱਤਰ ਦੀ ਪੜ੍ਹਾਈ ਦਾ ਖ਼ਰਚਾ ਚੁੱਕਣ ਦਾ ਭਰੋਸਾ ਦਿੱਤਾ ਗਿਆ। ਪਰਿਵਾਰਾਂ ਦੀਆਂ ਮੰਗਾਂ ਅਤੇ ਪ੍ਰਸ਼ਾਸਨ ਵੱਲੋਂ ਦਿੱਤੇ ਭਰੋਸਿਆਂ ਤੋਂ ਬਾਅਦ ਮੰਗਲਵਾਰ ਸ਼ਾਮ ਨੂੰ ਦੋਵਾਂ ਨੌਜਵਾਨਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਪੀੜਤ ਪਰਿਵਾਰ ਦੇ ਘਰ ਨੇੜੇ ਸਖ਼ਤ ਸੁਰੱਖਿਆ ਪ੍ਰਬੰਧ ਦੋਹਰੇ ਕਤਲ ਕਾਂਡ ਤੋਂ ਬਾਅਦ ਪੀੜਤ ਪਰਿਵਾਰ ਦੇ ਘਰ ਦੇ ਆਲੇ-ਦੁਆਲੇ ਪੁਲਿਸ ਦੀ ਤਾਇਨਾਤੀ ਵਧਾ ਦਿੱਤੀ ਗਈ। ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਦੋ ਐਂਬੂਲੈਂਸਾਂ ਵੀ ਤਾਇਨਾਤ ਕੀਤੇ ਜਾਣ ਦੀ ਜਾਣਕਾਰੀ ਹੈ। ਇਸ ਘਟਨਾ ਨੇ ਮੋਗਾ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਸ਼ਹਿਰ ਵਾਸੀਆਂ ਦੀ ਮੰਗ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਦੋ ਨੌਜਵਾਨਾਂ ਦੀ ਮੌਤ ਨਾਲ ਦੋਵੇਂ ਪਰਿਵਾਰ ਡੂੰਘੇ ਸਦਮੇ ਵਿੱਚ ਹਨ ਤੇ ਪੂਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।